ਪੰਜਾਬ ਸਰਕਾਰ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ
ਲਈ ਲਗਾਤਾਰ ਯਤਨਸ਼ੀਲ : ਜਤਿੰਦਰ ਜੋਰਵਾਲ
ਮਾਲੇਰਕੋਟਲਾ 22 ਦਸੰਬਰ ( ਵਿਕਾਸ, ਮੋਹਿਤ)-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ, ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਯਤਨਸ਼ੀਲ ਹੈ, ਜਿਸ ਤਹਿਤ 24 ਦਸੰਬਰ 2022 ਨੂੰ ਸਮੂਹ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ (Inspire Meet:2.0) ਦਾ ਆਯੋਜਨ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਅਤੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਿਚ ਬਿਹਤਰ ਤਾਲਮੇਲ ਬਣਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈਆਂ ਜਾ ਰਹੀਆਂ ਹਨ ।ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ । ਮਿਲਣੀ ਦੌਰਾਨ ਮਾਪੇ ਵਿਦਿਆਰਥੀਆਂ ਦੀ ਭਲਾਈ ਲਈ ਉਸਾਰੂ ਸੁਝਾਅ ਜ਼ਰੂਰ ਦੇਣ । ਉਨ੍ਹਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਅਮਲ ਵਿੱਚ ਲਿਆਉਣ ਦਾ ਉਪਰਾਲਾ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਸਕੂਲ ਸਿੱਖਿਆ ਸਿਸਟਮ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਮਾਪੇ-ਅਧਿਆਪਕ ਮਿਲਣੀ-2 (Inspire Meet:2.0) ਵਿੱਚ ਜ਼ਰੂਰ ਸ਼ਮੂਲੀਅਤ ਕਰਨ ਤਾਂ ਜੋ ਉਨ੍ਹਾਂ ਨੂੰ ਆਪਣੇ ਬੱਚਿਆ ਨੂੰ ਪੜਾਏ ਜਾ ਰਹੇ ਸਿਲੇਬਸ ,ਤੌਰ ਤਰੀਕੇ ਬਾਰੇ ਪਤਾ ਲੱਗ ਸਕੇ । ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ ਵਿੱਚ ਕੀਤੇ ਜਾ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ, ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਮਾਪੇ ਮਿਲਣੀ ਪ੍ਰੋਗਰਾਮ ਦਾ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦੇ ਸਫਲ ਆਯੋਜਨ ਲਈ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਅਧਿਆਪਕਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।