ਸੀਵਰੇਜ ਮੈਨਹੋਲ ਦੇ ਚੈਂਬਰ ਦੇ ਨਿਰਮਾਣ ਵਿੱਚ ਲੱਗ ਰਹੀਆਂ ਪੁਰਾਣੀਆਂ ਇੱਟਾਂ ਦਾ ਸਖ਼ਤ ਨੋਟਿਸ ਲਿਆ
ਸਰਕਾਰੀ ਫੰਡਾਂ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਹੋਵੇਗੀ – ਅਮਨ ਅਰੋੜਾ
ਸੁਨਾਮ(ਭੰਗੂ- ਲਿਕੇਸ)ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਰੇਹੜੀ ਫੜ੍ਹੀ ਮਾਰਕੀਟ (ਅਤਿ ਆਧੁਨਿਕ ਸਟਰੀਟ ਵੈਡਿੰਗ ਜ਼ੋਨ) ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ।
ਨਿਰੀਖਣ ਦੌਰਾਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੀਵਰੇਜ ਮੈਨਹੋਲ ਦੇ ਚੈਂਬਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਧਿਆਨ ਨਾਲ ਦੇਖਿਆ ਤਾਂ ਕੁਝ ਥਾਵਾਂ ‘ਤੇ ਪੁਰਾਣੀਆਂ ਇੱਟਾਂ ਦੀ ਵਰਤੋਂ ਕੀਤੀ ਪਾਈ ਗਈ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਭਲੇ ਲਈ ਕਰਵਾਏ ਜਾਣ ਬਹੁ ਪੱਖੀ ਵਿਕਾਸ ਕਾਰਜਾਂ ਲਈ ਜਾਰੀ ਹੋਣ ਵਾਲੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਨੇ ਤੁਰੰਤ ਸਬੰਧਤ ਠੇਕੇਦਾਰ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਪਵਿੱਤਰ ਧਰਤੀ ਉਤੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਸਬੰਧਤ ਅਧਿਕਾਰੀ ਆਪਣੇ ਫ਼ਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਮੁੱਖ ਟੀਚਾ ਹੈ ਕਿ ਲੋਕਾਂ ਦਾ ਪੈਸਾ 101 ਪ੍ਰਤੀਸ਼ਤ ਇਮਾਨਦਾਰੀ ਅਤੇ ਸਹੀ ਢੰਗ ਨਾਲ ਲੱਗੇ।
ਜ਼ਿਕਰਯੋਗ ਹੈ ਕਿ ਇਸੇ ਸਾਲ ਜਨਵਰੀ ਮਹੀਨੇ ਦੀ ਸ਼ੁਰੂਆਤ ਵਿੱਚ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੁਨਾਮ ਵਾਸੀਆਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ
ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਨ ਵਾਲੇ ਸਟ੍ਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਿਆ ਸੀ ਤਾਂ ਜੋ ਸ਼ਹਿਰ ਵਿੱਚ ਸਬਜ਼ੀ ਅਤੇ ਫਲ ਵਿਕਰੇਤਾਵਾਂ ਲਈ ਇਹ ਮਾਰਕੀਟ ਆਉਣ ਵਾਲੇ ਸਮੇਂ ਵਿੱਚ ਵਰਦਾਨ ਸਾਬਤ ਹੋ ਸਕੇ।
ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਇਹ ਵੈਡਿੰਗ ਜ਼ੋਨ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ ਗਈ।