ਫ਼ਤਹਿਗੜ੍ਹ ਸਾਹਿਬ, 17 ਜਨਵਰੀ ( ਬੌਬੀ ਸਹਿਜਲ, ਧਰਮਿੰਦਰ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ ਕੌਮੀ ਸੜਕ ਸੁਰੱਖਿਆ ਸਪਤਾਹ ਨੇ ਲੋਕਾਂ ਵਿੱਚ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੁਕਤਾ ਲਿਆਂਦੀ ਹੈ। ਇਹ ਸਪਤਾਹ 11 ਜਨਵਰੀ ਤੋਂ 17 ਜਨਵਰੀ ਤੱਕ ਚੱਲਿਆ ਅਤੇ ਜਿਲ੍ਹੇ ਦੇ ਵੱਖ ਵੱਖ ਸਥਾਨਾਂ/ਸਕੂਲਾਂ ਵਿੱਚ ਜਾਗਰੁਕਤਾ ਸੈਮੀਨਾਰ ਲਗਾਏ ਗਏ ਅਤੇ ਟਰੱਕਾਂ ਅਤੇ ਗੱਡੀਆਂ ‘ਤੇ ਰਿਫਲੈਕਟਰ ਲਗਾ ਕੇ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ।ਇਸੇ ਲੜ੍ਹੀ ਤਹਿਤ ਜ਼ਿਲ੍ਹਾ ਟਰੈਫਿਕ ਪੁਲਿਸ ਹੈਡ ਕਾਂਸਟੇਬਲ ਦਵਿੰਦਰ ਸਿੰਘ ਵੱਲੋਂ ਇਸ ਸਪਤਾਹ ਦੌਰਾਨ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੁਕਤਾ ਸੈਮੀਨਾਰ ਲਗਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਕਿਹਾ ਗਿਆ ਕਿ ਕਦੇ ਵੀ ਟਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰਨ ਕਿਉਂਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਕਾਰਨ ਕਈ ਸੜਕ ਹਾਦਸੇ ਵਾਪਰਦੇ ਹਨ ਜਿਨ੍ਹਾਂ ਵਿੱਚ ਅਨਮੋਲ ਮਨੁੱਖੀ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਓਵਰ ਸਪੀਡ ਵਿੱਚ ਵਹੀਕਲ ਨਾ ਚਲਾਏ ਜਾਣ ਤੇ ਸੜਕਾਂ ‘ਤੇ ਲਗਾਏ ਟਰੈਫਿਕ ਸਾਈਨਾਂ ਦੀ ਪਾਲਣਾ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਹਰੇਕ ਵਿਅਕਤੀ ਨੂੰ ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਜਰੂਰੀ ਹੈ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ ਜਰੂਰੀ ਹੈ। ਇਸ ਤੋਂ ਇਲਾਵਾ ਟਰੈਫਿਕ ਲਾਈਟਾਂ ‘ਤੇ ਹਰੀ ਬੱਤੀ ਹੋਣ ਤੱਕ ਇੰਤਜਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ।
