ਦਿੜ੍ਹਬਾ (ਭੰਗੂ) ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਹਲਕਾ ਦਿੜ੍ਹਬਾ ਵਿਖੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਧੀਮਾਨ ਕਾਂਗਰਸ ਦੇ ਅਮਰਗੜ੍ਹ ਤੋਂ ਵਿਧਾਇਕ ਰਹਿ ਚੁੱਕੇ ਹਨ ਤੇ ਨਵਜੋਤ ਸਿੰਘ ਸਿੱਧੂ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਮੁਲਾਕਾਤ ਦੌਰਾਨ ਚੰਨੀ ਨੇ ਧੀਮਾਨ ਨਾਲ ਬੰਦ ਕਮਰਾ ਮੁਲਾਕਾਤ ਵੀ ਕੀਤੀ।ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਧੀਮਾਨ ਨਾਲ ਬਹੁਤ ਚੰਗੀ ਦੋਸਤੀ ਹੈ। ਉਹ ਇੱਥੇ ਸਿਆਸੀ ਆਗੂ ਵਜੋਂ ਨਹੀਂ ਸਗੋਂ ਇੱਕ ਦੋਸਤ ਵਜੋਂ ਆਏ ਹਨ। ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਦਿੜ੍ਹਬੇ ਆਉਂਦੇ ਹਨ ਤਾਂ ਅਜਿਹਾ ਹੋ ਹੀ ਨਹੀਂ ਸਕਦਾ ਕਿ ਸੁਰਜੀਤ ਸਿੰਘ ਧੀਮਾਨ ਨੂੰ ਨਾ ਮਿਲਣ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਦੇ ਭਾਜਪਾ ’ਚ ਸ਼ਾਮਲ ਹੋਣ ਦੇ ਸਵਾਲ ’ਤੇ ਚੰਨੀ ਨੇ ਕਿਹਾ ਕਿ ਸਾਈਕਲਾਂ ਦਾ ਸਟੈਂਡ ਹੈ ਪਰ ਇਨ੍ਹਾਂ ਲੋਕਾਂ ਕੋਲ ਨਹੀਂ ਹੈ। ਰਵਨੀਤ ਸਿੰਘ ਬਿੱਟੂ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਜ਼ਿਆਦਾ ਕੁੱਝ ਨਹੀਂ ਆਖ ਸਕਦੇ। ਉਧਰ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਕਾਂਗਰਸ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ। ਕਾਂਗਰਸੀ ਨੇਤਾ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਉਹ ਅੱਜ ਵੀ ਕਾਂਗਰਸ ਲਈ ਕੰਮ ਕਰ ਰਹੇ ਹਨ।
