ਫ਼ਤਹਿਗੜ੍ਹ ਸਾਹਿਬ, 21 ਜਨਵਰੀ ( ਰਾਜਨ ਜੈਨ, ਲਿਕੇਸ਼ ਸ਼ਰਮਾਂ) -ਸੂਬੇ ਅੰਦਰ ਟੈਕਸ ਦੀ ਚੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਮਾਨਦਾਰ ਲੋਕਾਂ ਨੂੰ ਹੀ ਅਪਣਾ ਕਾਰੋਬਾਰ ਚਲਾਉਣ ਦਿੱਤਾ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਾਜਪੁਰਾ-ਸਰਹਿੰਦ ਜੀ.ਟੀ. ਰੋਡ ਤੇ ਵਿਸ਼ੇਸ਼ ਚੈਕਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ਼੍ਰੀ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰ ਰਹੀ ਹੈ, ਕਿਸੇ ਵੀ ਤਰਾਂ ਦੀ ਟੈਕਸ ਚੋਰੀ ਕਿਸੇ ਵੀ ਹਾਲਤ ਵਿੱਚ ਬਰਦਾਸਤ ਨਹੀਂ ਕੀਤੀ ਜਾਵੇਗੀ। ਕੈਬਿਨਟ ਮੰਤਰੀ ਨੇ ਦੱਸਿਆ ਕਿ ਦੱਸਿਆ ਕਿ ਵੱਖ-ਵੱਖ ਸਰੋਤਾਂ ਤੋਂ ਵਾਰ-ਵਾਰ ਸੂਚਨਾਵਾਂ ਮਿਲ ਰਹੀਆਂ ਸਨ ਕਿ ਕੁਝ ਟਰੱਕਾਂ ਅਤੇ ਹੋਰ ਵਾਹਨਾਂ ਰਾਹੀਂ ਢੋਆ-ਢੁਆਈ ਕੀਤੇ ਜਾ ਰਹੇ ਮਾਲ ‘ਤੇ ਜੀ.ਐਸ.ਟੀ. ਦੀ ਚੋਰੀ ਹੋ ਰਹੀ ਹੈ ਇਸੇ ਕਰਕੇ ਅੱਜ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਰਾਜਪੁਰਾ-ਸਰਹਿੰਦ ਜੀ.ਟੀ. ਰੋਡ ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਢੋਆ ਢੁਆਈ ਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ।ਇੰਨ੍ਹਾਂ ਵਿੱਚੋਂ ਬਹੁਤਿਆਂ ਕੋਲ ਜਾਂ ਤਾਂ ਅਸਲ ਦਸਤਾਵੇਜ਼/ਈ-ਵੇਅ ਬਿੱਲਾਂ ਨਹੀਂ ਸਨ ਜਾਂ ਡਾਟਾ ਮਾਇਨਿੰਗ ਦੌਰਾਨ ਬਿੱਲ ਵਿੱਚ ਬੇਨਿਯਮੀਆਂ ਪਾਈਆਂ ਗਈਆਂ ਜਿਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ ਅਜਿਹੇ ਸਾਰੇ ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਸਹੀ ਬਿੱਲਾਂ ਨਾਲ ਮਾਲ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਲੰਘਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਟੈਕਸ ਚੋਰੀ ਕਰਨ ਵਾਲਿਆਂ ਨੂੰ ਨੱਥ ਪਾਉਣਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਮਾਨਦਾਰ ਕਰਦਾਤਾਵਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਵੇਗੀ। ਓਹਨਾਂ ਕਿਹਾ ਕਿ ਪੰਜਾਬ ਦਾ ਸਾਰਾ ਟੈਕਸ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।
