ਬਟਾਲਾ, 5 ਮਾਰਚ (ਬੋਬੀ ਸਹਿਜਲ – ਧਰਮਿੰਦਰ) : ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿੰਨ ਵੱਡੇ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੈਗਾ ਰੋਜ਼ਗਾਰ ਮੇਲੇ 14 ਮਾਰਚ 2023 ਨੂੰ ਸੁਖਜਿੰਦਰਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨੋਲੌਜੀ, ਹਰਦੋਛੰਨੀ ਰੋਡ ਗੁਰਦਾਸਪੁਰ, 15 ਮਾਰਚ ਨੂੰ ਆਰ.ਆਰ. ਬਾਵਾ ਡੀ.ਏ.ਵੀ ਕਾਲਜ ਬਟਾਲਾ ਅਤੇ 16 ਮਾਰਚ ਨੂੰ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਮੇਲਿਆਂ ਵਿੱਚ ਸ਼ਾਮਲ ਕੀਤਾ ਜਾਵੇ ਤਾਂ ਜੋ ਉਹ ਆਪਣੀ ਯੋਗਤਾ ਅਨੁਸਾਰ ਰੁਜ਼ਗਾਰ ਹਾਸਲ ਕਰ ਸਕਣ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਭਵਿੱਖ ਵਿੱਚ ਜੇਕਰ ਉਨ੍ਹਾਂ ਕਿਸੇ ਵੀ ਪ੍ਰਕਾਰ ਦੀ ਨੌਂਕਰੀ ਦੇਣੀ ਹੈ ਤਾਂ ਉਹ ਰੋਜ਼ਗਾਰ ਬਿਊਰੋ ਦੇ ਜਰੀਏ ਨੌਜਵਾਨਾਂ ਦੀ ਚੋਣ ਕਰਿਆ ਕਰਨ।ਇਸ ਤੋਂ ਇਲਾਵਾ ਪੰਚਾਇਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਲੱਗ ਰਹੇ ਰੋਜ਼ਗਾਰ ਮੇਲਿਆਂ ਬਾਰੇ ਪਿੰਡਾਂ ਤੇ ਸ਼ਹਿਰਾਂ ਵਿੱਚ ਮੁਨਾਦੀ ਕਰਵਾ ਕੇ ਨੌਜਵਾਨਾਂ ਨੂੰ ਜਾਗਰੂਕ ਕਰਨ।ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਦਫਤਰ ਜਿਲਾ ਰੋਜ਼ਗਾਰ ਬਿਊਰੋ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ ਬੀ ਕਮਰਾ ਨੰਬਰ 312 ਗੁਰਦਾਸਪੁਰ ਵਿਖੇ ਜਰੂਰ ਰਜਿਸਟਰਡ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਰਾਹੀਂ ਲਾਭ ਉਠਾਉਣ ਦੀ ਅਪੀਲ ਕੀਤੀ।ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੱਗ ਰਹੇ ਤਿੰਨ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਨਾਮੀ ਕੰਪਨੀਆਂ ਪਹੁੰਚ ਰਹੀਆਂ ਹਨ ਅਤੇ ਇਨ੍ਹਾਂ ਕੰਪਨੀਆਂ ਵੱਲੋਂ ਚੰਗੀਆਂ ਤਨਖਾਹਾਂ ਉੱਪਰ ਨੌਜਵਾਨਾਂ ਦੀ ਨੌਂਕਰੀ ਲਈ ਚੋਣ ਕੀਤੀ ਜਾਵੇਗੀ।
