ਬਸੀ ਪਠਾਣਾ 12 ਜਨਵਰੀ ( ਬੌਬੀ ਸਹਿਜਲ, ਅਸ਼ਵਨੀ) – ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਆਮ ਆਦਮੀ ਕਲੀਨਿਕਾਂ ਦਾ ਅਹਿਮ ਯੋਗਦਾਨ ਹੋਵੇਗਾ। ਇਹ ਪ੍ਰਗਟਾਵਾ ਬਸੀ ਪਠਾਣਾ ਦੇ ਐਸ.ਡੀ.ਐਮ. ਸ਼੍ਰੀ ਅਸ਼ੋਕ ਕੁਮਾਰ ਨੇ ਪਿੰਡ ਨੰਦਪੁਰ ਕਲੌੜ ਤੇ ਨੌਗਾਵਾਂ ਵਿਖੇ ਬਣ ਰਹੇ ਆਮ ਆਦਮੀ ਕਲੀਨਿਕਾਂ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹੇ ਵਿੱਚ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ।
ਐਸ.ਡੀ.ਐਮ. ਨੇ ਇਸ ਮੌਕੇ ਪਿੰਡ ਨੌਗਾਵਾਂ ਤੇ ਨੰਦਪੁਰ ਕਲੌੜ ਦੇ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਬਣਾਈਆਂ ਜਾ ਰਹੀਆਂ ਆਮ ਆਦਮੀ ਕਲੀਨਿਕਾਂ ਦੀਆਂ ਇਮਾਰਤਾਂ ਦਾ ਜਾਇਜ਼ਾ ਲਿਆ ਅਤੇ ਸਮੇਂ ਸਿਰ ਕੰਮ ਮੁਕੰਮਲ ਕਰਨ ਲਈ ਅਧਿਕਾਰੀਆਂ ਤੇ ਸਬੰਧਤ ਠੇਕੇਦਾਰਾਂ ਨੁੰ ਆਦੇਸ਼ ਵੀ ਦਿੱਤੇ। ਉਨ੍ਹਾਂ ਨੇ ਆਮ ਆਦਮੀ ਕਲੀਨਿਕਾਂ ਵਿਚ ਲੋੜੀਂਦਾ ਫਰਨੀਚਰ, ਪਖਾਨਿਆਂ ਦੀ ਸਹੂਲਤ ਨੂੰ ਯਕੀਨੀ ਬਣਾਉਣਾ, ਪੀਣ ਵਾਲੇ ਸਾਫ ਪਾਣੀ ਦੇ ਪ੍ਰਬੰਧਾਂ ਵੱਲ ਖਾਸ ਧਿਆਨ ਦੇਣ ਲਈ ਕਿਹਾ। ਐਸ.ਡੀ.ਐਮ ਅਸ਼ੋਕ ਕੁਮਾਰ ਵੱਲੋ ਮਰੀਜਾ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਸੰਬਧੀ ਪੁੱਛਗਿਛ ਕੀਤੀ ਅਤੇ ਉਨ੍ਹਾਂ ਸਟਾਫ ਨੂੰ ਕਿਹਾ ਕਿ ਦਵਾਈਆਂ ਦਾ ਸਟੋਕ ਮੁਕੰਮਲ ਰੱਖਿਆ ਜਾਵੇ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਤੇ ਪਿੰਡ ਦੇ ਪਤਵੰਤੇ ਵੀ ਮੌਜੂਦ ਸਨ।