ਫਤਹਿਗੜ੍ਹ ਸਾਹਿਬ, 01 ਫਰਵਰੀ ( ਬੌਬੀ ਸਹਿਜਲ, ਧਰਮਿੰਦਰ)-ਪੰਜਾਬ ਸਰਕਾਰ ਵੱਲੋਂ ਬਜੁਰਗ ਨਾਗਰਿਕਾਂ ਲਈ ਚਲਾਈ ਜਾ ਰਹੀ ਬੁਢਾਪਾ ਪੈਨਸ਼ਨ ਸਕੀਮ ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 63948 ਬਜੁਰਗ ਨਾਗਰਿਕਾਂ ਨੂੰ 9 ਕਰੋੜ 59 ਲੱਖ 22 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ ਤਾਂ ਜੋ ਉਹ ਚੰਗਾ ਜੀਵਨ ਬਤੀਤ ਕਰ ਸਕਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਜੁਰਗ ਨਾਗਰਿਕਾਂ ਦੀ ਦੇਖ-ਭਾਲ ਤੇ ਭਲਾਈ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰੀ ਦਫ਼ਤਰਾਂ ਵਿੱਚ ਬਜੁਰਗ ਨਾਗਰਿਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ਅਤੇ ਉਨ੍ਹਾਂ ਨੁੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ।ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਬਜੁਰਗ ਨਾਗਰਿਕਾਂ ਦੀਆਂ ਲੰਮੀਆਂ ਲਾਈਨਾਂ ਨਾ ਲੱਗਣ ਦਿੱਤੀਆਂ ਜਾਣ ਅਤੇ ਬਜੁਰਗ ਨਾਗਰਿਕਾਂ ਨੂੰ ਛੇਤੀ ਤੋਂ ਛੇਤੀ ਚੈਕ ਕੀਤਾ ਜਾਵੇ । ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕ ਬਸੀ ਪਠਾਣਾ ਦੇ ਓਲਡ ਏਜ ਹੋਮ ਵਿੱਚ ਰਹਿੰਦੇ ਬਜੁਰਗਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਰੋਟੇਸ਼ਨ ਵਾਇਜ਼ ਡਾਕਟਰਾਂ ਦੀਆਂ ਡਿਊਟੀਆਂ ਲਗਾਈਆਂ ਜਾਣ।ਮੀਟਿੰਗ ਵਿੱਚ ਬਜੁਰਗ ਨਾਗਰਿਕਾਂ ਨੇ ਸਰਹਿੰਦ ਵਿਖੇ ਸਥਿਤ ਲਾਇਬ੍ਰੇਰੀ ਵਿੱਚ ਸਟਾਫ ਤੇ ਕਿਤਾਬਾਂ ਆਦਿ ਮੁਹੱਈਆ ਕਰਵਾਉਣ ਬਾਰੇ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੂੰ ਕਿਹਾ ਜਿਸ ਤੇ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਰਹਿੰਦ ਵਿਖੇ ਸਥਿਤ ਲਾਇਬ੍ਰੇਰੀ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ ਪ੍ਰੋਜੈਕਟ ਬਣਾਇਆ ਗਿਆ ਹੈ ਅਤੇ ਛੇਤੀ ਹੀ ਇਸ ਲਾਇਬ੍ਰੇਰੀ ਦੀ ਨਵੀਂ ਇਮਾਰਤ ਹੋਵੇਗੀ ਤੇ ਲੋੜੀਂਦਾ ਸਟਾਫ ਵੀ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਬੰਧਤ ਵਿਭਾਗ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਡੀ.ਡੀ.ਪੀ.ਓ. ਹਿਤੇਨ ਕਪਿਲਾ ਨੂੰ ਕਿਹਾ ਕਿ ਅਮਲੋਹ ਵਿਖੇ ਵੀ ਬਜੁਰਗਾਂ ਲਈ ਲਾਇਬ੍ਰੇਰੀ ਸਥਾਪਤ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾਵੇ।ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਅਟਾਰਨੀ ਕੁਲਵਿੰਦਰ ਸਿੰਘ ਬਾਜਵਾ, ਜ਼ਿਲ੍ਹਾ ਸਿਹਤ ਅਫਸਰ ਡਾ: ਨਵਜੋਤ ਕੌਰ, ਜ਼ਿਲ੍ਹਾ ਲੀਡ ਮੈਨੇਜਰ ਮੁਕੇਸ਼ ਕੁਮਾਰ, ਕਮੇਟੀ ਮੈਂਬਰ ਸੁਨੀਲ ਰੈਣਾ, ਰਾਮ ਨਾਥ ਸ਼ਰਮਾ, ਪ੍ਰੋ: ਅਸੋਕ ਸੂਦ, ਰੋਸ਼ਨ ਲਾਲ ਸੂਦ, ਆਰ.ਐਨ. ਸ਼ਰਮਾ, ਦਿਲਬਾਗ ਸਿੰਘ, ਕੇ.ਕੇ. ਵਰਮਾ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਦੀ ਮੌਜੂਦ ਸਨ।