– ਐਸ.ਡੀ.ਐਮ. ਤੇ ਐਸ.ਪੀ. ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੰਗਰ ਕਮੇਟੀਆਂ ਨਾਲ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 12 ਦਸੰਬਰ: ( ਭਗਵਾਨ ਭੰਗੂ, ਰੋਹਿਤ ਗੋਇਲ)-ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਉਨ੍ਹਾਂ ਮਹਾਨ ਕੁਰਬਾਨੀਆਂ ਦੀ ਯਾਦ ਦਿਵਾਉਂਦੀ ਹੈ ਜਦੋਂ 7 ਤੇ 9 ਸਾਲ ਦੇ ਮਾਸੂਮ ਛੋਟੇ ਬੱਚਿਆਂ ਨੇ ਮਨੁੱਖਤਾ ਦੀ ਰਾਖੀ ਲਈ ਸ਼ਹਾਦਤ ਦਾ ਜਾਮ ਪੀਤਾ ਸੀ। ਮਨੁੱਖੀ ਹਿਰਦੈ ਵਲੁੰਦਰਣ ਵਾਲੀ ਇਸ ਇਤਿਹਾਸਕ ਕੁਰਬਾਨੀ ਨੂੰ ਵੇਖਦੇ ਹੋਏ ਸਮੂਹ ਲੰਗਰ ਕਮੇਟੀਆਂ ਸਾਦੇ ਲੰਗਰ ਲਗਾਉਣ ਨੂੰ ਤਰਜ਼ੀਹ ਦੇਣ ਜੋ ਕਿ ਸਹੀ ਅਰਥਾਂ ਵਿੱਚ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੌਰਾਨ ਲੰਗਰ ਲਗਾਉਣ ਵਾਲੀਆਂ ਵੱਖ-ਵੱਖ ਪਿੰਡਾਂ ਦੀਆਂ ਲੰਗਰ ਕਮੇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਹੁਦੇਦਾਰਾਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਲੰਗਰ ਕਮੇਟੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਲੰਗਰਾਂ ਵਿੱਚ ਪਲਾਸਟਿਕ ਅਤੇ ਡਿਸਪੋਜ਼ਲ ਬਰਤਨਾਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਲੰਗਰਾਂ ਵਿੱਚ ਕਲੋਰੀਨ ਯੁਕਤ ਪਾਣੀ ਹੀ ਵਰਤਾਇਆ ਜਾਵੇ।ਅਟਵਾਲ ਨੇ ਇਹ ਵੀ ਦੱਸਿਆ ਕਿ ਲੰਗਰਾਂ ਲਈ ਰਾਸ਼ਨ ਤੇ ਦੁੱਧ ਆਦਿ ਰਾਤ 10:00 ਵਜੇ ਤੋਂ ਸਵੇਰੇ 10:00 ਵਜੇ ਤੱਕ ਲਿਆਂਦਾ ਜਾ ਸਕਦਾ ਹੈ ਅਤੇ ਸਿਵਲ ਸਰਜਨ ਦੀ ਪ੍ਰਵਾਨਗੀ ਤੋਂ ਬਿਨਾਂ ਮੈਡੀਕਲ ਕੈਂਪ ਨਹੀਂ ਲਗਾਏ ਜਾ ਸਕਦੇ। ਉਨ੍ਹਾਂ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਟਰੈਕਟਰ ਤੇ ਟਰਾਲੀਆਂ ਵਿੱਚ ਉਚੀ ਆਵਾਜ਼ ਵਿੱਚ ਸਪੀਕਰ ਨਾ ਚਲਾਏ ਜਾਣ ਅਤੇ ਲੰਗਰਾਂ ਵਿੱਚ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਗੰਦਗੀ ਨਾਲ ਕਿਸੇ ਕਿਸਮ ਦੀ ਬਿਮਾਰੀ ਨਾ ਫੈਲ ਸਕੇ। ਉਨ੍ਹਾਂ ਹੋਰ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਨਾ ਲਗਾਏ ਜਾਣ ਅਤੇ ਲੰਗਰਾਂ ਵਿੱਚ ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਦਾ ਕੁਨੈਕਸ਼ਨ ਜਰੂਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਭੰਗ ਦੇ ਪਕੌੜੇ ਜਾਂ ਭੰਗ ਪੀਣ ਦੇ ਸਟਾਲ ਨਹੀਂ ਲਗਾਏ ਜਾ ਸਕਦੇ ਅਤੇ ਨਾ ਹੀ ਵੇਚੇ ਜਾ ਸਕਦੇ ਹਨ। ਉਨ੍ਹਾਂ ਲੰਗਰ ਕਮੇਟੀਆਂ ਨੂੰ ਕਿਹਾ ਕਿ ਇਸ ਮਹਾਨ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦਿੱਤਾ ਜਾਵੇ।ਇਸ ਮੌਕੇ ਐਸ.ਪੀ. (ਐਚ) ਰਮਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਰਾ ਪੁਲਿਸ ਵੱਲੋਂ ਸੰਗਤਾਂ ਦੀ ਸੁਰੱਖਿਆ ਲਈ ਸਖਤ ਪ੍ਰਬੰਧ ਕੀਤੇ ਜਾਣਗੇ । ਸੰਗਤਾਂ ਦੀ ਸੁਰੱਖਿਆ ਲਈ ਜਿਥੇ ਪੁਲਿਸ ਵੱਲੋਂ ਚੈਕ ਪੋਸਟ ਬਣਾਏ ਜਾਣਗੇ ਉਥੇ ਹੀ ਸ਼ਰਧਾਲੂਆਂ ਦੀ ਸਹੂਲਤ ਲਈ ਪੰਜ ਪੁੱਛਗਿੱਛ ਕੇਂਦਰ ਵੀ ਸਥਾਪਤ ਕੀਤੇ ਜਾਣਗੇ ਜਿਥੋਂ ਕਿ ਮੈਡੀਕਲ ਸਹੂਲਤ ਲੈਣ ਦੇ ਨਾਲ-ਨਾਲ ਪੁਲਿਸ ਦੀ ਸਹਾਇਤਾ ਵੀ ਲਈ ਜਾ ਸਕੇਗੀ। ਉਨ੍ਹਾਂ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਸ਼ਹੀਦੀ ਸਭਾ ਦੌਰਾਨ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੜਕ ਤੋਂ 10 ਫੁੱਟ ਪਿੱਛੇ ਹਟਕੇ ਲੰਗਰ ਲਗਾਏ ਜਾਣ ਅਤੇ ਸੜਕਾਂ ਦੇ ਆਲੇ ਦੁਆਲੇ ਟਰੈਕਟਰ ਟਰਾਲੀਆ ਖੜੀਆ ਨਾ ਕੀਤੀਆਂ ਜਾਣ। ਇਸ ਮੌਕੇ ਡੀ.ਐਸ.ਪੀ. ਸੁਖਬੀਰ ਸਿੰਘ, ਡੀ.ਐਸ.ਪੀ. ਗੁਰਬੰਸ ਸਿੰਘ ਬੈਂਸ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸ਼੍ਰੀ ਗੁਰਬਖਸ਼ੀਸ਼ ਸਿੰਘ, ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ, ਕਰਨੈਲ ਸਿੰਘ ਪੰਜੋਲੀ, ਜਗਦੀਪ ਸਿੰਘ ਚੀਮਾ, ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਅਤੇ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਲੰਗਰ ਕਮੇਟੀਆਂ ਦੇ ਅਹੁਦੇਦਾਰ ਮੌਜੂਦ ਸਨ।