ਜਗਰਾਓਂ, 6 ਜਨਵਰੀ ( ਭਗਵਾਨ ਭੰਗੂ, ਮੋਹਿਤ ਜੈਨ )-ਜਗਰਾਓਂ ਦੇ ਸਿੱਧਵਾਂਬੇਟ ਰੋਡ ’ਤੇ ਡਰਾਈਵਿੰਗ ਟਰੈਕ ’ਤੇ ਨਵੇਂ ਡਰਾਈਵਿੰਗ ਲਾਇਸੰਸ ਬਣਾਉਣ ਅਤੇ ਉਨ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਗ੍ਰੇਡੇਸ਼ਨ ਕਰਨ ਲਈ ਧਾਂਦਲੀ ਦੀ ਸ਼ਿਕਾਇਤ ਮਿਲਣ ’ਤੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਮੌਕੇ ਉਨ੍ਹਾਂ ਟਰੈਕ ’ਤੇ ਕੰਮ ਕਰਵਾਉਣ ਲਈ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਡਰਾਈਵਿੰਗ ਟਰੈਕ ਠੀਕ ਢੰਗ ਨਾਲ ਨਹੀਂ ਚੱਲ ਰਿਹਾ ਅਤੇ ਬਿਨਾਂ ਟੈਸਟ ਲਏ ਹੀ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਜਾ ਰਹੇ ਹਨ। ਕਈ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਮਹੀਨਿਆਂ ਬੱਧੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸ਼ਿਕਾਇਤ ਦੀ ਜਾਂਚ ਲਈ ਉਨ੍ਹਾਂ ਨੇ ਉੱਥੇ ਛਾਪਾ ਮਾਰਿਆ ਹੈ। ਉਥੇ ਪਤਾ ਲੱਗਾ ਕਿ ਟਰੈਕ ’ਤੇ ਤਾਇਨਾਤ 4 ਕਰਮਚਾਰੀਆਂ ’ਚੋਂ ਸਿਰਫ ਇਕ ਕਰਮਚਾਰੀ ਮੌਕੇ ’ਤੇ ਮੌਜੂਦ ਸੀ ਅਤੇ ਕੁਝ ਲੋਕਾਂ ਨੇ ਉਸ ਨੂੰ ਦੱਸਿਆ ਕਿ ਉਹ ਕੰਮ ਕਰਵਾਉਣ ਲਈ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਇੱਥੇ ਘੁੰਮ ਰਹੇ ਹਨ। ਪਰ ਉਨ੍ਹਾਂ ਦਾ ਕੰਮ ਨਹੀਂ ਹੋ ਰਿਹਾ। ਇਸ ਮੌਕੇ ਉਨ੍ਹਾਂ ਹਾਜ਼ਰ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਵਿਧਾਇਕਾ ਮਾਣੂਕੇ ਨੇ ਕਿਹਾ ਕਿ ਸਾਰੇ ਲੋਕਾਂ ਦੇ ਕੰਮ ਸਮੇਂ ਸਿਰ ਕੀਤੇ ਜਾਣ ਅਤੇ ਜੋ ਸਰਕਾਰੀ ਫੀਸ ਤੈਅ ਕੀਤੀ ਗਈ ਹੈ, ਉਸ ਅਨੁਸਾਰ ਹੀ ਪੈਸੇ ਲਏ ਜਾਣ। ਸਾਰੇ ਕਰਮਚਾਰੀਆਂ ਦੀ ਹਾਜ਼ਰੀ ਵੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੌਂਸਲਰ ਤੇ ‘ਆਪ’ ਆਗੂ ਕੁਲਵਿੰਦਰ ਸਿੰਘ ਕਾਲਾ ਵੀ ਹਾਜ਼ਰ ਸਨ।