ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ
ਫ਼ਿਰੋਜ਼ਪੁਰ (ਸੁਨੀਲ ਸੇਠੀ) ਸ਼ਨਿਚਰਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ ਸਰੂਪਾਂ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ਫਿਰੋਜ਼ਸ਼ਾਹ ਟੋਲ ਪਲਾਜ਼ਾ ’ਤੇ ਤਿੰਨ ਘੰਟੇ ਦਾ ਧਰਨਾ ਦਿੱਤਾ ਗਿਆ ਅਤੇ ਲੋਕਾਂ ਨੂੰ ਬਿਨਾਂ ਟੋਲ ਪਰਚੀ ਤੋਂ ਬਾਹਰ ਕੱਢਿਆ ਗਿਆ।ਸ਼ਨਿਚਰਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਸਰੂਪਾਂ, ਬਰਗਾੜੀ ਅਤੇ ਬਹਿਬਲ ਕਲਾਂ ਵਿਚ ਕਾਂਡ ਦੇ ਇਨਸਾਫ਼ ਲਈ ਫਿਰੋਜ਼ਸ਼ਾਹ ਟੋਲ ਪਲਾਜ਼ਾ ਨੂੰ ਬੰਦ ਕਰ ਕੇ ਸਵੇਰੇ 11 ਵਜੇ ਤੋਂ 2 ਵਜੇ ਤੱਕ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਵੱਲੋਂ ਲੋਕਾਂ ਨੂੰ ਤਿੰਨ ਘੰਟੇ ਤੱਕ ਬਿਨਾਂ ਟੋਲ ਪਰਚੀ ਦੇ ਕੱਢਿਆ ਗਿਆ।
ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪੰਜਾਬ ਮੀਤ ਪ੍ਰਧਾਨ ਫਤਿਹ ਸਿੰਘ ਖੋਸਾ ਨੇ ਕਿਹਾ ਕਿ ਉਨ੍ਹਾਂ ਦਾ ਧਰਨਾ ਪੂਰੀ ਤਰ੍ਹਾਂ ਸ਼ਾਂਤਮਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਦਾ ਕੋਈ ਨੁਕਸਾਨ ਨਹੀਂ ਹੁੰਦਾ, ਉਦੋਂ ਤੱਕ ਉਹ ਕਿਸੇ ਧਰਨਾਕਾਰੀ ਦੀ ਗੱਲ ਨਹੀਂ ਸੁਣਦੀ। ਉਨ੍ਹਾਂ ਕਿਹਾ ਕਿ ਅੱਜ ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ ਪਰ ਆਮ ਲੋਕਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਗਈ ਅਤੇ ਲੋਕਾਂ ਨੂੰ ਬਿਨਾਂ ਟੋਲ ਪਰਚੀਆਂ ਤੋਂ ਬਾਹਰ ਕੱਢਿਆ ਗਿਆ। ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।