– ਕੈਂਸਰ ਦੇ 1002 ਮਰੀਜਾਂ ਨੂੰ ਇਲਾਜ ਲਈ ਦਿੱਤੀ 10 ਕਰੋੜ 90 ਲੱਖ ਰੁਪਏ ਤੋਂ ਵੱਧ ਦੀ ਮਾਲੀ ਮਦਦ
ਫ਼ਤਹਿਗੜ੍ਹ ਸਾਹਿਬ, 20 ਜਨਵਰੀ ( ਬੌਬੀ ਸਹਿਜਲ, ਧਰਮਿੰਦਰ)-ਜ਼ਿਲ੍ਹੇ ਵਿੱਚ ਪਹਿਲਾਂ ਤੋਂ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 27 ਹਜ਼ਾਰ 355 ਲੋਕਾਂ ਨੇ ਇਲਾਜ ਕਰਵਾਇਆ ਹੈ ਜਦੋਂ ਕਿ 1709 ਲੋਕਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਹੋਰ ਦੱਸਿਆ ਕਿ ਇਸ ਵਾਰ 26 ਜਨਵਰੀ ਤੋਂ ਜ਼ਿਲ੍ਹੇ ਨੂੰ 14 ਆਮ ਆਦਮੀ ਕਲੀਨਿਕ ਹੋਰ ਖੋਲੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ ਅਤੇ ਸਰਕਾਰ ਦੀ ਇਸ ਸਹੂਲਤ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਮ ਤੇ ਮੌਤ ਦੀ 21 ਦਿਨਾਂ ਵਿੱਚ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੈ ਇਸ ਲਈ ਲੋਕਾਂ ਨੂੰ ਇਸ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ 100 ਫੀਸਦੀ ਜਨਮ ਤੇ ਮੌਤਾਂ ਦੀ ਰਜਿਸਟਰੇਸ਼ਨ ਦਾ ਟੀਚਾ ਹਾਸਲ ਕੀਤਾ ਜਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਏ.ਐਨ.ਐਮਜ਼ ਅਤੇ ਸਿੱਖਿਆ ਵਿਭਾਗ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ ਤਾਂ ਜੋ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾ ਸਕੇ।ਸ਼੍ਰੀਮਤੀ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ ਦਾ ਯੋਗ ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਇਸ ਸਕੀਮ ਅਧੀਨ ਹੁਣ ਤੱਕ ਕੈਂਸਰ ਦੇ 10002 ਮਰੀਜਾਂ ਨੂੰ ਇਲਾਜ ਲਈ 10 ਕਰੋੜ 90 ਲੱਖ 90 ਹਜ਼ਾਰ 406 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਹੋਰ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ 19 ਓਟ ਕਲੀਨਿਕ ਚੱਲ ਰਹੇ ਹਨ ਜਿਨ੍ਹਾਂ ਰਾਹੀਂ 5421 ਨਸ਼ਿਆਂ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਨੇ ਦਵਾਈ ਲਈ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਨਸ਼ਾ ਛੁਡਾਓ ਕੇਂਦਰਾਂ ਰਾਹੀਂ ਦਵਾਈਆਂ ਲੈਣ ਵਾਲੇ ਵਿਅਕਤੀਆਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ ਅਤੇ ਇਸ ਬਾਰੇ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।ਮੀਟਿੰਗ ਵਿੱਚ ਸਿਵਲ ਸਰਜਨ ਡਾ: ਵਿਜੈ ਕੁਮਾਰ ਨੇ ਦੱਸਿਆ ਕਿ ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਵਿਭਾਗ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ ਅਤੇ ਪੀਣ ਵਾਲੇ ਪਾਣੀ ਦੇ ਸੈਂਪਲ ਵੀ ਲਏ ਜਾ ਰਹੇ ਹਨ। ਉਨ੍ਹਾਂ ਹੋਰ ਦੱਸਿਆ ਕਿ ਜਿਹੜੇ ਸਥਾਨਾਂ ਦੀਆਂ ਪਾਣੀ ਦੀਆਂ ਟੈਂਕੀਆਂ ਦੀ ਸਫਾਈ ਕਰਵਾਉਣ, ਪਾਣੀ ਦੀਆਂ ਪਾਇਪਾਂ ਦੀ ਲੀਕੇਜ ਬੰਦ ਕਰਵਾਵੁਣ ਅਤੇ ਪਾਣੀ ਦੀ ਕਲੋਰੀਨੇਸ਼ਨ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨੁੰ ਦੱਸਿਆ ਗਿਆ ਹੈ ਜਿਸ ਤੇ ਡਿਪਟੀ ਕਮਿਸ਼ਨਰ ਨੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਹੋ ਸਕੇ।
ਮੀਟਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: ਸੁਰਿੰਦ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ: ਨਵਜੋਤ ਕੌਰ, ਐਸ.ਐਮ.ਓ. ਡਾ: ਹਰਚੰਦ ਸਿੰਘ, ਨਸ਼ਾ ਛੁਡਾਓ ਕੇਂਦਰ ਦੀ ਇੰਚਾਰਜ ਡਾ: ਸਨਪ੍ਰੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਾਜੇਸ਼ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਸਹਾਇਕ ਕਮਿਸ਼ਨਰ ਫੂਡ ਸ਼੍ਰੀਮਤੀ ਅਦਿੱਤੀ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।