ਚੰਡੀਗੜ(ਰਾਜੇਸ ਜੈਨ-ਰਾਜਨ ਜੈਨ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬੇ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ 26074 ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ।
ਇੱਥੇ ਮਿਊਂਸਿਪਲ ਭਵਨ ਵਿਖੇ ਲੋਕ ਨਿਰਮਾਣ ਵਿਭਾਗ ਦੇ 188 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਕ ਨਵੀਂ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ, ਜਿੱਥੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਰਾਹੀਂ ਆਰਥਿਕ ਪੱਖੋਂ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 26074 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹੋਰ ਨੌਕਰੀਆਂ ਦੇਣ ਦੀ ਕਾਰਵਾਈ ਵੀ ਚੱਲ ਰਹੀ ਹੈ ਅਤੇ ਇਹ ਪ੍ਰਕਿਰਿਆ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਉਤੇ ਭਰਤੀ ਲਈ ਸਿਰਫ਼ ਤੇ ਸਿਰਫ਼ ਮੈਰਿਟ ਹੀ ਇਕੋ-ਇਕ ਆਧਾਰ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ ਤਾਂ ਕਿ ਹੋਣਹਾਰ ਨੌਜਵਾਨ ਸੂਬਾ ਸਰਕਾਰ ਨਾਲ ਜੁੜਨ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਨਾਲ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਕਾਰਜਕਾਲ ਦੇ ਦਸ ਮਹੀਨਿਆਂ ਦੌਰਾਨ ਸੂਬਾ ਸਰਕਾਰ ਨੇ ਕਈ ਮਿਸਾਲੀ ਫੈਸਲੇ ਲਏ ਹਨ, ਜਦੋਂ ਕਿ ਦੂਜੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ਦੌਰਾਨ ਲੋਕਾਂ ਨਾਲ ਵਾਅਦੇ ਕਰਦੀਆਂ ਸਨ ਪਰ ਉਨ੍ਹਾਂ ਨੇ ਵਾਅਦੇ ਨਹੀਂ, ਲੋਕਾਂ ਨੂੰ ਗਰੰਟੀਆਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਇਕ-ਇਕ ਕਰਕੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ ਹਰੇਕ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਅਤੇ ਇਹ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਨਵੰਬਰ-ਦਸੰਬਰ 2022 ਮਹੀਨਿਆਂ ਵਿੱਚ ਸੂਬੇ ਦੇ 87 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ। ਭਗਵੰਤ ਮਾਨ ਨੇ ਕਿਹਾ ਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਆਮ ਆਦਮੀ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਭਲੀ-ਭਾਂਤ ਜਾਣਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਗਰੰਟੀ ਪੂਰੀ ਕਰਦਿਆਂ ਪੰਜਾਬ ਭਰ ਵਿੱਚ 500 ਆਮ ਆਦਮੀ ਕਲੀਨਿਕ ਖੋਲ੍ਹ ਦਿੱਤੇ ਹਨ, ਜਿੱਥੇ ਆਉਣ ਵਾਲੇ ਹਰੇਕ ਮਰੀਜ਼ ਦਾ ਆਨਲਾਈਨ ਡੇਟਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਘਾਤਕ ਬਿਮਾਰੀਆਂ ਨਾਲ ਸਿੱਝਣ ਲਈ ਰਣਨੀਤੀ ਘੜਨ ਵਿੱਚ ਇਹ ਡੇਟਾ ਕਾਫ਼ੀ ਮਦਦਗਾਰ ਸਾਬਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਵਾਸੀਆਂ ਦੇ ਇਲਾਜ ਤੇ ਰੋਗਾਂ ਦੀ ਪਛਾਣ ਵਿੱਚ ਇਹ ਪ੍ਰਭਾਵਸ਼ਾਲੀ ਸਾਬਤ ਹੋਵੇਗਾ।
ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਸ਼ਰਮਨਾਕ ਗੱਲ ਹੈ ਕਿ ਵਿਰੋਧੀ ਪਾਰਟੀਆਂ ਦੇ ਆਗੂ ਲੋਕ-ਪੱਖੀ ਫੈਸਲਿਆਂ ਦੀ ਵੀ ਆਲੋਚਨਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਵਿਰੋਧ ਲਈ ਹੀ ਵਿਰੋਧ ਕਰਨਾ ਪੂਰੀ ਤਰ੍ਹਾਂ ਬੇਲੋੜਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸੂਬੇ ਦੀ ਤਰੱਕੀ ਦੇ ਖ਼ੁਸ਼ਹਾਲੀ ਤੋਂ ਸੜਦੇ ਹਨ, ਜਿਸ ਕਾਰਨ ਇਨ੍ਹਾਂ ਪਹਿਲਕਦਮੀਆਂ ਦਾ ਵਿਰੋਧ ਕਰ ਰਹੇ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਰੋਧ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਲਈ ਕੰਮ ਕਰਨ ਤੋਂ ਰੋਕ ਨਹੀਂ ਸਕੇਗਾ ਅਤੇ ਉਹ ਲੋਕਾਂ ਦੀ ਭਲਾਈ ਲਈ ਸਖ਼ਤ ਮਿਹਨਤ ਜਾਰੀ ਰੱਖਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਲੋਕਾਂ ਦੀ ਭਲਾਈ ਲਈ ਕੰਮ ਕਿਵੇਂ ਕਰਨੇ ਹਨ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਭਰੋਸੇ ਨੂੰ ਉਹ ਹਰ ਹੀਲੇ ਬਰਕਰਾਰ ਰੱਖਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਇਹ ਸਕੂਲ, ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਰੁਚੀਆਂ ਮੁਤਾਬਕ ਹੀ ਉਨ੍ਹਾਂ ਦਾ ਵਿਕਾਸ ਯਕੀਨੀ ਬਣੇਗਾ ਅਤੇ ਇਹ ਸਕੂਲ ਭਵਿੱਖ ਲਈ ਮਾਹਿਰਾਂ ਦੀ ਇਕ ਵੱਡੀ ਫੌਜ ਤਿਆਰ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਦੌਲਤ ਨੂੰ ਲੁੱਟਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਇਸ ਘਿਨਾਉਣੇ ਜੁਰਮ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਦੋਖੀਆਂ, ਜਿਨ੍ਹਾਂ ਲੋਕਾਂ ਦੇ ਖ਼ਜ਼ਾਨੇ ਨੂੰ ਲੁੱਟਿਆ, ਨੂੰ ਸਜ਼ਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਉੱਦਮੀਆਂ ਨੇ ਰਾਜ ਵਿੱਚ ਨਿਵੇਸ਼ ਲਈ ਉਤਸ਼ਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ 27 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਨੌਜਵਾਨਾਂ ਲਈ ਨੌਕਰੀਆਂ ਦੇ ਲੱਖਾਂ ਮੌਕੇ ਪੈਦਾ ਹੋ ਰਹੇ ਹਨ। ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਇਕ ਹੋਰ ਮਿਸਾਲੀ ਫੈਸਲੇ ਤਹਿਤ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਉਨ੍ਹਾਂ ਦੇ ਘਰਾਂ ਵਿੱਚ ਹੀ ਪਹੁੰਚਾਉਣ ਦਾ ਫੈਸਲਾ ਕੀਤਾ ਹੈ।
ਇਸ ਤੋਂ ਪਹਿਲਾਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ।