Home Political ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਕਰੇਗੀ ਹੱਲ: –...

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਕਰੇਗੀ ਹੱਲ: – ਧਾਲੀਵਾਲ

29
0

ਚੰਡੀਗੜ, 12 ਅਕਤੂਬਰ ( ਲਿਕੇਸ਼ ਸ਼ਰਮਾਂ, ਅਸ਼ਵਨੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਮਿਲਣੀ ਪ੍ਰੋਗਰਾਮ ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਜਗਰਾਓਂ ਅਤੇ ਗੁਰਦਾਸਪੁਰ ਵਿਖੇ ਕ੍ਰਮਵਾਰ 15, 18, 19, 22 ਅਤੇ 29 ਦਸਬੰਰ ਨੂੰ ਕਰਵਾਏ ਜਾਣਗੇ।
ਅੱਜ ਇੱਥੇ ਐਨ.ਆਰ.ਆਈ. ਮਾਮਲੇ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 15 ਦਸੰਬਰ ਨੂੰ ਹੁਸ਼ਿਆਰਪੁਰ ਵਿਖੇ ਹੋਣ ਵਾਲੀ ਮਿਲਣੀ ਵਿੱਚ ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ. ਨਗਰ, ਕਪੂਰਥਲਾ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰਾਂ 18 ਦਸਬੰਰ ਨੂੰ ਬਠਿੰਡਾ ਵਿਖੇ ਬਠਿੰਡਾ, ਫਰੀਦਕੋਟ, ਮਾਨਸਾ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਣੀ ਪ੍ਰੋਗਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ 19 ਦਸੰਬਰ ਨੂੰ ਪਟਿਆਲਾ ਵਿਖੇ, ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਫਤਿਹਗੜ ਸਾਹਿਬ, ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆ ਦੇ ਮਸਲੇ ਹੱਲ ਕੀਤੇ ਜਾਣਗੇ। ਇਸੇ ਤਰ੍ਹਾਂ 22 ਦਸੰਬਰ ਨੂੰ ਜਗਰਾਓਂ ਵਿਖੇ ਲੁਧਿਆਣਾ, ਬਰਨਾਲਾ, ਫਿਰੋਜ਼ਪੁਰ ਅਤੇ ਮੋਗਾ ਜਦਕਿ 29 ਦਸੰਬਰ ਨੂੰ ਗੁਰਦਾਸਪੁਰ ਵਿਖੇ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਧਾਲੀਵਾਲ ਨੇ ਦੱਸਿਆ ਕਿ ਵਿਭਾਗ ਨੇ ਪਿਛਲੇ ਸਾਲ ਦਸੰਬਰ, 2022 ਵਿੱਚ ਵੀ 5 ਸਫ਼ਲ ਮਿਲਣੀ ਪ੍ਰੋਗਰਾਮ ਕਰਵਾਏ ਸਨ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਨੇ 605 ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਈਆਂ ਸਨ, ਜਿਨ੍ਹਾਂ ਨੂੰ ਹੱਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਐਨ.ਆਰ.ਆਈ. ਪੁਲੀਸ ਵਿੰਗ ਕੋਲ ਲਗਾਤਾਰ ਆਨਲਾਈਨ ਸ਼ਿਕਾਇਤਾਂ ਆ ਰਹੀਆਂ ਹਨ, ਜਿਨ੍ਹਾਂ ਦਾ 15 ਐਨ.ਆਰ.ਆਈ. ਪੁਲੀਸ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਪੱਧਰ ‘ਤੇ ਸਮਾਂਬੱਧ ਢੰਗ ਨਾਲ ਤਸੱਲੀਬਖ਼ਸ਼ ਹੱਲ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਜ਼ਿਲਿਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹੱਲ ਕਰਵਾਉਂਦੇ ਹਨ। ਉਨਾਂ ਕਿਹਾ ਕਿ ਪ੍ਰਵਾਸੀਆਂ ਪੰਜਾਬੀਆਂ ਦੇ ਸੂਬੇ ਵਿਚਲੇ ਮਸਲਿਆਂ ਨੂੰ ਨਜਿੱਠਣ ਲਈ ਪੂਰੀ ਤਰਾਂ ਗੰਭੀਰ ਹੈ ਅਤੇ ਇਨਾਂ ਨਾਲ ਸਬੰਧਤ ਕੋਈ ਵੀ ਵਿਸ਼ੇਸ਼ ਕੇਸ ਸਾਹਮਣੇ ਆਉਣ ‘ਤੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਤਾਲਮੇਲ ਕੀਤਾ ਜਾਂਦਾ ਹੈ ਅਤੇ ਇਸ ਸਬੰਧੀ ਤੁਰੰਤ ਸਬੰਧਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ।ਧਾਲੀਵਾਲ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਮੈਂਬਰ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਐਨ.ਆਰ.ਆਈ. ਸਭਾ ਦੇ ਪ੍ਰਧਾਨ ਦੀ ਚੋਣ ਲਈ ਪੰਜਾਬ ਆਉਣ ਤੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ।ਉਨ੍ਹਾਂ ਕਿਹਾ ਕਿ ਆਪਣਾ ਯੋਗ ਨੁਮਾਇੰਦਾ ਚੁਣਨ ਲਈ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਬੇਹੱਦ ਜ਼ਰੂਰੀ ਹੈ।
ਇਸ ਮੌਕੇ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦਿਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਸ੍ਰੀ ਪ੍ਰਵੀਨ ਕੁਮਾਰ ਸਿਨਹਾ ਆਦਿ ਤੋਂ ਇਲਾਵਾ ਐਨ.ਆਰ.ਆਈ. ਮਾਮਲੇ ਵਿਭਾਗ ਅਤੇ ਐਨ.ਆਰ.ਆਈ. ਸਭਾ ਨਾਲ ਸਬੰਧਤ ਸੀਨੀਅਰ ਅਧਿਕਾਰੀ ਸ਼ਾਮਲ ਸਨ।

LEAVE A REPLY

Please enter your comment!
Please enter your name here