“ਪਿੰਡ ਲਖੇਰਾ ਦੇ ਸਰਪੰਚ, ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਏ”
ਬਟਾਲਾ,(ਰੋਹਿਤ ਗੋਇਲ – ਅਸ਼ਵਨੀ): ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਆਪ ਪਾਰਟੀ ਵਲੋਂ ਲੋਕ ਹਿੱਤ ਲਈ ਲਏ ਜਾ ਰਹੇ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਜਿਸ ਤਹਿਤ ਹਲਕਾ ਬਟਾਲਾ ਦੇ ਪਿੰਡ ਲਖੇਰਾ ਦੇ ਸਰਪੰਚ ਸਤਨਾਮ ਸਿੰਘ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਪਣੇ ਪਰਿਵਾਰ ਤੇ ਸਾਥੀਆਂ ਸਮੇਤ ਆਪ ਪਾਰਟੀ ਵਿੱਚ ਸ਼ਾਮਲ ਹੋ ਗਏ।ਇਸ ਮੌਕੇ ਕਰਵਾਏ ਸਮਾਗਮ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ ਹਰ ਖੇਤਰ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਵਿਕਾਸ ਕਾਰਜ ਤੇਜ਼ਗਤੀ ਨਾਲ ਚੱਲ ਰਹੇ ਹਨ।ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਮਹਿਜ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਪਿੰਡਾਂ ਤੇ ਸ਼ਹਿਰਾਂ ਅੰਦਰ ਕੋਰੜਾਂ ਰੁਪਏ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਉਨਾਂ ਵਲੋਂ ਹਫਤੇ ਵਿੱਚ ਤਿੰਨ ਦਿਨ ਲੋਕ ਮਿਲਣੀ ਕਰਕੇ ਸਬੰਧਤ ਵਿਭਾਗਾਂ ਦੇ ਰਾਹੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਲੋਕਾਂ ਨੇ ਜੋ ਵਿਸ਼ਵਾਸ ਉਨਾਂ ਉੱਪਰ ਜਿਤਾਇਆ ਹੈ, ਉਹ ਲੋਕਾਂ ਦੇ ਵਿਸ਼ਵਾਸ ਤੇ ਪੂਰਾ ਉਤਰਨ ਲਈ ਯਤਨਸ਼ੀਲ ਹਨ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ। ਉਨਾਂ ਕਿਹਾ ਕਿ ਪਿੰਡ ਲਖੇਰਾ ਵਿਚ ਚਹੁਪੱਖੀ ਵਿਕਾਸ ਕਾਰਜ ਕੀਤੇ ਜਾਣਗੇ ਤੇ ਸਰਕਾਰ ਵਲੋਂ ਚਲਾਈਆਂ ਜਾ ਰਹੀ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
