Home Political ਮੋਦੀ ਸਰਕਾਰ ਨੇ ਪੰਜਾਬ ਵਿਰੋਧੀ, ਲੋਕ ਵਿਰੋਧੀ, ਕਿਸਾਨ ਵਿਰੋਧੀ ਅਤੇ ਦਿਸ਼ਾਹੀਣ ਕੇਂਦਰੀ...

ਮੋਦੀ ਸਰਕਾਰ ਨੇ ਪੰਜਾਬ ਵਿਰੋਧੀ, ਲੋਕ ਵਿਰੋਧੀ, ਕਿਸਾਨ ਵਿਰੋਧੀ ਅਤੇ ਦਿਸ਼ਾਹੀਣ ਕੇਂਦਰੀ ਬਜਟ ਪੇਸ਼ ਕੀਤਾ-ਮੁੱਖ ਮੰਤਰੀ

56
0

ਭਾਜਪਾ ਦਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਸਮਝੋ ਬਾਹਰ ਦੀ ਗੱਲ

ਮੋਦੀ ਸਰਕਾਰ ਆਪਣੇ ਆਖਰੀ ਬਜਟ ਵਿੱਚ ਵੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ

ਚੰਡੀਗੜ(ਰਾਜੇਸ ਜੈਨ-ਰਾਜਨ ਜੈਨ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਰੋਧੀ, ਲੋਕ ਵਿਰੋਧੀ, ਕਿਸਾਨ ਵਿਰੋਧੀ ਅਤੇ ਦਿਸ਼ਾਹੀਣ ਕੇਂਦਰੀ ਬਜਟ ਪੇਸ਼ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ।

ਮੁੱਖ ਮੰਤਰੀ ਨੇ ਇਕ ਬਿਆਨ ਵਿੱਚ ਕਿਹਾ, “ਇਹ ਕਿੰਨੀ ਸ਼ਰਮਨਾਕ ਗੱਲ ਹੈ ਕਿ ਕੇਂਦਰ ਸਰਕਾਰ ਨੇ ਆਪਣੀ ਸੌੜੀ ਮਾਨਸਿਕਤਾ ਦੇ ਚੱਲਦਿਆਂ ਸੂਬੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਦਿੱਤਾ ਜਿਸ ਨਾਲ ਬਹਾਦਰ ਅਤੇ ਮਿਹਨਤਕਸ਼ ਪੰਜਾਬੀਆਂ ਵੱਲੋਂ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਦਿੱਤੀਆਂ ਅਣਗਿਣਤ ਕੁਰਬਾਨੀਆਂ ਦੀ ਤੌਹੀਨ ਕੀਤੀ ਗਈ।”

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਦੁੱਖ ਹੋਇਆ ਹੈ ਕਿ ਪੰਜਾਬ ਦੀਆਂ ਸਾਰੀਆਂ ਵਾਜਬ ਮੰਗਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਗਿਆ ਅਤੇ ਕੇਂਦਰੀ ਬਜਟ ਵਿੱਚ ਸੂਬੇ ਨੂੰ ਕਿਤੇ ਵੀ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿੱਚ ਸੂਬੇ ਦੀ ਝਾਕੀ ਨੂੰ ਪਰੇਡ ਤੋਂ ਬਾਹਰ ਰੱਖਣ ਤੋਂ ਬਾਅਦ ਇਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਯੋਗਦਾਨ ਨੂੰ ਜਾਣਬੁੱਝ ਕੇ ਅੱਖੋਂ ਪਰੋਖੇ ਕਰਨ ਲਈ ਕੀਤੀ ਗਈ ਦੂਜੀ ਕੋਸ਼ਿਸ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਭਾਜਪਾ ਪੰਜਾਬ ਨਾਲ ਅਜਿਹਾ ਮਤਰੇਈ ਮਾਂ ਵਾਲਾ ਸਲੂਕ ਕਿਉਂ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਉਨ੍ਹਾਂ ਨੇ ਬੀ ਐੱਸ ਐੱਫ ਅਤੇ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ ਕੇਂਦਰ ਪਾਸੋਂ 1000 ਕਰੋੜ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਫੰਡ ਸਰਹੱਦ ਪਾਰੋਂ ਖਾਸ ਕਰਕੇ ਹਾਈਟੈਕ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਜ਼ਰੂਰੀ ਹਨ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਮੰਗ ਨੂੰ ਠੰਡੇ ਬਸਤੇ ਵਿੱਚ ਪਾ ਕੇ ਇਸ ਲਈ ਬਜਟ ਅਲਾਟ ਨਹੀਂ ਕੀਤਾ ਜਿਸ ਨਾਲ ਸਰਹੱਦੀ ਸੂਬੇ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here