Home ਪਰਸਾਸ਼ਨ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

39
0

 ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਲਹਿਰਾਉਣਗੇ ਕੌਮੀ ਤਿਰੰਗਾ

ਮੋਗਾ, 23 ਜਨਵਰੀ ( ਅਸ਼ਵਨੀ ) – 26 ਜਨਵਰੀ ਨੂੰ ਗਣਤੰਤਰ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਹਰ ਸਾਲ ਦੀ ਤਰ੍ਹਾਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ, ਜਿਸ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਮੁੱਖ ਮਹਿਮਾਨ ਵਜੋਂ ਪੁੱਜਣਗੇ ਅਤੇ ਕੌਮੀ ਤਿਰੰਗੇ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਦਿਹਾੜੇ ਨੂੰ ਵਧੀਆ ਤਰੀਕੇ ਨਾਲ ਮਨਾਉਣ ਲਈ ਤਿਆਰੀਆਂ ਸੰੰਬੰਧੀ ਮੀਟਿੰਗ ਦਾ ਆਯੋਜਨ ਅੱਜ ਸਥਾਨਕ ਦਾਣਾ ਮੰਡੀ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕੀਤੀ।ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਸਮਾਗਮ ਨੂੰ ਵੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਸਮਾਗਮ ਦੌਰਾਨ ਜਿੱਥੇ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਵੇਗਾ, ਉਥੇ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਰੰਗਾਰੰਗ ਪ੍ਰੋਗਰਾਮ ਵੱਖ-ਵੱਖ ਸਕੂਲਾਂ ਦੇ 450 ਤੋਂ ਵਧੇਰੇ ਵਿਦਿਆਰਥੀ ਭਾਗ ਲੈਣਗੇ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ। ਸਮਾਗਮ ਸਵੇਰੇ 9.58 ਮਿੰਟ ‘ਤੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਸ਼ੁਰੂ ਹੋਵੇਗਾ। ਸਮਾਗਮ ਤੋਂ ਪਹਿਲਾਂ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ।

ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਸਮਾਗਮ ਦੋ ਰਾਸ਼ਟਰੀ ਸਮਾਗਮ ਹੁੰਦੇ ਹਨ, ਜਿਨ੍ਹਾਂ ਨੂੰ ਹਰੇਕ ਦੇਸ਼ ਵਾਸੀ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੀ ਪੂਰੀ ਤਰ੍ਹਾਂ ਸਫਾਈ ਕਰਵਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵਧ ਚੜ੍ਹ ਕੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ,  ਐੱਸ ਡੀ ਐੱਮ ਰਾਮ ਸਿੰਘ, ਐੱਸ ਪੀ ਮਨਮੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here