ਤਰਨ ਤਾਰਨ, 05 ਅਪ੍ਰੈਲ (ਲਿਕੇਸ਼ ਸ਼ਰਮਾ) : ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਬਾਰਡਰ ਸਰੁੱਖਿਆ ਸਬੰਧੀ ਵਿਸ਼ੇਸ ਮੀਟਿੰਗ ਹੋਈ, ਜਿਸ ਵਿੱਚ ਬਾਰਡਰ ਸਰੁੱਖਿਆ ਫੋਰਸ ਅਤੇੇ ਜ਼ਿਲ੍ਹਾ ਅਧਿਕਾਰੀਆਂ ਨੇ ਭਾਗ ਲਿਆ।ਇਸ ਦੌਰਾਨ ਐੱਸ. ਡੀ. ਐੱਮ. ਤਰਨ ਤਾਰਨ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਦੀਪਕ ਭਾਟੀਆ,ਜ਼ਿਲ੍ਹਾ ਮਾਲ ਅਫ਼ਸਰ ਅਦਿਤਿਆ ਗੁਪਤਾ,ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਬੀ. ਐੱਸ. ਐੱਫ. ਤੋਂ ਸਵਿਜੈ ਪ੍ਰਸ਼ਾਦ ਸ਼ਾਹੀ ਕਮਾਂਡੈਂਟ,ਪੀ. ਆਰ. ਐੱਸ. ਰਾਮਾ ਅਸਿਸਟੈਂਟ ਕਮਾਂਡੈਂਟ ਅਤੇ ਰਾਣਾ ਸੰਗਰਾਮ ਸਿੰਘ ਡਿਪਟੀ ਕਮਾਂਡੈਂਟ ਹਾਜ਼ਰ ਸਨ।ਮੀਟੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਤਾਰੋਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਿੱਤੇ ਗਏ ਮੁਆਵਜ਼ੇ ਸਬੰਧੀ ਸਮੀਖਿਆ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਸਬੰਧੀ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਹੱਦੀ ਸੁਰੱਖਿਆ ਨੂੰ ਮਜਬੂਤ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਖੇਤਰ ਵਿੱਚ 86 ਨਾਜ਼ੁਕ ਸਥਾਨਾਂ ‘ਤੇ 258 ਹਾਈ ਸਕਿਊਰਿਟੀ ਕੈਮਰੇ ਲਗਾਉਣ ਲਈ ਕੇਸ ਗ੍ਰਹਿ ਵਿਭਾਗ ਨੂੰ ਭੇਜਿਆ ਗਿਆ ਹੈ।ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਖੇਤਰ ਦੇ 160 ਪਿੰਡਾਂ ਵਿੱਚ ਪਿੰਡ ਪੱਧਰੀ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪਿਛਲੀਆਂ ਮੀਟਿੰਗਾਂ ਵਿੱਚ ਦਿੱਤੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ, ਖੇਡ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਲੋਕ ਪੱਖੀ ਸਹੂਲਤਾਂ ਸਬੰਧੀ ਲਗਾਏ ਗਏ ਕੈਂਪਾਂ ਦੀ ਸਮੀਖਿਆ ਕੀਤੀ ਗਈ ਅਤੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਭਵਿੱਖ ਵਿੱਚ ਸਰਹੱਦੀ ਖੇਤਰ ਵਿੱਚ ਲਗਾਏ ਜਾਣ ਵਾਲੇ ਕੈਂਪਾਂ ਵਿੱਚ ਬੀ. ਐੱਸ. ਐੱਫ. ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।