ਜੰਡਿਆਲਾ ਗੁਰੂ, 27 ਜਨਵਰੀ,(ਬੋਬੀ ਸਹਿਜਲ): ਸਿਹਤ ਸਹੂਲਤਾਂ ਦੇ ਖੇਤਰ ਵਿੱਚ ਆਮ ਆਦਮੀ ਕਲੀਨਿਕ ਇੱਕ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਹੈ ਅਤੇ ਸੂਬਾ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਨਿਰੰਤਰ ਯਤਨਸ਼ੀਲ਼ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਬੁਟਰ ਕਲਾਂ, ਨਵਾਂ ਪਿੰਡ ਤੇ ਜੰਡਿਆਲਾ ਗੁਰੂ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਵੇਲੇ ਕੀਤਾ।ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 100 ਆਮ ਆਦਮੀ ਕਲਿਨਿਕ 15 ਅਗਸਤ ਨੂੰ ਖੋਲ੍ਹੇ ਗਏ ਤੇ ਅੱਜ 500 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਜੰਡਿਆਲਾ ਗੁਰੂ ਦੇ ਸਾਰੇ ਲੋਕਾਂ ਨੂੰ ਇੰਨਾ ਕਲੀਨਿਕਾਂ ਦੀ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ ਰੋਜ਼ਾਨਾ ਸੈਕੜੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਿੱਚ ਸਹਾਈ ਸਿੱਧ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤ ਦੇਣ ਲਈ ਇਹ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਜਿਸ ਨਾਲ ਮੁਫਤ ਦਵਾਈਆਂ, ਟੈਸਟ ਅਤੇ ਮਾਹਿਰ ਡਾਕਟਰਾਂ ਦੀ ਸਹੂਲਤ ਆਮ ਲੋਕਾਂ ਨੂੰ ਹੋਰ ਬਿਹਤਰ ਢੰਗ ਨਾਲ ਦਿੱਤੀ ਜਾ ਰਹੀ ਹੈ।
