ਮੋਗਾ , 23 ਦਸੰਬਰ: ( ਕੁਲਵਿੰਦਰ ਸਿੰਘ) – ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜਿ਼ਲ੍ਹਾ ਮੋਗਾ ਦੇ ਸਿੱਖਿਆ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਬੈਂਸ ਦੀ ਰਹਿਨੁਮਾਈ ਹੇਠ ਸਮੂਹ ਸਰਕਾਰੀ ਸਕੂਲਾਂ ਵਿੱਚ 24 ਦਸੰਬਰ ਸ਼ਨੀਵਾਰ ਨੂੰ ਮਾਪੇ ਅਧਿਆਪਕ ਮਿਲਣੀ ਇੰਸਪਾਇਰ ਮੀਟ 2.0 ਕਰਵਾਈ ਜਾ ਰਹੀ ਹੈ, ਜਿਸ ਵਿੱਚ ਪਹਿਲੀਂ ਵਾਰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸਹਿਬਾਨ, ਐਸ.ਡੀ.ਐਮ. ਸਹਿਬਾਨ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਭਾਗ ਲੈਣਗੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿ਼ਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਚਮਕੌਰ ਸਿੰਘ ਸਰਾਂ, ਜਿ਼ਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਨੀਤਾ ਪੁਰੀ ਉੱਪ ਜਿ਼ਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰਾਕੇਸ਼ ਕੁਮਾਰ ਮੱਕੜ ਅਤੇ ਉੱਪ ਜਿ਼ਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਨਿਸ਼ਾਨ ਸਿੰਘ ਸੰਧੂ ਨੇ ਪ੍ਰੈਸ ਨੋਟ ਰਾਹੀਂ ਅਧਿਆਪਕ ਮਾਪੇ ਮਿਲਣੀ ਇੰਸਪਾਇਰ ਮੀਟ 2.0 ਸਬੰਧੀ ਜਾਣਕਾਰੀ ਦਿੰਦਿਆਂ ਕੀਤਾ।ਸਿੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿ਼ਲ੍ਹੇ ਦੇ ਅਧਿਆਪਕ ਬਹੁਤ ਮਿਹਨਤੀ ਹਨ ਅਤੇ ਆਪਣੇ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਸ ਮਾਪੇ ਅਧਿਆਪਕ ਮਿਲਣੀ ਵਿੱਚ 50000 ਤੋਂ ਵੱਧ ਵਿਦਿਆਰਥੀਆਂ ਦੇ ਮਾਪਿਆਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ ਜੀ। ਉਨ੍ਹਾਂ ਦੱਸਿਆ ਕਿ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ ਵਿੱਚ ਕੀਤੇ ਜਾ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ, ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਇਸ ਪ੍ਰੋਗਰਾਮ ਖਿੱਚ ਦਾ ਕੇਂਦਰ ਹੋਣਗੀਆਂ।ਉਨ੍ਹਾਂ ਸਮੂਹ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਿਕ ਮੌਕੇ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਬਲਾਕ ਨੋਡਲ ਅਫ਼ਸਰਾਂ ਅਤੇ ਬੀ.ਪੀ.ਈ.ਓ ਸਹਿਬਾਨਾਂ ਨੂੰ 24 ਦਸੰਬਰ ਦਾ ਸਾਰਾ ਦਿਨ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਤੇ ਹੱਲਾਸ਼ੇਰੀ ਦੇਣ ਵਾਸਤੇ ਰਾਖਵਾਂ ਰੱਖਣ ਲਈ ਕਿਹਾ ਤਾਂ ਕਿ ਪੰਜਾਬ ਦੇ ਸਕੂਲ ਸਿੱਖਿਆ ਸਿਸਟਮ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।ਇਸ ਮੌਕੇ ਤੇ ਡੀਐਸਐਮ ਅਵਤਾਰ ਸਿੰਘ ਕਰੀਰ ਜਿ਼ਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਮਨਮੀਤ ਸਿੰਘ ਰਾਏ, ਸਹਾਇਕ ਕੋਆਰਡੀਨੇਟਰ ਬਲਦੇਵ ਰਾਮ,ਜਿ਼ਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਹਰਸ਼ ਕੁਮਾਰ ਗੋਇਲ ਆਦਿ ਮੌਜੂਦ ਸਨ।