ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਨਿਯਮਾਂ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਕਰਨਦੀਪ ਸਿੰਘ
ਮਾਲੇਰਕੋਟਲਾ 24 ਦਸੰਬਰ 🙁 ਵਿਕਾਸ ਮਠਾੜੂ, ਮੋਹਿਤ ਜੈਨ)-ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਣਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਹੇਠ ਉਪ ਮੰਡਲ ਮੈਜਿਸਟ੍ਰੇਟ ਕਰਨਦੀਪ ਸਿੰਘ ਮਾਡਰਨ ਸੈਕੂਲਰ ਪਬਲਿਕ ਸਕੂਲ ਅਤੇ ੳਸੈਸ ਪਬਲਿਕ ਸਕੂਲ ਮਾਲੇਰਕੋਟਲਾ ਦੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਚਾਰ ਵਾਹਨਾਂ ਦੇ ਚਲਾਨ ਵੀ ਕੀਤੇ ਗਏ । ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਨਿਯਮਾਂ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਪ੍ਰਬੰਧਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇਂ ਕਿ ਬੱਸਾਂ ਵਿੱਚ ਅਟੈਂਡੈਂਟ ਦਾ ਹੋਣਾ, ਵਰਦੀ, ਫ਼ਸਟ ਏਡ ਬਾਕਸ ਸਮੇਤ ਅੱਗ ਬੁਝਾਊ ਯੰਤਰ , ਸਕੂਲੀ ਵਾਹਨ ਵਿੱਚ 2 ਕੈਮਰੇ, ਸਕੂਲ ਬੱਸ ਦਾ ਰੰਗ ਪੀਲਾ, ਲੇਡੀਜ਼ ਅਟੈਂਡੈਂਟ ਅਤੇ ਸ਼ੀਸ਼ਿਆਂ ਦੇ ਬਾਹਰ ਹਾਰੀਜੈਟਨ ਗਿਰੱਲ ਆਦਿ ਸਬੰਧੀ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਅੱਜ ਸਕੂਲ ਵਾਹਨ ਦੀ ਜਾਂਚ ਕਰਕੇ ਨਿਯਮਾਂ ਨੂੰ ਪੂਰਾ ਨਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਹਨ । ਇਸ ਤੋਂ ਇਲਾਵਾ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਬੰਧਕਾਂ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੇ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ । ਉਨ੍ਹਾਂ ਸਕੂਲਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲੀ ਵਾਹਨਾਂ ਵਿੱਚ ਪਾਈਆ ਕਮੀਆਂ ਨੂੰ ਜਲਦ ਤੋਂ ਜਲਦ ਦੂਰ ਕਰਨਾ ਯਕੀਨੀ ਬਣਾਇਆ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਭਵਿੱਖ ਚ ਵੀ ਸਕੂਲੀ ਵਾਹਨਾਂ ਦੀ ਅਚਨਚੇਤੀ ਚੈਕਿੰਗਾਂ ਹੋਣਗੀਆਂ।
