ਮੋਗਾ, 21 ਦਸੰਬਰ ( ਕੁਲਵਿੰਦਰ ਸਿੰਘ) – ਕੁਲਵੰਤ ਸਿੰਘ ਦੇ ਸਿਖਲਾਈ ਉੱਤੇ ਚੱਲਦਿਆਂ ਅੱਜ ਪੰਜਾਬ ਸਰਕਾਰ ਵੱਲੋਂ ਸ਼੍ਰੀਮਤੀ ਪੂਨਮਦੀਪ ਕੌਰ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਹਨਾਂ ਨੇ ਅੱਜ ਸਵੇਰੇ ਆਪਣਾ ਅਹੁਦਾ ਸੰਭਾਲ ਲਿਆ। ਉਹਨਾਂ ਦੀ ਆਮਦ ਉੱਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਗਾਰਡ ਆਫ ਆਨਰ ਦਿੱਤਾ ਗਿਆ। ਦੱਸਣਯੋਗ ਹੈ ਕਿ ਸ਼੍ਰੀਮਤੀ ਪੂਨਮਦੀਪ ਕੌਰ 2013 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਸਮੇਂ ਉਹ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਅੱਜ ਉਹਨਾਂ ਅਹੁਦਾ ਸੰਭਾਲਣ ਮੌਕੇ ਚੁਣਵੇਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਉਹਨਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਇਸ ਤੋਂ ਬਾਅਦ ਉਹਨਾਂ ਨੇ ਆਈ ਐੱਸ ਐੱਫ ਕਾਲਜ ਦਾ ਵੀ ਦੌਰਾ ਕੀਤਾ ਜਿੱਥੇ ਕਿ 26 ਦਸੰਬਰ ਨੂੰ ਐਨ ਆਰ ਆਈ ਪੰਜਾਬੀਆਂ ਨਾਲ ਮਿਲਣੀ ਸਮਾਗਮ ਹੋਣਾ ਹੈ।
ਇਸ ਮੌਕੇ ਸ਼੍ਰੀ ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ, ਰਾਮ ਸਿੰਘ ਐੱਸ ਡੀ ਐੱਮ ਮੋਗਾ, ਸ਼੍ਰੀਮਤੀ ਚਾਰੂਮਿਤਾ ਐੱਸ ਡੀ ਐੱਮ ਧਰਮਕੋਟ ਅਤੇ ਹੋਰ ਹਾਜ਼ਰ ਸਨ।
