ਜਗਰਾਓਂ, 5 ਜਨਵਰੀ ( ਭਗਵਾਨ ਭੰਗੂ, ਰੋਹਿਤ ਗੋਇਲ )-ਕਾਂਗਰਸ ਪਾਰਟੀ ਦੇ ਰਾਸ਼ਟਰੀ ਨੇਤਾ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਇਤਿਹਾਸਕ ਮੀਲ ਪੱਥਰ ਸਾਬਤ ਕਰਨ ਵਿੱਚ ਸਫਲ ਸਾਬਤ ਹੋ ਰਹੀ ਹੈ। ਭਾਰਤ ਦਾ ਹਰ ਨਾਗਰਿਕ ਭਾਰਤ ਜੋੜੋ ਯਾਤਰਾ ਦੇ ਨਾਲ ਜੁੜ ਰਿਹਾ ਹੈ। ਇਹ ਯਾਤਰਾ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਹ ਦਾਅਵਾ ਲੁਧਿਆਣਾ ਦੇ ਮੇਅਰ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਲਈ ਨਿਯੁਕਤ ਭਾਰਤ ਜੋੜੋ ਯਾਤਰਾ ਦੇ ਕੋਆਰਡੀਨੇਟਰ ਬਲਕਾਰ ਸਿੰਘ ਸੰਧੂ ਨੇ ਯਾਤਰਾ ਦਾ ਲੁਧਿਆਣਾ ਪੁੱਜਣ ’ਤੇ ਸ਼ਾਨਦਾਰ ਸਵਾਗਤ ਕਰਨ ਲਈ ਜਗਰਾਓਂ ਵਿਖਏ ਵਾਰਡ ਨੰਬਰ 14 ਦੇ ਕੌਂਸਲਰ ਅਮਨ ਕਪੂਰ ਬੌਬੀ ਦੇ ਘਰ ਪਾਰਟੀ ਵਰਕਰਾਂ ਦੀ ਸੱਦੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਬਲਾਕ ਕਾਂਗਰਸ ਜਗਰਾਓਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ ਅਤੇ ਕੌਂਸਲਰ ਅਮਨ ਕਪੂਰ ਬੌਬੀ ਨੇ ਕਿਹਾ ਕਿ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰ ਜੋ ਕਿ ਕੁਝ ਸਮੇਂ ਤੋਂ ਖਾਮੋਸ਼ ਹੋ ਕੇ ਬੈਠੇ ਸਨ ਉਹ ਭਾਰਤ ਸੇ ਜੋੜੋ ਯਾਤਰਾ ਦੌਰਾਨ ਮੁੜ ਤੋਂ ਪਾਰਟੀ ਨਾਲ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ ਚੱਲ ਰਹੀ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਦੇਸ਼ ਦਾ ਹਰ ਵਰਗ ਨਿਰਾਸ਼ ਹੈ। ਅੱਜ ਮਹਿੰਗਾਈ ਸਿਖਰ ’ਤੇ ਪਹੁੰਚ ਗਈ ਹੈ। ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਬਹੁਤ ਹੇਠਾਂ ਆਉਣ ਦੇ ਬਾਵਜੂਦ ਕੇਂਦਰ ਸਰਕਾਰ ਦੇਸ਼ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਤਿਆਰ ਨਹੀਂ ਹੈ। ਇਸ ਤੋਂ ਇਲਾਵਾ ਹੋਰ ਰੋਜ਼ਾਨਾ ਦੀਆਂ ਆਮ ਲੋੜਾਂ ਪੂਰੀਆਂ ਕਰਨ ਲਈ ਲੋਕਾਂ ਨੂੰ ਦਿਨ-ਰਾਤ ਇਕ ਕਰਨਾ ਪੈ ਰਿਹਾ ਹੈ। ਇਸ ਮਹਿੰਗਾਈ ਕਾਰਨ ਲੋਕਾਂ ਨੂੰ ਦੋ ਵਕਤ ਦੀ ਰੋਟੀ ਵੀ ਮੁਸ਼ਕਿਲ ਨਾਲ ਨਸੀਬ ਹੋ ਰਹੀ ਹੈ, ਪਰ ਕੇਂਦਰ ਸਰਕਾਰ ਲੋਕ ਹਿੱਤਾਂ ਦੇ ਮਸਲਿਆਂ ’ਤੇ ਹਮੇਸ਼ਾ ਚੁੱਪ ਧਾਰੀ ਬੈਠੀ ਹੈ। ’ਆਪ’ ਦੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਚਰਮਰਾ ਗਈ ਹੈ। ਹਾਲਾਤ ਕਾਬੂ ਤੋਂ ਬਾਹਰ ਹੁੰਦੇ ਜਾ ਰਹੇ ਹਨ। ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਜੋ ਕੀਤੇ ਸਾਰੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਨ ਵਿਚ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜਤਿੰਦਰ ਪਾਲ ਰਾਣਾ, ਸੀਨੀਅਰ ਕਾਂਗਰਸੀ ਨੇਤਾ ਪ੍ਰਾਸ਼ਰ ਦੇਵ ਸ਼ਰਮਾਂ, ਹਰਪ੍ਰੀਤ ਸਿੰਘ ਸੱਗੂ, ਕੌਂਸਲਰ ਵਿਕ੍ਰਮ ਜੱਸੀ ਤੋਂ ਇਲਾਵਾ ਹੋਰ ਪਾਰਟੀ ਵਰਕਰ ਮੌਜੂਦ ਸਨ।
