ਲੁਧਿਆਣਾ , 18 ਮਈ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰ ਦਿੱਤਾ ਗਿਆ ਹੈ।ਮੁਲਾਜ਼ਮਾਂ ਨੇ ਡਿਪੂਆਂ ਵਿੱਚ ਬੱਸਾਂ ਖੜ੍ਹੀਆਂ ਕਰ ਦਿੱਤੀਆਂ ਹਨ।ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ,ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਤੇ ਅਧਿਕਾਰੀਆਂ ਵੱਲੋਂ ਨੌਕਰੀ ਤੋਂ ਲਾਂਭੇ ਕੀਤੇ ਗਏ ਮੁਲਾਜ਼ਮ ਸਾਥੀਆਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਟਰਾਂਸਪੋਰਟ ਮੁਲਾਜ਼ਮਾਂ ਨੇ ਵੱਡਾ ਕਦਮ ਚੁੱਕਿਆ ਹੈ।ਤਨਖ਼ਾਹ ਨਾ ਮਿਲਣ ਕਾਰਨ ਬੱਸ ਅੱਡੇ ਉਤੇ ਕੱਚੇ ਪਨਬੱਸ ਮੁਲਾਜ਼ਮ ਹੜਤਾਲ ਉਤੇ ਬੈਠੇ ਹਨ। ਹੜਤਾਲ ਉਤੇ ਬੈਠੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਕਿ ਤਨਖਾਹ ਨਾ ਮਿਲਣ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲ ਰਿਹਾ ਹੈ।ਉਹ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਕਰਦੇ ਹਨ ਤੇ ਇਸ ਦੇ ਬਦਲੇ ਉਨ੍ਹਾਂ ਨੂੰ ਮਿਹਨਤਾਨਾ ਵੀ ਨਹੀਂ ਮਿਲਦਾ।ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਧਰਨੇ ਉਤੇ ਬੈਠੇ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਜਲਦ ਹੀ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਉਹ ਤਿੱਖਾ ਸੰਘਰਸ਼ ਵਿੱਢਣਗੇ।ਉਨ੍ਹਾਂ ਨੇ ਕਿਹਾ ਕਿ ਸਰਕਾਰ ਹਮੇਸ਼ਾ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੇ ਅਣਗੌਲਿਆ ਕਰ ਰਹੀ ਹੈ।ਨਵੀਂ ਬਣੀ ਸਰਕਾਰਾਂ ਦੇ ਟਰਾਂਸਪੋਰਟ ਮੰਤਰੀ ਨਾਲ ਦੋ ਮੀਟਿੰਗਾਂ ਕਰ ਚੁੱਕੇ ਸਨ ਪਰ ਮੰਤਰੀ ਵੱਲੋਂ ਪਨਬੱਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ।ਜ਼ਿਕਰਯੋਗ ਹੈ ਕਿ ਕੱਚੇ ਮੁਲਾਜ਼ਮਾਂ ਨੇ ਮੀਟਿੰਗ ਕਰ ਕੇ ਐਲਾਨ ਕੀਤਾ ਸੀ ਕਿ ਸਾਰੇ ਪੰਜਾਬ ਦੇ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਬੱਸ ਸਟੈਂਡ ਦੋ ਘੰਟੇ ਲਈ ਬੰਦ ਕਰ ਕੇ ਮਿਤੀ 28, 29 ਮਈ ਨੂੰ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਤੋਂ ਬਾਅਦ 6 ਜੂਨ ਨੂੰ ਗੇਟ ਰੈਲੀਆਂ ਕਰ ਕੇ ਮਿਤੀ 8, 9,10 ਜੂਨ ਨੂੰ ਹੜਤਾਲ ਕਰ ਕੇ ਪਨਬਸ ਤੇ ਪੀਆਰਟੀਸੀ ਦਾ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਜਾਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ