ਫਿਰੋਜ਼ਪੁਰ 28 ਮਾਰਚ (ਲਿਕੇਸ਼ ਸ਼ਰਮਾ – ਅਸ਼ਵਨੀ) : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ‘ਸਰਕਾਰ ਤੁਹਾਡੇ ਦੁਆਰ’ ਤਹਿਤ ਪੰਜਾਬ ਸਰਕਾਰ ਜ਼ਮੀਨੀ ਪੱਧਰ ਤੱਕ ਸਰਕਾਰੀ ਸੁਵਿਧਾਵਾਂ/ਯੋਜਨਾਵਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਹੈ।ਇਹ ਪ੍ਰਗਟਾਵਾ ਵਿਧਾਨਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਨੇ ਮਾਰਕੀਟ ਕਮੇਟੀ ਮਮਦੋਟ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਵਿਧਾਇਕ ਰਜਨੀਸ਼ ਦਹੀਆ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਪੰਜਾਬ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਰਾਜ ਭਰ ਵਿਚ ਲੋਕਾਂ ਨੂੰ ਭਲਾਈ ਸਕੀਮਾਂ ਦਾ ਪੂਰਾ ਲਾਭ ਦੇਣ ਲਈ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਆਸਾਨੀ ਨਾਲ ਸਰਕਾਰ ਦੁਆਰਾ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਉਨ੍ਹਾਂ ਦੇ ਘਰਾਂ ਨੇੜੇ ਹੀ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਵੱਡੇ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ ਤਾਂ ਜੋ ਲੋਕਾਂ ਦੀ ਖਜਲ-ਖੁਆਰੀ ਨਾ ਹੋਵੇ।ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੁਵਿਧਾ ਕੈਂਪ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਹੈਲਪ ਡੈਸਕ ਲਗਾਏ ਗਏ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਪ੍ਰਾਪਤ ਹੋਈਆਂ ਅਰਜੀਆਂ ਨੂੰ ਮੌਕੇ ‘ਤੇ ਹੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਕੇ ਸਮਾਂਬੱਧ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਦੇ ਲਾਭ ਮੁਹੱਈਆ ਕਰਵਾਉਣ ਲਈ ਬਿਨੈ ਪੱਤਰ ਪ੍ਰਾਪਤ ਹੋਏ ਜਿੰਨਾ ਦੀ ਪੜਤਾਲ ਉਪਰੰਤ ਯੋਗ ਪ੍ਰਾਰਥੀਆਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤਾਂ ਲਈ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਇਲਾਕੇ ਦੇ ਲੋਕਾਂ ਦੀ ਹਰ ਸਮਸਿਆ ਦੇ ਹੱਲ ਦਾ ਭਰੋਸਾ ਦਿੰਦਿਆਂ ਕਿਹਾ ਕਿ ਪਿਛਲੇ ਦਿਨੀਂ ਭਾਰੀ ਮੀਂਹ ਨਾਲ ਪ੍ਰਭਾਵਿਤ ਹੋਈ ਕਣਕ ਦੀ ਫਸਲ ਬਾਰੇ 10 ਦਿਨਾਂ ਵਿਚ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦੀ ਰਿਪੋਰਟ ਭੇਜੀ ਜਾਵੇਗੀ ਅਤੇ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇਗਾ।