ਮੋਗਾ, 1 ਮਾਰਚ ( ਅਸ਼ਵਨੀ, ਮੋਹਿਤ ਜੈਨ) -ਬੱਚਿਆਂ ਵਿੱਚ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਜ਼ਾਇਜ ਤਸਕਰੀ ਨੂੰ ਰੋਕਣ ਲਈ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਣਾਏ ਜੁਆਇੰਟ ਐਕਸ਼ਨ ਪਲਾਨ ਨੂੰ ਜ਼ਿਲ੍ਹੇ ਵਿੱਚ ਇੰਨ ਬਿੰਨ ਲਾਗੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿਘ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਇਸ ਮੀਟਿੰਗ ਵਿੱਚ ਹਾਜ਼ਰ ਹੋਏ ਵੱਖ ਵੱਖ ਵਿਭਾਗਾਂ ਦੇ ਮੁਖੀਆਂ, ਜ਼ਿਲ੍ਹੇ ਵਿੱਚ ਚੱਲ ਰਹੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਦੱਸਿਆ ਕਿ ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਬਣਾਏ ਗਏ ਜੁਆਇੰਟ ਐਕਸ਼ਨ ਪਲਾਨ ਮੁਤਾਬਿਕ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਬੱਚਿਆਂ ਵਿੱਚ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਠੋਸ ਕਦਮ ਚੁੱਕੀਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਧਰੇ ਵੀ ਸਕੂਲਾਂ ਦੇ ਨੇੜੇ ਤੰਬਾਕੂ, ਸਿਗਰਟ ਅਤੇ ਹੋਰ ਕਿਸੇ ਵੀ ਕਿਸਮ ਦੇ ਨਸ਼ੇ ਦੀ ਵਿਕਰੀ ਨਹੀਂ ਹੋਣੀ ਚਾਹੀਦੀ ਹੈ। ਇਸ ਲਈ ਸਕੂਲਾਂ, ਮੈਡੀਕਲ ਸਟੋਰਾਂ ਅਤੇ ਸ਼ਰਾਬ ਦੇ ਠੇਕਿਆਂ ਆਦਿ ਤੇ ਸੀ.ਸੀ.ਟੀ.ਵੀ ਕੈਮਰੇ ਲੱਗੇ ਹੋਣੇ ਚਾਹੀਦੇ ਹਨ ਤਾਂ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟ੍ਰੇਟ ਮੋਗਾ ਰਾਮ ਸਿੰਘ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਚਾਰੂਮਿਤਾ, ਡੀ.ਐਸ.ਪੀ. ਹਰੀਸ਼ ਬਹਿਲ., ਡੀ.ਸੀ.ਪੀ.ਓ. ਪਰਮਜੀਤ ਕੌਰ, ਬਾਲ ਸੁਰੱਖਿਆ ਅਫ਼ਸਰ ਸੁਖਵੀਰ ਕੌਰ, ਆਬਕਾਰੀ ਅਫ਼ਸਰ ਅਮਿਤ ਗੋਇਲ, ਮੈਡੀਕਲ ਅਫ਼ਸਰ ਡਾ. ਚਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਨਿਸ਼ਾਨ ਸਿੰਘ, ਸਹਾਇਕ ਲੇਬਰ ਕਮਿਸ਼ਨਰ ਐਸ.ਐਸ. ਸਿੱਧੂ, ਬਲਵਿੰਦਰ ਸਿੰਘ ਮੈਂਬਰ ਬਾਲ ਭਲਾਈ ਕਮੇਟੀ ਆਦਿ ਹਾਜ਼ਰ ਸਨ।
