“ਐਸ.ਡੀ.ਐਮ. ਅਮਲੋਹ ਗੁਰਵਿੰਦਰ ਸਿੰਘ ਜੋਹਲ ਨੂੰ ਬੈਸਟ ਈ.ਆਰ.ਓ. ਵਜੋਂ ਦਿੱਤਾ ਸਨਮਾਨ”
ਫ਼ਤਹਿਗੜ੍ਹ ਸਾਹਿਬ,25 ਜਨਵਰੀ,(ਲਿਕੇਸ਼ ਸ਼ਰਮਾ – ਵਿਕਾਸ ਮਠਾੜੂ): ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਲੋਕਤੰਤਰ ਦੀ ਮਜਬੂਤੀ ਵਾਸਤੇ ਹਰੇਕ ਵੋਟਰ ਨੂੰ ਆਪਣੇ ਵੋਟ ਦਾ ਸਹੀ ਇਸਤੇਮਾਲ ਕਰਨਾ ਜਰੂਰੀ ਹੈ ਕਿਉਂਕਿ ਵੋਟ ਦਾ ਸਹੀ ਇਸਤੇਮਾਲ ਕਰਕੇ ਹੀ ਅਸੀਂ ਆਪਣੇ ਦੇਸ਼ ਅਤੇ ਸੂਬੇ ਦੀ ਮਜਬੂਤੀ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ 13ਵੇਂ ਕੌਮੀ ਵੋਟਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਵਾਸਤੇ ਨੈਸ਼ਨਲ ਵੋਟਰ ਦਿਵਸ ਮਨਾਇਆ ਜਾਂਦਾ ਹੈ ਤਾਂ ਜੋ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਮਜਬੂਤ ਕੀਤਾ ਜਾ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਵੋਟ ਬਣਾਉਣਾ ਅਤੇ ਉਸ ਦਾ ਬਿਨਾਂ ਕਿਸੇ ਭੇਦ-ਭਾਵ ਤੋਂ ਇਸਤੇਮਾਲ ਕਰਨਾ ਹਰੇਕ ਨਾਗਰਿਕ ਦੀ ਸਮਾਜਿਕ ਜਿੰਮੇਵਾਰੀ ਹੈ ਜਿਸ ਨੂੰ ਨਿਭਾਉਣ ਤੋਂ ਕਦੇ ਵੀ ਪਿੱਛੇ ਨਹੀਂ ਹਟਣਾ ਚਾਹੀਦਾ। ਉਨ੍ਹਾਂ ਲੋਕਤੰਤਰੀ ਪ੍ਰੰਪਰਾਵਾਂ ਨੂੰ ਕਾਇਮ ਰੱਖਣ ਅਤੇ ਸਹੀ ਤੇ ਨਿਰਪੱਖ ਵੋਟ ਦਾ ਇਸਤੇਮਾਲ ਕਰਨ ਦਾ ਪ੍ਰਣ ਵੀ ਦਿਵਾਇਆ।ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 18-19 ਸਾਲ ਦੇ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਦੇ ਮੰਤਵ ਨਾਲ ਹੁਣ ਸਾਲ ਵਿੱਚ ਚਾਰ ਯੋਗਤਾ ਮਿਤੀਆਂ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਯੋਗ ਨੌਜਵਾਨ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ 1950 ਤੇ 1951 ਵਿੱਚ ਕੀਤੀਆਂ ਸੋਧਾਂ ਸਦਕਾ ਵੋਟਰ ਸੂਚੀਆਂ ਵਿੱਚ ਰਜਿਸਟਰੇਸ਼ਨ ਕਰਵਾਉਣ ਲਈ ਸਾਲ ਵਿੱਚ ਚਾਰ ਯੋਗਤਾ ਮਿਤੀਆਂ ਭਾਵ 01 ਜਨਵਰੀ, 01 ਅਪ੍ਰੈਲ, 01 ਜੁਲਾਈ ਤੇ 01 ਅਕਤੂਬਰ ਤੈਅ ਕੀਤੀਆਂ ਗਈਆਂ ਹਨ ਜਿਸ ਨਾਲ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੋਟ ਦਾ ਅਧਿਕਾਰ ਸਾਡਾ ਸੰਵਿਧਾਨਕ ਹੱਕ ਹੈ ਜਿਸ ਦਾ ਸਾਨੂੰ ਪੂਰੀ ਜਿੰਮੇਵਾਰੀ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ ਕਿਉਂਕਿ ਵੋਟ ਦਾ ਸਹੀ ਇਸਤੇਮਾਲ ਕਰਕੇ ਹੀ ਅਸੀਂ ਸੁਪਨਿਆਂ ਦਾ ਦੇਸ਼ ਸਿਰਜ ਸਕਦੇ ਹਾਂ।ਜ਼ਿਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ ਚੋਣ ਕਮਿਸਨ ਵੱਲੋਂ ਵੋਟਰਾਂ ਦੇ ਫੋਟੋ ਵੋਟਰ ਸ਼ਨਾਖਤੀ ਕਾਰਡ ਉਨ੍ਹਾਂ ਦੇ ਆਧਾਰ ਨਾਲ ਲਿੰਕ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੇ 98 ਫੀਸਦੀ ਤੋਂ ਵੱਧ ਵੋਟਰਾਂ ਦ ਆਧਾਰ ਨੰਬਰ ਵੋਟਰ ਕਾਰਡ ਨਾਲ ਲਿੰਕ ਹੋ ਚੁੱਕੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਆਪਣੇ ਵੋਟਰ ਕਾਰਡ ਨਾਲ ਆਧਾਰ ਲਿੰਕ ਜਰੂਰ ਕਰਵਾਉਣ ਕਿਉਂਕਿ ਅਜਿਹਾ ਕਰਕੇ ਬਿਨਾਂ ਕਿਸੇ ਤਰੁੱਟੀ ਵਾਲੀ ਵੋਟਰ ਸੂਚੀ ਤਿਆਰ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਧਾਰ ਨੰਬਰ ਵੋਟਰ ਕਾਰਡ ਨਾਲ ਲਿੰਕ ਹੋਣ ਨਾਲ ਜਿਥੇ ਕਿਸੇ ਵੀ ਵੋਟਰ ਦੀ ਇੱਕ ਤੋਂ ਵੱਧ ਵੋਟ ਨਹੀਂ ਹੋਵੇਗੀ ਉਥੇ ਹੀ ਜੇਕਰ ਕਿਸੇ ਵੋਟਰ ਦੀ ਇੱਕ ਤੋਂ ਵੱਧ ਵੋਟ ਹੈ ਤਾਂ ਉਹ ਆਪਣੇ ਆਪ ਕੱਟ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕੌਮੀ ਵੋਟਰ ਦਿਵਸ ਮੌਕੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਲਈ ਸਨਮਾਨਿਤ ਹੋਣ ਵਾਲੇ ਅਧਿਕਾਰੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਸਖਤ ਮਿਹਨਤ ਤੇ ਲਗਨ ਨਾਲ ਨਿਭਾਈ ਗਈ ਡਿਊਟੀ ਸਦਕਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਵਧੀਆ ਢੰਗ ਨਾਲ ਚੱਲ ਰਿਹਾ ਹੈ ਅਤੇ ਇਹ ਅਧਿਕਾਰੀ ਹੋਰਨਾਂ ਲਈ ਵੀ ਪ੍ਰੇਰਨਾ ਸਰੋਤ ਹਨ। ਇਸ ਮੌਕੇ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਦਾ ਗੀਤ ” ਮੈਂ ਭਾਰਤ ਹੂੰ ” ਲਾਂਚ ਕੀਤਾ ਗਿਆ ਅਤੇ ਪ੍ਰੋਜੈਕਟਰ ਤੇ ਭਾਰਤ ਚੋਣ ਕਮਿਸ਼ਨ ਦਾ ਸੰਦੇਸ਼ ਸੁਣਾਇਆ ਗਿਆ। ਇਸ ਤੋਂ ਇਲਾਵਾ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਅਤੇ ਵਿਦਿਆਰਥੀ ਪਵਨਦੀਪ ਸਿੰਘ ਵੱਲੋਂ ਵੋਟ ਦੀ ਮਹੱਤਤਾ ਬਾਰੇ ਭਾਸ਼ਣ ਦਿੱਤਾ ਗਿਆ।ਜਿਨ੍ਹਾਂ ਨੂੰ ਜ਼ਿਲ੍ਹਾ ਚੋਣ ਅਫਸਰ ਨੇ ਸਨਮਾਨਤ ਵੀ ਕੀਤਾ।ਜ਼ਿਲ੍ਹਾ ਪੱਧਰੀ ਕੌਮੀ ਵੋਟਰ ਦਿਵਸ ਸਮਾਗਮ ਦੌਰਾਨ ਅਮਲੋਹ ਦੇ ਐਸ.ਡੀ.ਐਮ. ਗੁਰਵਿੰਦਰ ਸਿੰਘ ਜੋਹਲ ਨੂੰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਬਦਲੇ ਬੈਸਟ ਈ.ਆਰ.ਓ. ਵਜੋਂ ਅਤੇ ਚੋਣ ਹਲਕਾ 54-ਬਸੀ ਪਠਾਣਾ ਦੇ ਬੀ.ਐਲ.ਓ. ਮਨਜੀਤ ਸਿੰਘ ਨੂੰ ਬੈਸਟ ਬੀ.ਐਲ.ਓ. ਵਜੋਂ ਸਨਮਾਨ ਦਿੱਤਾ ਗਿਆ।ਇਸ ਤੋਂ ਇਲਾਵਾ ਵਿਧਾਨ ਸਭਾ ਚੋਣਾਂ-2022 ਦੌਰਾਨ ਸ਼ਲਾਘਾਯੋਗ ਕੰਮ ਕਰਨ ਲਈ ਪੀ.ਡਬਲਯੂ.ਡੀ. ਕੋਆਰਡੀਨੇਟਰ ਗੁਰਵਿੰਦਰ ਸਿੰਘ ਸੋਨੀ ਅਤੇ ਹਰਭਜਨ ਸਿੰਘ ਜੱਲੋਵਾਲ, ਚੋਣ ਤਹਿਸੀਲਦਾਰ ਨਿਰਮਲਾ ਰਾਣੀ, ਚੋਣ ਕਾਨੂੰਗੋ ਬ੍ਰਿਜ ਮੋਹਨ ਤੇ ਪ੍ਰੋਗਰਾਮਰ ਸ਼ਮਾਂ ਹਾਂਡਾ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ 18-19 ਸਾਲ ਦੀ ਉਮਰ ਦੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਵੀ ਵੰਡੇ ਗਏ।ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੋਹਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ,ਜ਼ਿਲ੍ਹਾ ਮਾਲ ਅਫਸਰ ਸੰਦੀਪ ਸਿੰਘ,ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਬਾਦਲਦੀਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਗੁਰਬਖਸ਼ੀਸ਼ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕਾਂ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
