ਚੰਡੀਗੜ੍ਹ, 20 ਜਨਵਰੀ ( ਵਿਕਾਸ ਮਠਾੜੂ, ਮੋਹਿਤ ਜੈਨ)-ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਅਤੇ ਇਸ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਨੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ, ਸਹਿਕਾਰਤਾ, ਖੇਤੀਬਾੜੀ ਵਿਭਾਗ ਦੇ ਉਚ ਅਧਿਕਾਰੀਆਂ ਤੋਂ ਇਲਾਵਾ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਫਾਰ ਐਨੀਮਲ ਸਾਇੰਸਜ਼, ਲੁਧਿਆਣਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਇਨ ਸੀਟੂ ਤੇ ਐਕਸ ਸੀਟੂ ਇੰਤਜ਼ਾਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਦੇ ਬਦਲ ਵਜੋਂ ਵਰਤਂ ਉਤੇ ਕੰਮ ਕਰ ਰਿਹਾ ਹੈ।ਮੁੱਖ ਸਕੱਤਰ ਨੇ ਉਕਤ ਤਿੰਨੇ ਵਿਭਾਗਾਂ ਅਤੇ ਦੋਵੇਂ ਯੂਨੀਵਰਸਿਟੀਆਂ ਦੇ ਮਾਹਿਰ ਨੁਮਾਇੰਦਿਆਂ ਨੂੰ ਲੈ ਕੇ ਕਮੇਟੀ ਬਣਾਉਣ ਲਈ ਕਿਹਾ ਜੋ ਸੂਬੇ ਵਿੱਚ ਵੱਖ-ਵੱਖ ਥਾਵਾਂ ਉਤੇ ਡੇਅਰੀ ਦੇ ਧੰਦੇ ਨਾਲ ਜੁੜੇ ਅਗਾਂਹਵਧੂ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਇਸ ਦਿਸ਼ਾ ਵਿੱਚ ਕੰਮ ਕਰੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਸ਼ੂ ਪਾਲਕਾਂ ਵੱਲੋਂ ਪਹਿਲਾਂ ਹੀ ਇਸ ਦੀ ਵਰਤੋਂ ਕੀਤੀ ਜਾ ਰਹੀ ਹੈ, ਉਨ੍ਹਾਂ ਦੀ ਫੀਡਬੈਕ ਲਈ ਜਾਵੇ।ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਕਾਸ ਪ੍ਰਤਾਪ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਵਿਧੀ ਦੀ ਵਰਤੋਂ ਨਾਲ ਜਿੱਥੇ ਪਰਾਲੀ ਦਾ ਪ੍ਰਬੰਧਨ ਸੁਚਾਰੂ ਤਰੀਕੇ ਨਾਲ ਹੋਵੇਗਾ ਉਥੇ ਪਸ਼ੂ ਪਾਲਕਾਂ ਨੂੰ ਆਰਥਿਕ ਲਾਭ ਵੀ ਹੋਵੇਗਾ। ਮੁੱਖ ਸਕੱਤਰ ਨੇ ਕਿਹਾ ਕਿ ਇਸ ਸਬੰਧੀ ਡੇਅਰੀ ਵਿਕਾਸ ਦੇ ਸਿਖਲਾਈ ਕੇਂਦਰਾਂ, ਕ੍ਰਿਸ਼ੀ ਵਿਗਿਆਨ ਅਤੇ ਮਿਲਕ ਯੂਨੀਅਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅੱਗਰਵਾਲ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ, ਮਿਲਕਫੈਡ ਦੇ ਐਮ.ਡੀ. ਅਮਿਤ ਢਾਕਾ, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਫਾਰ ਐਨੀਮਲ ਸਾਇੰਸਜ਼, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਰਾਮ ਪਾਲ ਮਿੱਤਲ, ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਜਗਦੀਸ਼ ਸਿੰਘ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਚਾਰਾ ਬਰੀਡਰ ਦੇ ਇੰਚਾਰਜ ਆਰ.ਐਸ.ਸਾਹੂ ਵੀ ਹਾਜ਼ਰ ਸਨ।