ਜਗਰਾਉਂ, 23 ਦਸੰਬਰ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ )-ਬੀਤੇ ਸਮੇਂ ਤੋਂ ਇਲਾਕੇ ’ਚ ਵੱਖ-ਵੱਖ ਵਿਅਕਤੀਆਂ ਤੋਂ ਫਿਰੌਤੀ ਮੰਗਣ ਦੀਆਂ ਘਟਨਾਵਾਂ ਨੂੰ ਸੁਲਝਾਉਣ ਲਈ ਸ਼ੱਕ ਦੇ ਆਧਾਰ ’ਤੇ ਅੰਮ੍ਰਿਤਸਰ ਜੇਲ੍ਹ ’ਚ ਬੰਦ ਜਗਰਾਓਂ ਇਲਾਕੇ ਦੇ ਪਿੰਡ ਭੰਮੀਪੁਰਾ ਦੇ ਰਹਿਣ ਵਾਲੇ ਗੈਂਗਸਟਰ ਸਰਬਜੀਤ ਸਿੰਘ ਨੂੰ ਪ੍ਰੋਟੈਕਸ਼ਨ ਵਾਰੰਟ ’ਤੇ ਜਗਰਾਉਂ ਲਿਆਂਦਾ ਗਿਆ। ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਸਬੰਧੀ ਐਸ.ਪੀ.(ਡੀ) ਹਰਵਿੰਦਰਪਾਲ ਸਿੰਘ ਪਰਮਾਰ ਦਾ ਕਹਿਣਾ ਸੀ ਕਿ ਪਿਛਲੇ ਕਾਫੀ ਸਮੇਂ ਤੋਂ ਇਲਾਕੇ ਵਿੱਚ ਵਾਪਰ ਰਹੀਆਂ ਫਿਰੌਤੀ ਦੀਆਂ ਘਟਨਾਵਾਂ ਪਿੱਛੇ ਪੁਲਿਸ ਨੂੰ ਸ਼ੱਕ ਸੀ ਕਿ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਪਿੰਡ ਭੰਮੀਪੁਰਾ ਦੇ ਰਹਿਣ ਵਾਲੇ ਗੈਂਗਸਟਰ ਸਰਬਜੀਤ ਸਿੰਘ ਦਾ ਹੱਥ ਹੋ ਸਕਦਾ ਹੈ ਕਿਉਂਕਿ ਉਹ ਇਸ ਇਲਾਕੇ ਦਾ ਰਹਿਣ ਵਾਲਾ ਹੈ ਅਤੇ ਉਸਦੇ ਹੋਰ ਗੈਂਗਸਟਰਾਂ ਨਾਲ ਸੰਬੰਧ ਵੀ ਹਨ। ਉਸ ਦੇ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਯੂਏਪੀਏ ਐਕਟ ਤਹਿਤ ਦਰਜ ਕੇਸ ਵਿੱਚ ਉਹ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਇਲਾਵਾ ਇਸ ਦੇ ਗੈਂਗਸਟਰਾਂ ਨਾਲ ਸੰਬੰਧਾਂ ਦੀ ਡੂੰਘਾਈ ਨਾਲ ਜਾਂਚ ਜ਼ਰੂਰੀ ਹੈ। ਪੁਲੀਸ ਰਿਮਾਂਡ ਦੌਰਾਨ ਉਸ ਦੇ ਗੈਂਗਸਟਰਾਂ ਨਾਲ ਸਬੰਧਾਂ ਤੋਂ ਇਲਾਵਾ ਇਲਾਕੇ ਵਿੱਚ ਵਾਪਰੀਆਂ ਫਿਰੌਤੀ ਮੰਗਣ ਦੀਆਂ ਘਟਨਾਵਾਂ ਨਾਲ ਵੀ ਉਸ ਦੇ ਸਬੰਧਾਂ ਦਾ ਪਤਾ ਲਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਮੋਗਾ ਰੋਡ ’ਤੇ ਸਥਿਤ ਪੰਕਜ ਮੋਟਰਜ਼ ਦੇ ਬਾਹਰ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਸ਼ੋ ਰੂਮ ਦੇ ਮਾਲਕ ਨੂੰ ਜਾਨੋਂ ਮਾਰਨ ਦੀ ਤਰੀਕ ਤੱਕ ਉਕਤ ਕੰਧ ਤੇ ਪੇਂਟ ਨਾਲ ਲਿਖੀ ਹੋਈ ਸੀ। ਉਸ ਸਮੇਂ ਪੁਲੀਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਉਸ ਮਾਮਲੇ ਵਿੱਚ ਵੀ ਸਰਬਜੀਤ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।
