ਜਗਰਾਉਂ, 5 ਅਗਸਤ ( ਰੋਹਿਤ ਗੋਇਲ, ਮੋਹਿਤ ਜੈਨ )- ਮਾਨਯੋਗ ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਦੀ ਸਜ਼ਾ ’ਤੇ ਰੋਕ ਲਗਾਉਣ ਦੇ ਫੈਸਲੇ ਉਪਰੰਤ ਸਾਰੇ ਦੇਸ਼ ਵਾਸੀਆਂ ਦਾ ਨਿਆਂਪਾਲਿਕਾ ’ਤੇ ਭਰੋਸਾ ਵਧ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੀਨੀਅਰ ਕਾਂਗਰਸੀ ਆਗੂ ਵੈਦ ਨਸੀਬ ਚੰਦ ਅਤੇ ਐਸਸੀ/ਬੀਸੀ ਵੈਲਫੇਅਰ ਕੌਂਸਲ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਦੇਸ਼ ਭਗਤ ਨੇ ਕਿਹਾ ਕਿ ਦੇਸ਼ ਵਿੱਚ ਪਿਛਲੇ ਸਮੇਂ ਤੋਂ ਲੋਕਤੰਤਰ ਦਾ ਬੇਰਹਿਮੀ ਨਾਲ ਕਤਲ ਕੀਤਾ ਜਾ ਰਿਹਾ ਹੈ ਅਤੇ ਸੰਵਿਧਾਨ ਦੇ ਉਲਟ ਕੰਮ ਕੀਤੇ ਜਾ ਰਹੇ ਹਨ। ਦੇਸ਼ ਦੀ ਜਨਤਾ ਦੀ ਆਵਾਜ਼ ਨੂੰ ਸਰਕਾਰ ਦੇ ਸਾਹਮਣੇ ਰੱਖ ਕੇ ਖੁੱਲ੍ਹ ਕੇ ਬੋਲਣ ਵਾਲੇ ਰਾਹੁਲ ਗਾਂਧੀ ਦੀ ਆਵਾਜ਼ ਨੂੰ ਦਬਾਉਣ ਦੀ ਸਾਜ਼ਿਸ਼ ਤਹਿਤ ਕੀਤੀ ਗਈ ਕਾਰਵਾਈ ’ਤੇ ਸੁਪਰੀਮ ਕੋਰਟ ਦਾ ਫੈਸਲਾ ਅਹਿਮ ਅਤੇ ਇਸ ਤਰ੍ਹਾਂ ਦੀ ਕੋਸ਼ਿਸ਼ ਕਰ ਰਹੀਆਂ ਤਾਕਤਾਂ ਲਈ ਇਕ ਕਰੜਾ ਸਬਕ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਪਿਛਲੇ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਸੰਵਿਧਾਨ ਨਾਲ ਕੀਤੀ ਜਾ ਰਹੀ ਛੇੜਛਾੜ ਨੂੰ ਰੋਕਣ ਲਈ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਹੋਰ ਲੋਕ ਵਿਰੋਧੀ ਫੈਸਲਿਆਂ ਤੋਂ ਪਬਲਿਕ ਵਿਚ ਜਾ ਕੇ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਕੰਮਾਂ ਤੋਂ ਡਰੀ ਸਰਕਾਰ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਸੀ। ਜਿਸਤੇ ਮਾਣਯੋਗ ਸੁਪਰੀਮ ਕੋਰਟ ਵਲੋਂ ਇਤਿਹਾਸਿਕ ਫੈਸਲੇ ਨਾਲ ਜਿਥੇ ਸਮੁੱਚੀ ਕਾਂਗਰਸ ਪਾਰਟੀ ਵਿਚ ਉਤਸਾਹ ਹੈ ਉਥੇ ਆਮ ਪਬਲਿਕ ਵੀ ਇਸ ਫੈਸਲੇ ਨਾਲ ਖੁਸ਼ ਹੈ।