Home Punjab ਸ਼੍ਰੋਮਣੀ ਕਮੇਟੀ ਨੇ ਪ੍ਰਾਈਮ ਏਸ਼ੀਆ ਟੀ.ਵੀ. ਵਿਰੁੱਧ ਸਖ਼ਤ ਕਾਰਵਾਈ ਲਈ ਪੁਲਿਸ ਕਮਿਸ਼ਨਰ...

ਸ਼੍ਰੋਮਣੀ ਕਮੇਟੀ ਨੇ ਪ੍ਰਾਈਮ ਏਸ਼ੀਆ ਟੀ.ਵੀ. ਵਿਰੁੱਧ ਸਖ਼ਤ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

61
0


ਅੰਮ੍ਰਿਤਸਰ(ਬਿਊਰੋ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਪ੍ਰੋਗਰਾਮਾਂ ਵਿਚ ਜਾਣਬੁਝ ਕੇ ਬਦਨਾਮ ਕਰਨ ਦੇ ਮਾਮਲੇ ’ਚ ਪ੍ਰਾਈਮ ਏਸ਼ੀਆ ਟੀ.ਵੀ. ਕੈਨੇਡਾ ਦੇ ਮਾਲਕ ਸ੍ਰੀ ਅਮਨ ਖਟਕੜ, ਉਸ ਦੇ ਪੱਤਰਕਾਰ ਜਤਿੰਦਰ ਪੰਨੂ, ਗੁਰਪ੍ਰੀਤ ਸੰਧਾਵਾਲੀਆ, ਕੈਮਰਾਮੈਨ ਅਤੇ ਟੈਲੀਕਾਸਟਰ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਪੱਤਰ ਦਿੱਤਾ ਗਿਆ। ਪੁਲਿਸ ਕਮਿਸ਼ਨਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਵੱਲੋਂ ਸ਼ਿਕਾਇਤ ਪੱਤਰ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿਰਵੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਮੌਜੂਦ ਸਨ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਪਾਸੋਂ ਡੀਸੀਪੀ ਸ. ਪ੍ਰਮਿੰਦਰ ਸਿੰਘ ਭੰਡਾਲ ਨੇ ਮੰਗ ਪੱਤਰ ਪ੍ਰਾਪਤ ਕਰਕੇ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।ਪੁਲਿਸ ਕਮਿਸ਼ਨਰ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਬੀਤੇ ਦਿਨੀਂ ਪ੍ਰਾਈਮ ਏਸ਼ੀਆ ਟੀ.ਵੀ. ’ਤੇ ਇਕ ਵੀਡੀਓ ਰਾਹੀਂ ਸ਼੍ਰੋਮਣੀ ਕਮੇਟੀ ਵਿਰੁੱਧ ਬੇਬੁਨਿਆਦ ਦੋਸ਼ ਲਗਾਏ ਹਨ ਅਤੇ ਝੂਠਾ ਪ੍ਰਾਪੇਗੰਡਾ ਕਰਕੇ ਸੰਸਥਾ ਦੇ ਅਕਸ ਨੂੰ ਵੱਡੀ ਸੱਟ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਟੀ.ਵੀ. ਚੈੱਨਲ ਵੱਲੋਂ ਆਪਣੇ ਪ੍ਰੋਗਰਾਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਾਂਦੇ ਪਵਿੱਤਰ ਚੰਦੋਆ ਸਾਹਿਬ ਨੂੰ ਵੇਚਣ ਅਤੇ ਫਿਰ ਉਹ ਚੰਦੋਆ ਸਾਹਿਬ ਵਾਪਸ ਸੰਗਤਾਂ ਰਾਹੀਂ ਮੰਗਵਾ ਕੇ ਸਜਾਉਣ ਦਾ ਝੂਠਾ ਇਲਜ਼ਾਮ ਲਗਾਇਆ ਗਿਆ ਹੈ, ਜਦਕਿ ਸਚਾਈ ਇਹ ਹੈ ਕਿ ਸ਼੍ਰੋਮਣੀ ਕਮੇਟੀ ਬਕਾਇਦਾ ਨਿਯਮਾਂ ਤਹਿਤ ਸਾਰਾ ਕਾਰਜ ਕਰਦੀ ਹੈ ਅਤੇ ਇਕ ਵਾਰ ਸਜਾਇਆ ਗਿਆ ਚੰਦੋਆ ਸਾਹਿਬ ਕਦੀ ਵੀ ਦੁਬਾਰਾ ਨਹੀਂ ਲਗਾਇਆ ਜਾਂਦਾ। ਗੁਰੂ ਸਾਹਿਬ ਦੇ ਪਾਵਨ ਅਸਥਾਨ ’ਤੇ ਸਜਾਉਣ ਮਗਰੋਂ ਹਰ ਰੋਜ਼ ਚੰਦੋਆ ਸਾਹਿਬ ਸਤਿਕਾਰ ਸਹਿਤ ਰੱਖਿਆ ਜਾਂਦਾ ਹੈ ਅਤੇ ਇਹ ਵਿਸ਼ਵ ਭਰ ਦੀਆਂ ਸੰਗਤਾਂ ਦੀ ਮੰਗ ’ਤੇ ਪ੍ਰਧਾਨ ਸਾਹਿਬ ਦੀ ਆਗਿਆ ਅਨੁਸਾਰ ਨਿਯਮਾਂ ਤਹਿਤ ਵੱਖ-ਵੱਖ ਗੁਰੂ ਘਰਾਂ ਲਈ ਦਿੱਤਾ ਜਾਂਦਾ ਹੈ। ਇਸ ਦਾ ਬਕਾਇਦਾ ਰਿਕਾਰਡ ਰੱਖਿਆ ਜਾਂਦਾ ਹੈ, ਜਦਕਿ ਉਕਤ ਟੀ.ਵੀ. ਚੈੱਨਲ ਨੇ ਬਿਨਾ ਸਚਾਈ ਜਾਣਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਨੂੰ ਦੁਨੀਆਂ ਭਰ ਵਿਚ ਬਦਨਾਮ ਕਰਨ ਦਾ ਕੋਝਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਮੁਕੰਮਲ ਜਾਣਕਾਰੀ ਸ਼੍ਰੋਮਣੀ ਕਮੇਟੀ ਨੇ ਇਕ ਵੀਡੀਓ ਜਾਰੀ ਕਰਕੇ ਸੰਗਤ ਨੂੰ ਦਿੱਤੀ ਹੈ, ਪਰ ਚੈੱਨਲ ਦੀ ਹਰਕਤ ਕਰਕੇ ਦੇਸ਼ ਦੁਨੀਆਂ ਦੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਕਈ ਬੇਬੁਨਿਆਦ ਗੱਲਾਂ ਕਰਕੇ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਨੂੰ ਇਸ ਚੈੱਨਲ ਨੇ ਬਦਨਾਮ ਕੀਤਾ ਹੈ। ਲਿਹਾਜ਼ਾ ਚੈੱਨਲ ਦੇ ਮਾਲਕ ਸ੍ਰੀ ਅਮਨ ਖਟਕੜ, ਐਂਕਰ ਤੇ ਪੱਤਰਕਾਰ ਸ੍ਰੀ ਗੁਰਪ੍ਰੀਤ ਸੰਧਾਵਾਲੀਆ, ਸ੍ਰੀ ਜਤਿੰਦਰ ਪੰਨੂ ਤੇ ਹੋਰਾਂ ਖਿਲਾਫ ਬਣਦੀਆਂ ਧਾਰਾਵਾਂ 295-ਏ, 500, 120ਬੀ, ਆਈਪੀਸੀ 66-ਏ ਆਈਟੀ ਐਕਟ ਅਧੀਨ ਪਰਚੇ ਦਰਜ ਕੀਤੇ ਜਾਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਇਹ ਚੈੱਨਲ ਅਤੇ ਖਾਸਕਰ ਜਤਿੰਦਰ ਪੰਨੂ ਪਹਿਲਾਂ ਵੀ ਕਈ ਵਾਰ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਵਾਲੀਆਂ ਤੱਥਹੀਣ ਗੱਲਾਂ ਕਰ ਚੁੱਕੇ ਹਨ, ਜਿਸ ਕਰਕੇ ਸੰਗਤਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਅਜਿਹੇ ਲੋਕ ਜਾਣਬੁਝ ਕੇ ਸਿੱਖ ਸੰਸਥਾ ਵਿਰੁੱਧ ਭੰਡੀ ਪ੍ਰਚਾਰ ਕਰ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਕਿਸੇ ਵੀ ਨੂੰ ਵੀ ਅਜਿਹਾ ਕਰਨ ਦੀ ਖੁੱਲ੍ਹ ਨਹੀਂ ਦੇਵੇਗੀ। ਜੇਕਰ ਕੋਈ ਬਿਨਾ ਵਜ੍ਹਾ ਅਤੇ ਬਿਨਾ ਤੱਥਾਂ ਦੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰੇਗਾ, ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

LEAVE A REPLY

Please enter your comment!
Please enter your name here