ਮਾਲੇਰਕੋਟਲਾ, 02 ਅਕਤੂਬਰ ( ਬੌਬੀ ਸਹਿਜਲ, ਧਰਮਿੰਦਰ) –

ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਅੱਜ ਮਾਲੇਰਕੋਟਲਾ ਦੀ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਕਰਨਦੀਪ ਸਿੰਘ, ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਰੂਪਪ੍ਰੀਤ ਕੌਰ, ਸ੍ਰੀ ਰਸਮਿੰਦਰ ਸਿੰਘ ਸੋਹੀ, ਸਕੱਤਰ ਮਾਰਕੀਟ ਕਮੇਟੀ ਸ੍ਰੀ ਮਨਪ੍ਰੀਤ ਸਿੰਘ, ਏ.ਐਫ.ਐਸ.ਓ ਪਨਗਰੇਨ ਸ੍ਰੀ ਹਰਜੀਤ ਸਿੰਘ, ਪਨਸਪ ਤੋਂ ਸ੍ਰੀ ਸੰਦੀਪ ਸਿੰਘ, ਮਾਰਕਫੈਡ ਤੋਂ ਰਵਿੰਦਰ ਕੌਰ, ਸ੍ਰੀ ਸ਼ਮਸੂਦੀਨ, ਉੱਘੇ ਸਮਾਜ ਸੇਵਕ ਅਸ਼ਰਫ਼ ਅਬਦੁੱਲਾ, ਜ਼ਿਲ੍ਹਾ ਪ੍ਰਧਾਨ ਮੁਹੰਮਦ ਜਾਫ਼ਰ ਅਲੀ ਤੋਂ ਇਲਾਵਾ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ। ਇਸ ਮੌਕੇ ਉਨ੍ਹਾਂ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਤ ਬਾਤ ਕਰਦਿਆ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖ਼ਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ।
ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਿਰਧਾਰਿਤ ਕੀਤੇ ਗਏ ਘੱਟੋ-ਘੱਟ 2060/- ਰੁਪਏ ਪ੍ਰਤੀ ਕਵਿੰਟਲ ਝੋਨਾ ਗ੍ਰੇਡ-ਏ ਅਤੇ 2040/- ਰੁਪਏ ਪ੍ਰਤੀ ਕਵਿੰਟਲ ਝੋਨਾ ਕਾਮਨ ਵਰਾਇਟੀ ਤੇ ਖ਼ਰੀਦ ਕੀਤੀ ਜਾਵੇਗੀ। ਮੰਡੀਆਂ ਵਿੱਚ ਜਿਨਸ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਭੁਗਤਾਨ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆ ਵਿੱਚ ਕੀਤਾ ਜਾਵੇਗਾ ।
ਉਨ੍ਹਾਂ ਦੱਸਿਆ ਕਿ ਮੰਡੀਆਂ ‘ਚ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਮੂਹ ਖ਼ਰੀਦ ਕੇਂਦਰਾਂ ਦੇ ਹਰੇਕ ਪ੍ਰਵੇਸ਼ ਦੁਆਰ ਉੱਤੇ ਝੋਨੇ ਦੀ ਗੁਣਵੱਤਾ ਦੀ ਜਾਂਚ ਲਈ ਉਪਕਰਨਾਂ ਦੀ ਲੋੜੀਂਦੀ ਵਿਵਸਥਾ ਕੀਤੀ ਗਈ ਤਾਂ ਜੋ ਝੋਨੇ ਦੀ ਨਮੀ ਵੀ ਚੈੱਕ ਕੀਤਾ ਜਾ ਸਕੇ । ਉਨ੍ਹਾਂ ਕਿਹਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਬਰਦਾਨੇ ਦੇ ਪੁਪੱਖਤਾ ਪ੍ਰਬੰਧ ਕਰ ਲਏ ਗਏ ਹਨ । ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਨਮੀ ਦੀ ਤੈਅ ਹੱਦ ਮੁਤਾਬਕ ਹੀ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਇਸ ਨੂੰ ਵੇਚਣ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ।
ਇਸ ਮੌਕੇ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਅਫ਼ਸਰ ਸ੍ਰੀਮਤੀ ਰੂਪਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 04 ਲੱਖ 60 ਹਜ਼ਾਰ 233 ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਪਨਗਰੇਨ, ਮਾਰਕਫੈਡ, ਪਨਸਪ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਦੀ ਸਹੂਲਤ ਲਈ 46 ਰੈਗੂਲਰ ਮੰਡੀਆਂ, ਜਿਨ੍ਹਾਂ ਵਿੱਚ 04 ਮੁੱਖ ਯਾਰਡ, 06 ਸਬ ਯਾਰਡ ਅਤੇ 36 ਖ਼ਰੀਦ ਕੇਂਦਰ ਸ਼ਾਮਲ ਹਨ, ਵਿੱਚ ਝੋਨੇ ਦੀ ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ।