ਬੱਸੀ ਪਠਾਣਾ 20 ਦਸੰਬਰ:( ਰਾਜੇਸ਼ ਜੈਨ, ਭਗਵਾਨ ਭੰਗੂ)-ਦਿਨੋਂ ਦਿਨ ਵੱਧ ਰਿਹਾ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਰੇ ਪੰਜਾਬੀਆਂ ਦਾ ਸਹਿਯੋਗ ਬਹੁਤ ਜਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮਾਜ ਸੇਵੀ ਸੰਸਥਾ ਰਾਊਂਡ ਦਿ ਗਲਾਸ ਫਾਊਂਡੇਸ਼ਨ ਵੱਲੋਂ ਬੱਸੀ ਪਠਾਣਾ ਬਲਾਕ ਦੇ ਪਿੰਡ ਖੇੜੀ ਬੀਰ ਸਿੰਘ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੇ ਉਦਘਾਟਨ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣੇ ਬਹੁਤ ਜ਼ਰੂਰੀ ਹਨ ਕਿਉਂਕਿ ਜਿਸ ਤੇਜੀ ਨਾਲ ਮਨੁੱਖ ਨੇ ਆਪਣੇ ਨਿੱਜੀ ਸਵਾਰਥਾਂ ਲਈ ਦਰਖ਼ਤਾਂ ਦੀ ਕਟਾਈ ਕੀਤੀ ਉਸ ਨਾਲ ਕਈ ਤਰ੍ਹਾਂ ਦੇ ਬਦਲਾਅ ਆਏ ਹਨ ਅਤੇ ਇਨ੍ਹਾਂ ਬਦਲਾਵਾਂ ਕਾਰਨ ਹੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆਂ ਰਹਿੰਦਾ ਹੈ। ਇਸ ਲਈ ਬੂਟੇ ਲਗਾ ਕੇ ਜਿਥੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ ਉਥੇ ਹੀ ਸਵੱਛ ਤੇ ਹਰਿਆ ਭਰਿਆ ਵਾਤਾਵਰਣ ਸਿਰਜਣ ਵਿੱਚ ਵੀ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ।ਵਾਤਾਵਰਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਮੁਹਿੰਮ ਚਲਾਈ ਸੀ ਜਿਸ ਤਹਿਤ ਹਰੇਕ ਹਲਕੇ ਵਿੱਚ 50 ਹਜ਼ਾਰ ਬੂਟੇ ਲਗਾਏ ਗਏ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਬੂਟੇ ਲਗਾਉਣ ਲਈ ਚਲਾਈ ਮੁਹਿੰਮ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ ਕਿਉਂਕਿ ਅੱਜ ਦੇ ਨੌਜਵਾਨ ਵਾਤਾਵਰਣ ਪ੍ਰਦੂਸ਼ਣ ਦੇ ਖਾਤਮੇ ਲਈ ਕਾਫੀ ਸੰਜੀਦਾ ਹਨ। ਉਨ੍ਹਾਂ ਰਾਊਂਡ ਗਲਾਸ ਫਾਊਂਡੇਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਸਥਾ ਵੱਲੋਂ ਉਨ੍ਹਾਂ ਪਾਸੋਂ ਅੱਜ 10 ਲੱਖਵਾਂ ਬੂਟਾ ਲਗਾਇਆ ਗਿਆ ਹੈ ਜਿਸ ਨਾਲ ਵਾਤਾਵਰਣ ਨੂੰ ਸਵੱਛ ਤੇ ਹਰਿਆ ਭਰਿਆ ਬਣਾਉਣ ਵਿੱਚ ਕਾਫੀ ਮਦਦ ਮਿਲੇਗੀ। ਉਨ੍ਹਾਂ ਪਿੰਡਾਂ ਦੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇ।ਮੀਤ ਹੇਅਰ ਨੇ ਕਿਹਾ ਕਿ ਪਿੰਡਾਂ ਦਾ ਕੂੜਾ ਕਰਕਟ ਵੱਖ-ਵੱਖ ਕਰਕੇ ਹੀ ਸੁੱਟਣਾ ਚਾਹੀਦਾ ਹੈ ਕਿਉਂਕਿ ਗਿੱਲੇ ਤੇ ਸੁੱਕੇ ਕੂੜੇ ਨੂੰ ਜਿਥੇ ਜੈਵਿਕ ਖੇਤੀ ਲਈ ਵਰਤਿਆ ਜਾ ਸਕਦਾ ਹੈ ਉਥੇ ਹੀ ਇਸ ਨਾਲ ਜ਼ਹਿਰਾਂ ਰਹਿਤ ਖਾਦ ਵੀ ਤਿਆਰ ਹੁੰਦੀ ਹੈ ਜੋ ਕਿ ਕਈ ਬਿਮਾਰੀਆਂ ਦਾ ਖਾਤਮਾ ਕਰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕੂੜਾ ਕਰਕਟ ਨੂੰ ਵੱਖਰਾ ਕਰਨ ਦੀ ਮੁਹਿੰਮ ਵਿੱਚ ਜੋ ਯੋਗਦਾਨ ਪਾ ਰਹੇ ਹਨ ਉਹ ਸ਼ਲਾਘਾਯੋਗ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾ ਰਾਊਂਡ ਗਲਾਸ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ।ਇਸ ਮੌਕੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਤੇ ਪ੍ਰਦੂਸ਼ਣ ਮੁਕਤ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਮਿਲ ਜੁੱਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਰਾਊਂਡ ਗਲਾਸ ਫਾਊਂਡੇਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਸਥਾ ਵੱਲੋਂ ਵਾਤਾਵਰਣ ਦੀ ਸੰਭਾਲ ਵਿੱਚ ਜੋ ਯੋਗਦਾਨ ਪਾਇਆ ਜਾ ਰਿਹਾ ਹੈ ਉਹ ਸ਼ਲਾਘਾਯੋਗ ਹੈ ਜੋ ਕਿ ਹੋਰਨਾਂ ਲਈ ਪ੍ਰੇਰਨਾ ਸਰੋਤ ਬਣੇਗਾ। ਇਸ ਮੌਕੇ ਐਸ.ਡੀ.ਐਮ. ਬਸੀ ਪਠਾਣਾ ਅਸ਼ੋਕ ਕੁਮਾਰ, ਰਾਊਂਡ ਗਲਾਸ ਫਾਊਂਡੇਸ਼ਨ ਦੇ ਵਿਸ਼ਾਲ ਚਾਵਲਾ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜਨੀਅਰ ਅਨੁਰਾਧਾ ਅਤੇ ਅਮਨਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।