ਪੰਚਕੂਲਾ,( ਬਿਊਰੋ ):ਪੰਚਕੂਲਾ ਦੇ ਸੈਕਟਰ-9 ਦੀ ਰੇਹੜੀ ਮਾਰਕੀਟ ਵਿੱਚ ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਭਿਆਨਕ ਅੱਗ ਲੱਗ ਗਈ। ਜਲਦੀ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਕਾਰਨ ਚਾਰੇ ਪਾਸੇ ਹਾਹਾਕਾਰ ਮਚ ਗਈ। ਕਈ ਦੁਕਾਨਾਂ ਅੱਗ ਦੀ ਲਪੇਟ ਵਿੱਚ ਆ ਗਈਆਂ। ਦੁਕਾਨਾਂ ਵਿੱਚ ਰੱਖੇ ਸਾਮਾਨ ਨੂੰ ਅੱਗ ਲੱਗ ਗਈ ਅਤੇ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।ਜਿਸ ਕਾਰਨ ਦੁਕਾਨਦਾਰਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚ ਗਈ ਪਰ ਇਕ ਗੱਡੀ ਨਾਲ ਅੱਗ ‘ਤੇ ਕਾਬੂ ਪਾਉਣਾ ਆਸਾਨ ਨਹੀਂ ਸੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਪਹੁੰਚੀਆ ਪਰ ਇਸ ਦੇ ਬਾਵਜੂਦ ਅੱਗ ਇੰਨੀ ਭੜਕ ਚੁੱਕੀ ਸੀ ਕਿ 10 ਫਾਇਰ ਟੈਂਡਰਾਂ ਨੂੰ ਅੱਗ ‘ਤੇ ਕਾਬੂ ਪਾਉਣ ‘ਚ 5 ਘੰਟੇ ਲੱਗ ਗਏ। ਮਿਲੀ ਜਾਣਕਾਰੀ ਮੁਤਾਬਕ ਰੇਹੜੀ ਮਾਰਕੀਟ ਦੀਆਂ 100 ਦੁਕਾਨਾਂ ਸੜ ਕੇ ਸੁਆਹ ਹੋ ਗਈਆ ਹਨ।ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਉਣ ਲਈ ਪੰਚਕੂਲਾ, ਡੇਰਾਬੱਸੀ, ਚੰਡੀਗੜ੍ਹ, ਕਾਲਕਾ, ਪਿੰਜੌਰ ਅਤੇ ਆਸ-ਪਾਸ ਦੇ ਕਈ ਇਲਾਕਿਆਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਸਨ। ਪੰਚਕੂਲਾ ਪੁਲੀਸ ਦੇ ਉੱਚ ਅਧਿਕਾਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ’ਤੇ ਪੁੱਜੇ।