ਚੰਡੀਗੜ੍ਹ, 21 ਦਸੰਬਰ: ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ) -ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿੱਚ ਸਬ ਕੈਬਨਿਟ ਕਮੇਟੀ ਦੀ ਮੀਟਿੰਗ ਮਿਉਂਸੀਪਲ ਭਵਨ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕੈਬਨਿਟ ਸਬ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਵੀ ਹਾਜ਼ਰ ਸਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਜੀ- 20 ਸੰਮੇਲਨ ਮਾਰਚ 2023 ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸੰਭਾਵੀ ਤੌਰ ਤੇ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ। ਇਸ ਜੀ-20 ਸਿਖਰ ਸੰਮੇਲਨ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਾਮਲ ਹੋਣਗੇ। ਉਹਨਾਂ ਨੇ ਦੱਸਿਆ ਕਿ ਇਹ ਸੂਬੇ ਲਈ ਬੜੇ ਮਾਣ ਦੀ ਗੱਲ ਹੈ ਕਿ ਅੰਤਰਰਾਸ਼ਟਰੀ ਪੱਧਰ ਦਾ ਇਹ ਸਮਾਗਮ ਪੰਜਾਬ ਵਿੱਚ ਹੋਣ ਜਾ ਰਿਹਾ ਹੈ।ਕੈਬਨਿਟ ਮੰਤਰੀ ਡਾ. ਨਿੱਜਰ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਸਬੰਧੀ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਹਾਜਰ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੀ-20 ਸੰਮੇਲਨ ਦੇ ਸਬੰਧ ਵਿਚ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ਵਿਚ ਕੋਈ ਕਮੀ ਨੀ ਛੱਡੀ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸੂਬੇ ਦੇ ਅੰਮ੍ਰਿਤਸਰ ਸ਼ਹਿਰ ਨੂੰ ਭਾਰਤ ਦੀ ਤਰਫੋ ਦੁਨੀਆ ਦੇ ਨਕਸ਼ੇ ‘ਤੇ ਪੇਸ਼ ਕੀਤਾ ਜਾਣਾ ਹੈ, ਇਸ ਲਈ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਵਰਤਣ ਵਾਲੇ ਅਧਿਕਾਰੀ ਨੂੰ ਬਖਸ਼ਿਆਂ ਨਹੀਂ ਜਾਵੇਗਾ।
ਕੈਬਨਿਟ ਸਬ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਅਮ੍ਰਿਤਸਰ ਨੂੰ ਨਿਰਦੇਸ਼ ਦਿੱਤੇ ਹਨ ਕਿ ਅੰਮ੍ਰਿਤਸਰ ਦੇ ਮੇਅਰ ਦੀ ਅਗਵਾਈ ਵਿਚ ਇਕ ਸਥਾਨਕ ਕਮੇਟੀ ਬਣਾਈ ਜਾਵੇ ਤਾਂ ਜੋ ਜੀ-20 ਦੇ ਸਬੰਧ ਵਿੱਚ ਅੰਮ੍ਰਿਤਸਰ ਵਿਖੇ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਅਤੇ ਹੋਰ ਤਿਆਰੀਆਂ ਦਾ ਜਾਇਜ਼ਾ ਸਮੇਂ-ਸਮੇਂ ਤੇ ਲਿਆ ਜਾ ਸਕੇ।ਉਹਨਾਂ ਦੱਸਿਆ ਕਿ ਕੀਤੇ ਜਾਣ ਵਾਲੇ ਕੰਮਾਂ ਵਿੱਚ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੇ ਕੰਮ, ਗਰੀਨ ਬੈਲਟ ਬਨਾਉਣਾ, ਗੋਲਡਨ ਗੇਟ ਨੂੰ ਰੰਗ ਕਰਨਾ, ਸਾਲਿਡ ਵੇਸਟ ਮੈਨੇਜਮੈਂਟ ਦੇ ਕੰਮ ਵਿੱਚ ਸੁਧਾਰ, ਸਾਇਨੇਜ ਬੋਰਡ ਲਗਾਉਣਾ,ਬਿਜਲੀ ਤੇ ਟਰੈਫਿਕ ਲਾਈਟਾਂ ਦੇ ਕੰਮ ਸ਼ਾਮਲ ਹਨ।ਡਾ. ਨਿੱਜਰ ਨੇ ਅੱਗੇ ਦੱਸਿਆ ਕਿ ਜੀ-20 ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ਤੇ ਤਕਰੀਬਨ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਨੇ ਦੱਸਿਆ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਤੇ ਪ੍ਰਬੰਧ ਕੀਤੇ ਜਾਣਗੇ। ਸਥਾਨਕ ਸਰਕਾਰਾਂ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਅੰਤਰਰਾਸ਼ਟਰੀ ਸਮਾਗਮ ਨਾਲ ਜਿੱਥੇ ਸੂਬਾ ਵਿਸ਼ਵ ਸੂਬਾ ਸੈਰ-ਸਪਾਟੇ ਦੇ ਨਕਸ਼ੇ ‘ਤੇ ਉਭਰੇਗਾ ਉਥੇ ਨਾਲ ਹੀ ਨਿਵੇਸ਼ ਨੂੰ ਵੀ ਹੁਲਾਰਾ ਮਿਲਣ ਦੀ ਸੰਭਾਵਨਾ ਹੈ।ਉਹਨਾਂ ਨੇ ਇਸ ਮੌਕੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਵੇਰਵੇ ਦਿੰਦੇ ਕਿਹਾ ਕਿ ਜੋ ਵੀ ਕੰਮ ਕੀਤਾ ਜਾਵੇਗਾ ਉਹ ਕੇਵਲ ਪ੍ਰੋਗਰਾਮ ਲਈ ਨਹੀਂ, ਬਲਕਿ ਸ਼ਹਿਰ ਵਾਸੀਆਂ ਦੀ ਲੋੜ ਅਨੁਸਾਰ ਮਜ਼ਬੂਤ ਅਤੇ ਵਧੀਆ ਗੁਣਵੱਤਾ ਵਾਲੇ ਕੰਮ ਹੋਣਗੇ। ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹਰ ਹੀਲੇ ਅੰਮ੍ਰਿਤਸਰ ਵਿਖੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ, ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ, ਉਮਾ ਸ਼ੰਕਰ ਗੁੱਪਤਾ, ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ।