ਫ਼ਤਹਿਗੜ੍ਹ ਸਾਹਿਬ, 12 ਅਪ੍ਰੈਲ ( ਰਾਜਨ ਜੈਨ)-ਕਣਕ ਦੀ ਖਰੀਦ ਲਈ ਬਣਾਏ ਗਏ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਹਦਾਇਤ ਪੰਜਾਬ ਸਰਕਾਰ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਤੇ ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹੇ ਵਾਸਤੇ ਨਿਯੁਕਤ ਕੀਤੇ ਗਏ ਇੰਚਾਰਜ ਸਕੱਤਰ ਟਰਾਂਸਪੋਰਟ ਪ੍ਰਦੀਪ ਸਭਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖਰੀਦ ਏਜੰਸੀਆ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲੋੜ ਅਨੁਸਾਰ ਬਾਰਦਾਨੇ, ਤਰਪਾਲਾਂ ਆਦਿ ਦਾ ਪ੍ਰਬੰਧ ਹੋਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸਭਰਵਾਲ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਖਰੀਦ ਕੇਂਦਰਾਂ ਦੀ ਸਾਫ ਸਫਾਈ, ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲਾ ਸਾਫ ਸੁਥਰਾ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾਂ, ਪਖਾਨਿਆਂ ਆਦਿ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆੜਤੀਆਂ ਕੋਲ ਮੌਜੂਦ ਤਰਪਾਲਾਂ ਦੀ ਸਮੇਂ-ਸਮੇਂ ਤੇ ਚੈਕਿੰਗ ਵੀ ਕੀਤੀ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਕਿਹਾ ਜ਼ਿਲ੍ਹੇ ਵਿੱਚ ਬਣਾਏ ਗਏ ਖਰੀਦ ਕੇਂਦਰਾਂ ਵਿੱਚ ਆੜਤੀਆਂ ਕੋਲ ਪਈਆਂ ਤਰਪਾਲਾਂ ਦੀ ਐਸ.ਡੀ.ਐਮਜ਼ ਤੋਂ ਚੈਕਿੰਗ ਕਰਵਾਈ ਜਾਵੇ।ਸਕੱਤਰ ਟਰਾਂਸਪੋਰਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਲਈ ਜ਼ਿਲ੍ਹਾ ਵਾਈਜ਼ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਖਰੀਦ ਕੰਮ ਬਿਨਾਂ ਕਿਸੇ ਮੁਸ਼ਕਲ ਤੋਂ ਚੱਲ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਬਰਸਾਤ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਤੇ ਸਰਕਾਰ ਵੱਲੋਂ ਦਿੱਤੀ ਗਈ ਛੋਟ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਸਰਕਾਰ ਵੱਲੋਂ ਦਿੱਤੀ ਗਈ ਛੋਟ ਬਾਰੇ ਕਿਸਾਨਾਂ ਨੂੰ ਜਾਣਕਾਰੀ ਮੁਹੱਈਆ ਹੋ ਸਕੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਕਣਕ ਦੀ ਖਰੀਦ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2283 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 537 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਮੀਟਿੰਗ ਉਪਰੰਤ ਸਭਰਵਾਲ ਨੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦੇ ਨਾਲ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਮੀਟਿੰਗ ਵਿੱਚ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਜ਼ਿਲ੍ਹਾ ਮਾਲ ਅਫਸਰ ਸੰਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਰਨ ਸਿੰਘ ਬਰਾੜ, ਡੀ.ਐਮ. ਮਾਰਕਫੈੱਡ ਸ਼੍ਰੀਮਤੀ ਮੋਨਿਕਾ ਸ਼ਰਮਾ, ਡੀ.ਐਮ. ਪਨਸਪ ਬਨਦੀਪ ਸਿੰਘ ਕਾਲੇਕਾ, ਡੀ.ਐਮ. ਪੰਜਾਬ ਵੇਅਰ ਹਾਊਸ ਹਰਵਰਿੰਦਰ ਸਿੰਘ ਔਲਖ, ਆੜਤੀ ਐਸੋਸੀੲਸ਼ਨ ਦੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਤੋਂ ਇਲਾਵਾ ਹੋਰ ਅਧਿਕਾਰੀ, ਕਿਸਾਨ ਤੇ ਆੜਤੀ ਮੌਜੂਦ ਸਨ।