ਫ਼ਤਹਿਗੜ੍ਹ ਸਾਹਿਬ ,11 ਜਨਵਰੀ ( ਰੋਹਿਤ ਗੋਇਲ)-ਜ਼ਿਲ੍ਹਾ ਭਾਸ਼ਾ ਅਫਸਰ ਜਗਜੀਤ ਸਿੰਘ ਨੇ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਸਮੂਹ ਅਦਾਰਿਆਂ ਵਿੱਚ ਗੁਰਮੁੱਖੀ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਨੂੰ ਪਹਿਲ ਦੇਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਇਸ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗੈਰ-ਸਰਕਾਰੀ ਅਦਾਰੇ 21 ਫਰਵਰੀ 2023 ਤੋਂ ਪਹਿਲਾਂ-ਪਹਿਲਾਂ ਆਪਣੇ ਸੂਚਨਾਂ ਬੋਰਡਾਂ ’ਤੇ (ਗੁਰਮੁਖੀ ਲਿਪੀ) ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ।ਜ਼ਿਲ੍ਹਾ ਭਾਸ਼ਾ ਅਫਸਰ ਨੇ ਕਿਹਾ ਕਿ ਪ੍ਰਮੁੱਖ ਸਕੱਤਰ ਭਾਸ਼ਾ ਵਿਭਾਗ ਸ਼੍ਰੀਮਤੀ ਜਸਪ੍ਰੀਤ ਤਲਵਾੜ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਸਮੂਹ ਸਰਕਾਰੀ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿਦਿਅਕ ਅਦਾਰਿਆਂ/ ਬੋਰਡਾਂ/ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ ਮੀਲ ਪੱਥਰ/ ਸਾਈਨ ਬੋਰਡ ਲਿਖਣ ਸਮੇਂ ਪੰਜਾਬੀ ਭਾਸ਼ਾ ਸਭ ਤੋਂ ਉਪਰ ਲਿਖੀ ਜਾਵੇ ਅਤੇ ਪੰਜਾਬੀ ਤੋਂ ਬਾਅਦ ਕਿਸੇ ਹੋਰ ਭਾਸ਼ਾ ਨੂੰ ਲਿਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ 21 ਫਰਵਰੀ, 2023 ਤੱਕ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਰਾਜ ਤਰਮੀਮ ਐਕਟ 2008 ਵਿੱਚ ਦਰਜ਼ ਉਪਬੰਧਾਂ ਤਹਿਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।