ਖਮਾਣੋਂ, 31 ਜਨਵਰੀ ( ਰਾਜਨ ਜੈਨ)-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਖਮਾਣੋਂ ਸਬ-ਡਵੀਜ਼ਨ ਦੇ ਪਿੰਡ ਬਾਠਾਂ ਖੁਰਦ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਸਕੂਲ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਪਿੰਡ ਵਿਖੇ ਬਣਾਏ ਜਾ ਰਹੇ ਸਾਲਿਡ ਵੇਸਟ ਮੈਨੇਜਮੈਂਟ ਸਿਸਟਮ, ਲਿਕੂਅਡ ਵੇਸਟ ਮੈਨੇਜਮੈਟ ਸਿਸਟਮ ਅਤੇ ਪਿੰਡ ਵਿੱਚ ਬਣਾਏ ਜਾ ਰਹੇ ਖੇਡ ਮੈਦਾਨ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪਿੰਡ ਬਾਠਾਂ ਵਿਖੇ 17 ਲੱਖ 10 ਹਜ਼ਾਰ 500 ਰੁਪੲ ਦੀ ਲਾਗਤ ਨਾਲ ਵੱਖ-ਵੱਖ ਪ੍ਰੋਜੈਕਟ ਚੱਲ ਰਹੇ ਹਨ ਜੋ ਕਿ ਛੇਤੀ ਹੀ ਮੁਕੰਮਲ ਹੋ ਜਾਣਗੇ। ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਤੇ ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂ-ਅਰਬਨ ਮਿਸ਼ਨ ਤਹਿਤ ਬਲਾਕ ਖਮਾਣੋਂ ਦੇ 35 ਪਿੰਡਾਂ ਵਿੱਚ ਲਿਕੂਅਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਦਾ ਕੰਮ ਚੱਲ ਰਿਹਾ ਹੈ ਜਿਨ੍ਹਾਂ ਵਿੱਚੋਂ 12 ਪ੍ਰੋਜੈਕਟਾਂ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਇਸੇ ਤਰ੍ਹਾਂ ਬਲਾਕ ਦੇ 5 ਪਿੰਡਾਂ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ ਜਦੋਂ ਕਿ 24 ਪਿੰਡਾਂ ਵਿੱਚ ਇਹ ਪ੍ਰੋਜੈਕਟ ਬਣਾਏ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਨ੍ਹਾਂ ਕੰਮਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਿੰਡਾਂ ਦੇ ਵੱਧ ਤੋਂ ਵੱਧ ਲੋਕਾਂ ਨੂੰ ਘਰਾਂ ਦਾ ਸੁੱਕਾ ਤੇ ਗਿੱਲ੍ਹਾ ਕੂੜਾ ਵੱਖਰਾ ਕਰਨ ਬਾਰੇ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਕੂੜੇ ਦੀ ਸਹੀ ਸਾਂਭ ਸੰਭਾਲ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਜਿਥੇ ਪਿੰਡਾਂ ਦਾ ਵਾਤਾਵਰਣ ਪ੍ਰਦੂਸ਼ਣ ਮੁਕਤ ਹੋਵੇਗਾ ਉਥੇ ਹੀ ਇਸ ਨਾਲ ਆਲਾ ਦੁਆਲਾ ਵੀ ਸਾਫ ਸੁਥਰਾ ਬਣੇਗਾ ਅਤੇ ਪਿੰਡਾਂ ਦਾ ਵਾਤਾਵਰਣ ਹਰਿਆ ਭਰਿਆ ਬਣਾਉਣ ਵਿੱਚ ਵੀ ਮਦਦ ਮਿਲੇਗੀ। ਪਰਨੀਤ ਸ਼ੇਰਗਿੱਲ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਅੱਜ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਬਹੁਤ ਲੋੜ ਹੈ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਨਸ਼ਿਆਂ ਵਰਗੀ ਲਾਹਣਤ ਤੋਂ ਦੂਰ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸਾਹਤ ਕਰਨ ਵਾਸਤੇ ਵੱਡੀ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਸਾਡੇ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਕਿਉਂਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿਥੇ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਹੋਣਗੇ ਉਥੇ ਹੀ ਸਮਾਜਿਕ ਲਾਹਣਤਾਂ ਦੇ ਖਾਤਮੇ ਵਿੱਚ ਵੀ ਅਹਿਮ ਯੋਗਦਾਨ ਪਾ ਸਕਣਗੇ । ਡਿਪਟੀ ਕਮਿਸ਼ਨਰ ਨੇ ਪਿੰਡ ਦੇ ਸਕੂਲ ਦਾ ਜਾਇਜ਼ਾ ਲੈਣ ਮੌਕੇ ਵਿਦਿਆਰਥੀਆਂ ਨੂੰ ਕਿਹਾ ਕਿ ਪੜਾਈ ਦੇ ਨਾਲ-ਨਾਲ ਖੇਡਾਂ ਨਾਲ ਵੀ ਜੁੜਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਂਣ ਲਈ ਖੋਲ੍ਹੇ ਜਾ ਰਹੇ ਸਕੂਲ ਆਫ ਐਮੀਨੈਂਸ ਵਿੱਚ ਵਿਦਿਆਰਥੀਆਂ ਨੂੰ ਸਮੇਂ ਦੀ ਹਾਣ ਦੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਅਤੇ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਤਿਆਰ ਕੀਤਾ ਜਾਵੇਗਾ ਤਾਂ ਜ਼ੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਭਵਿੱਖ ਵਿੱਚ ਉਚੀਆਂ ਮੱਲ੍ਹਾਂ ਮਾਰ ਸਕਣ।ਇਸ ਮੌਕੇ ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਪਰਲੀਨ ਕਾਲੇਕਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਖਮਾਣੋਂ ਪਰਭਜੋਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ।