ਜਗਰਾਓਂ, 27 ਦਸੰਬਰ ( ਰੋਹਿਤ ਗੋਇਲ, ਰਾਜਨ ਜੈਨ )-ਇਕ ਵਾਰ ਫਿਰ ਤੋਂ ਕਰੋਨਾ ਪੂਰੀ ਦੁਨੀਆ ਵਿੱਚ ਦਸਤਕ ਦੇ ਰਿਹਾ ਹੈ। ਜਿਸ ਵਿਚ ਚੀਨ ਸਮੇਤ ਕਈ ਦੇਸ਼ ਵੀ ਇਸ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੇ ਹਨ। ਦੁਨੀਆ ਭਰ ਵਿੱਚ ਇੱਕ ਵਾਰ ਫਿਰ ਤੋਂ ਫੈਲੇ ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਕੇਂਦਰ ਅਤੇ ਲਪੰਜਾਬ ਸਰਕਾਰ ਵਲੋਂ ਐਡਵਾਈਜ਼ਰੀ ਜਾਰੀ ਕਰਕੇ ਕੋਵਿਡ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਹਸਪਤਾਲਾਂ ਲਈ ਹਰ ਤਰ੍ਹਾਂ ਦੇ ਠੋਸ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਜਗਰਾਉਂ ਦੇ ਐਸ.ਐਮ.ਓ ਡਾ.ਪੁਨੀਤ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ’ਤੇ ਕੋਰੋਨਾ ਮਹਾਂਮਾਰੀ ਦੇ ਨਵੇਂ ਰੂਪ ਦੇ ਵਧ ਰਹੇ ਖਤਰੇ ਦੇ ਮੱਦੇਨਜ਼ਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਜੇ ਤੱਕ ਕਰੋਨਾ ਵੈਕਸੀਨ ਨਹੀਂ ਲੱਗੀ ਹੈ, ਉਹ ਜਲਦੀ ਤੋਂ ਜਲਦੀ ਕਰੋਨਾ ਦਾ ਟੀਕਾ ਲਗਵਾਉਣ ਤਾਂ ਜੋ ਕਰੋਨਾ ਦੀ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਖੰਘ, ਜ਼ੁਕਾਮ ਜਾਂ ਤੇਜ਼ ਬੁਖਾਰ ਹੋਵੇ ਤਾਂ ਉਹ ਤੁਰੰਤ ਸਿਵਲ ਹਸਪਤਾਲ ਜਗਰਾਉਂ ਵਿਖੇ ਪਹੁੰਚ ਕੇ ਆਪਣਾ ਕਰੋਨਾ ਟੈਸਟ ਕਰਵਾਉਣ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਕੋਰੋਨਾ ਟੀਕਾਕਰਨ ਦੇ ਨਾਲ-ਨਾਲ ਕੋਰੋਨਾ ਟੈਸਟ ਦੀ ਪ੍ਰਕਿਰਿਆ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਦੀ ਪਹਿਲੀ ਜਾਂ ਦੂਜੀ ਡੋਜ਼ ਲੈਣ ਤੋਂ ਬਾਅਦ ਵੀ ਕੋਈ ਵਿਅਕਤੀ ਕੋਰੋਨਾ ਦਾ ਸ਼ਿਕਾਰ ਹੋ ਸਕਦਾ ਹੈ, ਪਰ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਟੀਕਾਕਰਨ ਨਾਲ ਉਨ੍ਹਾਂ ਦੇ ਸਰੀਰ ਦੀ ਇਸ ਮਹਾਮਾਰੀ ਨਾਲ ਲੜਨ ਦੀ ਸਮਰੱਥਾ ਵਧ ਜਾਂਦੀ ਹੈ। ਜਿਸ ਕਾਰਨ ਜਿਸ ਨਾਲ ਉਹ ਕੋਰੋਨਾ ਪਾਜ਼ੀਟਿਵ ਹੋ ਜਾਂਦੇ ਹੋਣ ਦੇ ਬਾਵਜੂਦ ਇਹ ਮਹਾਮਾਰੀ ਉਨ੍ਹਾਂ ’ਤੇ ਜ਼ਿਆਦਾ ਅਸਰ ਨਹੀਂ ਕਰਦੀ। ਐਸ.ਐਮ.ਓ ਡਾ.ਪੁਨੀਤ ਸਿੱਧੂ ਨੇ ਦੱਸਿਆ ਕਿ ਪਿਛਲੇ ਦਿਨੀਂ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕਰਕੇ ਮੌਕ ਡਰਿੱਲ ਤਹਿਤ ਪ੍ਰਦਰਸ਼ਨੀ ਭੇਜਣ ਲਈ ਕਿਹਾ ਗਿਆ ਸੀ ਤਾਂ ਜੋ ਸਿਹਤ ਵਿਭਾਗ ਨੂੰ ਸਿਵਲ ਹਸਪਤਾਲਾਂ ਦੀਆਂ ਤਿਆਰੀਆਂ ਬਾਰੇ ਪੂਰੀ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕੋਰੋਨਾ ਪਾਜ਼ੀਟਿਵ ਵਿਅਕਤੀ ਸਾਹਮਣੇ ਆਉਂਦਾ ਹੈ ਤਾਂ ਉਸ ਲਈ ਸਿਵਲ ਹਸਪਤਾਲ ਨੇ ਪੂਰੀ ਤਿਆਰੀ ਕਰ ਲਈ ਹੈ।