ਮੁੱਲਾਂਪੁਰ, 29 ਨਵੰਬਰ ( ਬੌਬੀ ਸਹਿਜਲ, ਧਰਮਿੰਦਰ )-ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕ ਨਾ ਸਿਰਫ ਆਪਣੀ ਜਾਨ ਨੂੰ ਹੀ ਖਤਰੇ ਵਿੱਚ ਨਹੀਂ ਪਾਉਂਦੇ ਸਗੋਂ ਦੂਜਿਆਂ ਦੀ ਜਾਨ ਲਈ ਵੀ ਖਤਰਾ ਬਣ ਜਾਂਦੇ ਹਨ। ਇਸ ਲਈ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਕਦੇ ਵੀ ਸ਼ਰਾਬ ਪੀ ਕੇ ਗੱਡੀ ਨਾ ਚਲਾਓ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੋ। ਇਹ ਸੰਦੇਸ਼ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਟਰੈਫ਼ਿਕ ਵਿੰਗ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਹਰਪਾਲ ਸਿੰਘ ਨੇ ਗੁਰੂ ਨਾਨਕ ਟੈਕਸੀ ਸਟੈਂਡ ਦਾਖਾ ਵਿਖੇ ਕਰਵਾਏ ਗਏ ਸੈਮੀਨਾਰ ਦੌਰਾਨ ਡਰਾਈਵਰਾਂ ਨੂੰ ਸੰਬੋਧਨ ਕਰਦਿਆਂ ਦਿੱਤਾ। ਉਨ੍ਹਾਂ ਸਾਰਿਆਂ ਨੂੰ ਆਪਣੇ ਵਾਹਨਾਂ ਦੇ ਦਸਤਾਵੇਜ਼ ਮੁਕੰਮਲ ਰੱਖਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਟੈਕਸੀ ਸਟੈਂਡ ਦੇ ਪ੍ਰਧਾਨ ਪਰਮਿੰਦਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੇ ਸਮੂਹ ਸਾਥੀ ਹਮੇਸ਼ਾ ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ। ਇਸ ਮੌਕੇ ਏ.ਐਸ.ਆਈ ਪਰਮਜੀਤ ਸਿੰਘ ਤੋਂ ਇਲਾਵਾ ਗੁਰੂ ਨਾਨਕ ਟੈਕਸੀ ਸਟੈਂਡ ਦੇ ਸਮੂਹ ਮੈਂਬਰ ਹਾਜ਼ਰ ਸਨ।
