ਸਰਕਾਰੀ ਖਾਤੇ ਚੋਂ ਲੈ ਰਹੇ ਹਨ ਮੁਫਤ ਰਾਸ਼ਨ
ਜਗਰਾਉਂ, 2 ਫਰਵਰੀ ( ਰਾਜੇਸ਼ ਜੈਨ, ਭਗਵਾਨ ਭੰਗੂ)-ਪੰਜਾਬ ਸਰਕਾਰ ਵੱਲੋਂ ‘ਆਟਾ ਦਾਲ ਸਕੀਮ’ ਦੀ ਕਰਵਾਈ ਪੜਤਾਲ ‘ਚ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਾਂਚ ‘ਚ ਪਤਾ ਲੱਗਾ ਹੈ ਕਿ ਪੰਜਾਬ ਵਿੱਚ ਹਜ਼ਾਰਾਂ ਮ੍ਰਿਤਕ ਵਿਅਕਤੀ ਆਟਾ ਦਾਲ ਸਕੀਮ ਤਹਿਤ ਰਾਸ਼ਨ ਲੈ ਰਹੇ ਹਨ। ਇਸੇ ਤਰ੍ਹਾਂ ਰਸੂਖਵਾਨ ਲੋਕ ਵੀ ਆਟਾ ਦਾਲ ਸਕੀਮ ਦੇ ਲਾਭਪਾਤਰੀ ਬਣੇ ਹੋਏ ਹਨ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਦਾ ਬਿਓਰਾ ਆਧਾਰ ਕਾਰਡਾਂ ਨਾਲ ਲਿੰਕ ਕਰਨ ‘ਤੇ ਇਹ ਤੱਥ ਸਾਹਮਣੇ ਆਏ ਹਨ।
ਵੇਰਵਿਆਂ ਅਨੁਸਾਰ ਪੰਜਾਬ ‘ਚ ਕਰੀਬ 10.56 ਲੱਖ ਅਜਿਹੇ ਰਸੂਖਵਾਨਾਂ ਦੀ ਸ਼ਨਾਖ਼ਤ ਹੋਈ ਹੈ, ਜਿਨ੍ਹਾਂ ਨੂੰ ਆਟਾ-ਦਾਲ ਸਕੀਮ ਦਾ ਰਾਸ਼ਨ ਮਿਲ ਰਿਹਾ ਹੈ। ਪੰਜਾਬ ਮੰਡੀ ਬੋਰਡ ਨੇ 12.50 ਲੱਖ ਲੋਕਾਂ ਦਾ ਅੰਕੜਾ ਸਰਕਾਰ ਨੂੰ ਦਿੱਤਾ ਸੀ, ਜਿਨ੍ਹਾਂ ਵੱਲੋਂ ਸਾਲਾਨਾ 60 ਹਜ਼ਾਰ ਤੋਂ ਵੱਧ ਮੁੱਲ ਦੀ ਫ਼ਸਲ ਵੇਚੀ ਗਈ ਸੀ। ਇਨ੍ਹਾਂ ‘ਚੋਂ ਕਰੀਬ 7 ਸੱਤ ਲੱਖ ਲੋਕ ਅਜਿਹੇ ਮਿਲੇ ਹਨ, ਜਿਨ੍ਹਾਂ ਦੀ ਸਾਲਾਨਾ ਆਮਦਨ 2 ਲੱਖ ਰੁਪਏ ਤੋਂ ਜ਼ਿਆਦਾ ਸੀ, ਪਰ ਇਸ ਸਕੀਮ ਦੇ ਲਾਭਪਾਤਰੀ ਬਣਨ ਲਈ ਉਨ੍ਹਾਂ ਆਮਦਨ ਹੱਦ ਸਾਲਾਨਾ 60 ਹਜ਼ਾਰ ਰੁਪਏ ਮਿਥੀ ਹੋਈ ਹੈ।
ਸੂਬਾ ਸਰਕਾਰ ਵੱਲੋਂ ਵਿੱਢੀ ਪੜਤਾਲ ਦੀ ਪਹਿਲੀ ਫਰਵਰੀ ਤੱਕ ਦੀ ਰਿਪੋਰਟ ‘ਤੇ ਨਜ਼ਰ ਮਾਰੀਏ ਤਾਂ 9391 ਰਾਸ਼ਨ ਕਾਰਡ ਰੱਦ ਕੀਤੇ ਜਾ ਚੁੱਕੇ ਹਨ। ਪੰਜਾਬ ਵਿਚ ਕੁੱਲ 40.68 ਲੱਖ ਰਾਸ਼ਨ ਕਾਰਡ ਹਨ, ਜਿਨ੍ਹਾਂ ‘ਚੋਂ 20.78 ਲੱਖ ਦੀ ਪੜਤਾਲ ਹੋ ਚੁੱਕੀ ਹੈ। ਇਸ ਪੜਤਾਲ ਵਿੱਚ 1.63 ਲੱਖ ਰਾਸ਼ਨ ਕਾਰਡ ਅਯੋਗ ਪਾਏ ਗਏ ਹਨ, ਜੋ ਕਰੀਬ 7.88 ਫ਼ੀਸਦ ਬਣਦੇ ਹਨ। ਹਾਲਾਂਕਿ ਹਾਲੇ ਸਿਰਫ਼ 51.08 ਫ਼ੀਸਦ ਕਾਰਡਾਂ ਦੀ ਹੀ ਪੜਤਾਲ ਦਾ ਰੰ ਨੇਪਰੇ ਚੜ੍ਹਿਆ ਹੈ।