
ਅੰਮ੍ਰਿਤਸਰ,(ਵਿਕਾਸ ਮਠਾੜੂ- ਜੱਸੀ ਢਿੱਲੋਂ): : ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਕਰਵਾਏ ਜਾ ਰਹੇ ਨਗਰ ਕੀਰਤਨ ਦੀ ਤਿਆਰੀਆਂ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ।ਇਸ ਦੌਰਾਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਨੂੰ ਲੈ ਕੇ ਮੇਅਰ ਕਰਮਜੀਤ ਸਿੰਘ ਰਿੰਟੂ, ਨਗਰ ਨਿਗਮ,ਜ਼ਿਲ੍ਹਾ ਪ੍ਰਸ਼ਾਸਨ,ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਐਸਜੀਪੀਸੀ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੇਅਰ ਵੱਲੋਂ ਹਰ ਗੁਰਪੁਰਬ, ਹਰ ਸਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਦੇ ਹਰ ਸਮਾਗਮ ‘ਚ ਵਿਸ਼ੇਸ਼ ਸਹਿਯੋਗ ਦਿੱਤਾ ਜਾਂਦਾ ਹੈ ਤੇ ਅਗਾਂਹ ਵੀ ਮੇਅਰ ਵੱਲੋਂ ਇਸੇ ਤਰ੍ਹਾਂ ਦੀ ਸਹਿਯੋਗ ਕਰਨ ਦੀ ਆਸ ਕਰਦਿਆਂ ਹੋਇਆਂ ਇਸ ਵਾਰ ਵੀ ਸ਼ਹਿਰ ਨੂੰ ਸਾਫ਼-ਸਫ਼ਾਈ ਰੱਖਣ ਸਬੰਧੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਸਾਨੂੰ ਗੁਰੂ ਦੀ ਨਗਰੀ ਅੰਮ੍ਰਿਤਸਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਮੇਅਰ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਵਸਾਈ ਇਸ ਧਰਤੀ ਉਤੇ ਅਸੀਂ ਸਭ ਹੀ ਸੇਵਾਦਾਰ ਵਜੋਂ ਕੰਮ ਕਰ ਰਹੇ ਹਾਂ। ਮੇਅਰ ਨੇ ਮੌਕੇ ਉਤੇ ਮੌਜੂਦ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਸ-ਜਿਸ ਰਸਤੇ ਉਤੇ ਨਗਰ ਕੀਰਤਨ ਲੰਘਣਾ ਹੈ ਤੇ ਸੰਗਤਾਂ ਨੇ ਦੂਰ-ਦੁਰਾਡੇ ਤੋਂ ਇਸ ਨਗਰ ਕੀਰਤਨ ‘ਚ ਸ਼ਾਮਲ ਹੋਣਾ ਹੈ, ਉਸ ਰਸਤੇ ਨੂੰ ਲੁੱਕ ਪਵਾਂ ਕੇ ਦਰੁਸਤ ਕੀਤਾ ਜਾਵੇ ਤਾਂ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਨਿਗਮ ਦੀਆਂ ਸਮੂਹ ਇਮਾਰਤਾਂ ਤੇ ਲਾਈਟਿੰਗ ਕਰਵਾਈ ਜਾਵੇਗੀ।ਮੇਅਰ ਰਿੰਟੂ ਨੇ ਕਿਹਾ ਕਿ ਹੈਰੀਟੇਜ ਸਟਰੀਟ ਜਿਸ ਦੀ ਸਾਫ਼-ਸਫ਼ਾਈ ਹਰ ਰੋਜ਼ 24 ਘੰਟੇ ਤਿੰਨ ਸ਼ਿਫਟਾਂ ਵਿੱਚ ਹੋ ਰਹੀ ਹੈ ਫਿਰ ਵੀ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਨਗਰ ਨਿਗਮ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਨਾਲ ਹੀ ਸ਼ਹਿਰ ਦੇ ਹਰ ਚੌਕ, ਚੁਰਾਹੇ ਉਤੇ ਹਾਈਮਾਸਟ ਲਾਈਟਾਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਅੰਮ੍ਰਿਤਸਰ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਹੋਵੇ। ਮੇਅਰ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਬਣਾਈ ਰੱਖਣ ਲਈ ਜਿੱਥੇ ਨਗਰ ਨਿਗਮ ਨੇ ਵਿਸ਼ੇਸ਼ ਤੌਰ ਉਤੇ ਟੀਮਾਂ ਦਾ ਗਠਨ ਕੀਤਾ ਹੈ ਉਥੇ ਸ਼ਹਿਰ ਵਾਸੀਆਂ ਨੂੰ ਵੀ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਸਿਰਪਾਓ ਤੇ ਵਿਸ਼ੇਸ਼ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਨਿਗਰਾਨ ਇੰਜੀ. ਸੰਦੀਪ ਸਿੰਘ, ਸਤਿੰਦਰ ਕੁਮਾਰ, ਕਾਰਜਕਾਰੀ ਇੰਜੀ.ਰਜਿੰਦਰ ਸਿੰਘ ਮਰੜੀ, ਸਿਹਤ ਅਫਸਰ ਡਾ: ਕਿਰਨ ਕੁਮਾਰ, ਡਾ: ਯੌਗੇਸ਼ ਅਰੋੜਾ, ਸੁਪਰਡੰਟ ਪੁਸ਼ਪਿੰਦਰ ਸਿੰਘ, ਚੀਫ਼ ਸੈਨੇਟਰੀ ਇੰਸਪੈਕਟਰ, ਸੈਨੇਟਰੀ ਇੰਸਪੈਕਟਰ, ਜੇ.ਈਜ਼ ਆਦਿ ਹਾਜ਼ਰ ਸਨ।