ਫ਼ਤਹਿਗੜ੍ਹ ਸਾਹਿਬ, 5 ਜਨਵਰੀ ( ਰੋਹਿਤ ਗੋਇਲ, ਮੋਹਿਤ ਜੈਨ)-ਗਣਤੰਤਰ ਦਿਵਸ ਦਾ ਜਿ਼ਲ੍ਹਾ ਪੱਧਰੀ ਸਮਾਗਮ ਖੇਡ ਸਟੇਡੀਅਮ ਸਰਹਿੰਦ ਵਿਖੇ ਆਯੋਜਿਤ ਕੀਤਾ ਜਾਵੇਗਾ ਇਸ ਇਤਿਹਾਸਕ ਮਹੱਤਤਾ ਵਾਲੇ ਦਿਹਾੜੇ ’ਤੇ ਸਮੂਹ ਅਧਿਕਾਰੀ ਦੇਸ਼ ਭਗਤੀ ਦੀ ਭਾਵਨਾ ਨਾਲ ਆਪਣੇ ਫਰਜ਼ ਅਦਾ ਕਰਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦਾ ਦਿਹਾੜਾ ਹਰੇਕ ਭਾਰਤੀ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ 26 ਜਨਵਰੀ, 1950 ਵਿੱਚ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ ਜਿਸ ਵਿੱਚ ਹਰੇਕ ਭਾਰਤੀ ਨੂੰ ਬਰਾਬਰਤਾ ਦੇ ਅਧਿਕਾਰ ਦਿੱਤੇ ਗਏ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟ ਭਾਗ ਲੈਣਗੇ।ਉਨ੍ਹਾਂ ਇਹ ਵੀ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਸੁਤੰਤਰਤਾ ਸੰਗਰਾਮੀਆਂ ਦੇ ਸਨਮਾਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਗੌਰਵ ਦਾ ਪ੍ਰਤੀਕ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੇ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜਿ਼ਲ੍ਹਾ ਪੱਧਰੀ ਸਮਾਗਮ ਵਾਲੇ ਸਥਾਨ ਦੀ ਸਾਫ ਸਫਾਈ , ਸੁਚੱਜੀ ਟਰੈਫਿਕ ਵਿਵਸਥਾ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ, ਸਜਾਵਟ ਆਦਿ ਲਈ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ।ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਸਹਾਇਕ ਕਮਿਸ਼ਨਰ (ਜਨਰਲ) ਅਸ਼ੋਕ ਕੁਮਾਰ, ਜ਼ਿਲ੍ਹਾ ਮਾਲ ਅਫਸਰ ਸੰਦੀਪ ਸਿੰਘ, ਡੀ.ਐਸ.ਪੀ. ਸੁਖਬੀਰ ਸਿੰਘ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਬਾਦਲਦੀਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜਰ ਸਨ।
