ਫਗਵਾੜਾ 16 ਮਾਰਚ (ਬਿਊਰੋ) ਫਗਵਾੜਾ ਦੇ ਰੇਲਵੇ ਸਟੇਸ਼ਨ ‘ਤੇ ਰੇਲਗੱਡੀ ‘ਚੋਂ ਡਿੱਗਣ ਕਾਰਨ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ 108 ਐਂਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੌਕੇ ‘ਤੇ ਪੁੱਜੇ ਜੀਆਰਪੀ ਚੌਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਕੋਲ ਰੋਹਤਕ ਤੋਂ ਜਲੰਧਰ ਦੀ ਟਿਕਟ ਹੈ ਅਤੇ ਇਹ ਸਰਬੱਤ ਦਾ ਭਲਾ ਟਰੇਨ, ਜੋ ਕਿ ਫਗਵਾੜਾ ‘ਚ ਨਹੀਂ ਰੁਕਦੀ, ‘ਚ ਐੱਲਪੀਯੂ ਤੋਂ ਡਿਗਰੀ ਲੈਣ ਲਈ ਆ ਰਿਹਾ ਸੀ ਅਤੇ ਫਗਵਾੜਾ ਰੇਲਵੇ ਸਟੇਸ਼ਨ ‘ਤੇ ਟਰੇਨ ‘ਚੋਂ ਡਿੱਗ ਗਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਸੀ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਚੌਕੀ ਇੰਚਾਰਜ ਨੇ ਦੱਸਿਆ ਕਿ ਮਿ੍ਤਕ ਦੀ ਪਛਾਣ ਤਰੁਨ ਪੁੱਤਰ ਅਨਿਲ ਕੁਮਾਰ ਵਾਸੀ ਹਰਿਆਣਾ ਵਜੋਂ ਹੋਈ ਹੈ ਅਤੇ ਉਨ੍ਹਾਂ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਗਈ ਤੇ ਅਗਲੀ ਕਾਰਵਾਈ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕੀਤੀ ਜਾਵੇਗੀ