– ਕਲੀਅਰੈਂਸ ‘ਚ ਤੇਜ਼ੀ ਲਿਆਉਣ ਲਈ ਸਾਰੀਆਂ ਸਬ-ਡਵੀਜ਼ਨਾਂ ‘ਚ ਲਗਾਏ ਜਾਣ ਵਿਸ਼ੇਸ਼ ਕੈਂਪ
ਲੁਧਿਆਣਾ, 12 ਦਸੰਬਰ ( ਲਿਕੇਸ਼ ਸ਼ਰਮਾਂ, ਵਿਕਾਸ ਮਠਾੜੂ ) – ਲੋਕਾਂ ਨੂੰ ਪ੍ਰਭਾਵਸ਼ਾਲੀ, ਤੁਰੰਤ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਵਿਭਾਗਾਂ ਕੋਲ ਆਮ ਲੋਕਾਂ ਵੱਲੋਂ ਦਾਇਰ ਕੀਤੀਆਂ ਦਰਖਾਸਤਾਂ ਦਾ ਨਿਪਟਾਰਾ ਜਲਦ ਕਰਨ ਅਤੇ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ।ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨੂੰ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗਾਂ ਵੱਲੋਂ ਦਰਖਾਸਤਾਂ ਨੂੰ ਕਲੀਅਰ ਕਰਨ ਦੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦਫ਼ਤਰਾਂ ਵਿੱਚ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਅਰਜ਼ੀਆਂ ਦੀ ਕਲੀਅਰਿੰਗ ਨੂੰ ਯਕੀਨੀ ਬਣਾਉਣ ਲਈ ਸਟਾਫ ਦੀਆਂ ਸ਼ਨੀਵਾਰ ਅਤੇ ਐਤਵਾਰ ਨੂੰ ਸੇਵਾਵਾਂ ਲਈਆਂ ਜਾਣ ਅਤੇ ਕਲੀਅਰੈਂਸ ਵਿੱਚ ਤੇਜ਼ੀ ਲਿਆਉਣ ਲਈ ਸਾਰੀਆਂ ਸਬ-ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾਉਣ ਲਈ ਵੀ ਕਿਹਾ।ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਆਮ ਲੋਕਾਂ ਦੀਆਂ ਅਰਜ਼ੀਆਂ ‘ਤੇ ਕਾਰਵਾਈ ਕਰਨ ਵਿੱਚ ਹੋ ਰਹੀ ਬੇਲੋੜੀ ਦੇਰੀ ਦਾ ਕਾਰਨ ਦਰਜ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਬੇਲੋੜੇ ਇਤਰਾਜ਼ ਲੋਕਾਂ ਨੂੰ ਪ੍ਰੇਸ਼ਾਨ ਕਰਨ ਦਾ ਕਾਰਨ ਬਣਦੇ ਹਨ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਵਿਭਾਗਾਂ ਦੇ ਕੰਮਕਾਜ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਾਉਣ ਵਿੱਚ ਮਦਦ ਕਰਨ ਜਿਸ ਨਾਲ ਲੋਕਾਂ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਵਿੱਚ ਭਰੋਸਾ ਪੈਦਾ ਹੋਵੇਗਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਭਲੇ ਲਈ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਲਾਗੂ ਕਰਨ ਲਈ ਵਚਨਬੱਧ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮੇਜਰ ਅਮਿਤ ਸਰੀਨ, ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ, ਸਵਾਤੀ ਟਿਵਾਣਾ, ਗੁਰਸਿਮਰਨ ਸਿੰਘ ਢਿੱਲੋਂ, ਮੁੱਖ ਮੰਤਰੀ ਦੀ ਫੀਲਡ ਅਫਸਰ ਡਾ. ਪੂਨਮਪ੍ਰੀਤ ਕੌਰ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।