Home ਪਰਸਾਸ਼ਨ ਜ਼ਿਲ੍ਹਾ ਮੋਗਾ ਦੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ...

ਜ਼ਿਲ੍ਹਾ ਮੋਗਾ ਦੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 7,51,570

63
0

ਮੋਗਾ, 5 ਜਨਵਰੀ ( ਬੌਬੀ ਸਹਿਜਲ, ਅਸ਼ਵਨੀ)-ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2023 ਦੇ ਅਧਾਰ ਉੱਤੇ ਜ਼ਿਲ੍ਹਾ ਮੋਗਾ ਦੇ ਸਮੂਹ 4 ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਰਾਹੀਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਜ਼ਿਲ੍ਹਾ ਮੋਗਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨੂੰ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ (ਹਾਰਡ ਕਾਪੀ) ਅਤੇ ਇੱਕ-ਇੱਕ ਸੀ.ਡੀ. (ਸਾਫਟ ਕਾਪੀ ਬਿਨਾ ਫੋਟੋ ਵਾਲੀ ) ਦਿੱਤੀ ਗਈ ਹੈ।

ਇਸ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਹੁਣ ਜ਼ਿਲ੍ਹਾ ਮੋਗਾ ਵਿੱਚ ਕੁੱਲ 7,51,570 ਵੋਟਰ ਦਰਜ ਕੀਤੇ ਗਏ ਹਨ। ਇਹਨਾਂ ਵਿੱਚ 400591 ਮਰਦ, 350941 ਔਰਤ ਵੋਟਰ ਅਤੇ ਤੀਜੇ ਲਿੰਗ ਵਾਲੇ 36 ਵੋਟਰ ਸ਼ਾਮਿਲ ਹਨ। ਇਸ ਵਾਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ 804 ਹੈ।ਸੁਭਾਸ਼ ਚੰਦਰ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ ਤੋਂ ਬਾਅਦ ਪ੍ਰਾਪਤ ਵੋਟਰ ਸੂਚੀ ਵਿਚ ਸ਼ਾਮਿਲ ਨਾਵਾਂ ਦੀ ਚੈਕਿੰਗ ਆਪਣੇ ਪੱਧਰ ਉੱਤੇ ਕਰ ਜਾਵੇ ਤਾਂ ਜੋ ਕਿਸੇ ਸੰਭਾਵੀ ਉਮੀਦਵਾਰ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਹੋਣ ਤੋਂ ਨਾ ਰਹਿ ਗਿਆ ਹੋਵੇ। ਉਨ੍ਹਾਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਪਾਸੋਂ ਆਸ ਕੀਤੀ ਕਿ ਉਹ ਭਾਰਤ ਚੋਣ ਕਮਿਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਆਪਣਾ ਸਹਿਯੋਗ ਕਰਨਗੀਆਂ।

ਉਹਨਾਂ ਕਿਹਾ ਕਿ ਜਿਹਨਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2023 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਬਣਾਉਣ ਜਾਂ ਦਰੁਸਤੀ ਕਰਾਉਣ ਲਈ ਹਾਲੇ ਵੀ ਕੰਮ-ਕਾਜੇ ਵਾਲੇ ਦਿਨ ਆਪਣੇ ਸਬੰਧਤ ਬੀ ਐਲ ਓ ਕੋਲ ਜਾਂ ਐੱਸ ਡੀ ਐੱਮ ਦਫ਼ਤਰ ਵਿੱਚ ਜਾ ਕੇ ਫਾਰਮ ਭਰ ਕੇ ਦੇ ਸਕਦੇ ਹਨ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ ‘ਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ। ਅਗਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ‘ਤੇ ਮੁਫਤ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਜੇਕਰ ਕਿਸੇ ਵੀ ਵੋਟਰ ਨੂੰ ਆਪਣੇ ਵੋਟਰ ਕਾਰਡ ਵਿੱਚ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਆਪਣੀ ਵੋਟ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ।ਇਸ ਮੌਕੇ ਚੋਣ ਤਹਿਸੀਲਦਾਰ ਬਰਜਿੰਦਰ ਸਿੰਘ, ਚੋਣ ਦਫ਼ਤਰ ਤੋਂ ਗੁਰਜੰਟ ਸਿੰਘ ਅਤੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

LEAVE A REPLY

Please enter your comment!
Please enter your name here