ਸੁਨਾਮ(ਭਗਵਾਨ ਭੰਗੂ- ਲਿਕੇਸ ਸ਼ਰਮਾ )ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਘਟੀਆ ਨਿਰਮਾਣ ਸਮੱਗਰੀ ਦੀ ਵਰਤੋਂ ਕਰਨ ਲਈ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਤਾੜਨਾ ਕਰਨ ਤੋਂ ਇੱਕ ਦਿਨ ਬਾਅਦ ਹੀ ਸੋਮਵਾਰ ਨੂੰ ਮੁੱਖ ਇੰਜਨੀਅਰ ਅਤੇ ਐਸ.ਡੀ.ਓ, ਪੰਜਾਬ ਮੰਡੀ ਬੋਰਡ ਦੀ ਅਗਵਾਈ ਵਾਲੀ ਟੀਮ ਨੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਆਧੁਨਿਕ ਵੈਂਡਿੰਗ ਜ਼ੋਨ ਦੀ ਉਸਾਰੀ ਲਈ ਵਰਤੀਆਂ ਜਾ ਰਹੀਆਂ ਪੁਰਾਣੀਆਂ ਇੱਟਾਂ ਅਤੇ ਹੋਰ ਸਮੱਗਰੀ ਨੂੰ ਬਦਲਵਾ ਦਿੱਤਾ।
ਸੁਨਾਮ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਆਧੁਨਿਕ ਵੈਂਡਿੰਗ ਜ਼ੋਨ ਦਾ ਕੱਲ੍ਹ ਅਚਨਚੇਤ ਨਿਰੀਖਣ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਵੱਲੋਂ ਕੀਤੀ ਗਈ ਤਾੜਨਾ ਉਪਰੰਤ ਸਿਰਫ਼ ਇਕ ਦਿਨ ਅੰਦਰ ਹੀ ਸਾਰੀ ਸਮੱਗਰੀ ਬਦਲ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਸ ਅਚਨਚੇਤ ਨਿਰੀਖਣ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਸੀਵਰੇਜ ਦੇ ਮੈਨਹੋਲ ਚੈਂਬਰ ਬਣਾਉਣ ਲਈ ਪੁਰਾਣੀਆਂ ਅਤੇ ਘਟੀਆ ਕਿਸਮ ਦੀਆਂ ਇੱਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਸ੍ਰੀ ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਹਦਾਇਤ ਕੀਤੀ ਸੀ ਕਿ ਉਹ ਤੁਰੰਤ ਸਮੱਗਰੀ ਨੂੰ ਬਦਲ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਜੇਕਰ ਕੋਈ ਅਧਿਕਾਰੀ, ਕਰਮਚਾਰੀ ਜਾਂ ਠੇਕੇਦਾਰ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵਿਰੋਧੀ ਧਿਰ ਦੇ ਬੇਤੁਕੇ ਅਤੇ ਗੁਮਰਾਹਕੁੰਨ ਬਿਆਨਾਂ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਹੋਈ ਲੋਕਾਂ ਦੇ ਪੈਸੇ ਦੀ ਲੁੱਟ ਨੂੰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਮਾਨ ਸਰਕਾਰ ਨੇ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਅਤੇ ਡਿਊਟੀ ’ਚ ਕੁਤਾਹੀ ਕਰਨ ਵਾਲਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੋਈ ਹੈ, ਇਸ ਲਈ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਬੇਨਿਯਮੀਆਂ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।