-ਦੋ ਮਹੀਨਿਆਂ ‘ਚ ਕਰੀਬ 305 ਫੂਡ ਸੇਫ਼ਟੀ ਲਾਇਸੈਂਸ ਕੀਤੇ ਜਾਰੀ
ਮਾਲੇਰਕੋਟਲਾ 7 ਫਰਵਰੀ ( ਬੌਬੀ ਸਹਿਜਲ, ਧਰਮਿੰਦਰ)-ਸਹਾਇਕ ਕਮਿਸ਼ਨਰ ਮਾਲੇਰਕੋਟਲਾ ਗੁਰਮੀਤ ਕੁਮਾਰ ਨੇ ‘ਸੇਫ਼ ਫੂਡ ਐਂਡ ਹੈਲਦੀ ਡਾਇਟਜ਼’ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ ਕਿ ਜ਼ਿਲ੍ਹਾ ਪ੍ਰਾਸ਼ਸਨ ਆਮ ਜਨਤਾ ਨੂੰ ਸ਼ੁੱਧ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ । ਜ਼ਿਲ੍ਹਾ ਪ੍ਰਾਸ਼ਸਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਯੋਗ ਨਹੀਂ ਹੈ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਉਲੀਕੀ ਜਾਵੇਗੀ।ਉਨ੍ਹਾਂ ਕਿਹਾ ਕਿ ਫੁਡ ਸੇਫਟੀ ਅਧੀਨ ਖਾਣ-ਪੀਣ ਵਾਲੀਆਂ ਵਸਤੂਆਂ ਦਾ ਵਪਾਰ ਕਰਨ ਵਾਲਿਆਂ ਨੂੰ ਫੂਡ ਸੇਫ਼ਟੀ ਲਾਇਸੈਂਸ ਲੈਣਾ ਅਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਆਨਲਾਇਨ ਐੱਫ.ਐੱਸ.ਐੱਸ.ਏ.ਆਈ ਦੇ ਪੋਰਟਲ ਤੇ ਜਾ ਕੇ ਕੋਈ ਵੀ ਵਿਅਕਤੀ ਖੁਦ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦਾ ਹੈ ਅਤੇ ਅਪਲਾਈ ਕਰਨ ਉਪਰੰਤ ਦੋ ਦਿਨਾਂ ਦੇ ਅੰਦਰ-ਅੰਦਰ ਉਸ ਨੂੰ ਉਸ ਦੇ ਮੋਬਾਇਲ ਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਹੋ ਜਾਵੇਗਾ। ਗੁਰਮੀਤ ਕੁਮਾਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਜੇਕਰ ਕੋਈ ਵੀ ਦੁਕਾਨਦਾਰ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਕਰਦਾ ਜਾਂ ਲੋਕਾਂ ਦੀ ਸਿਹਤ ਨੂੰ ਖ਼ਤਰੇ ਵਿੱਚ ਪਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਬਜ਼ੀ ਮੰਡੀ ਵਿਖੇ ਲੱਗਣ ਵਾਲੀਆਂ ਰੇਹੜੀ ਵਾਲਿਆਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਦੇਣ ਲਈ ਕਿਹਾ। ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਖਾਣ ਪੀਣ ਵਾਲੀਆ ਵਸਤਾਂ ਦੀ ਵਿਕਰੀ ਅਤੇ ਉਤਪਾਦ ਕਰ ਰਹੇ ਅਦਾਰਿਆਂ ਦੀ ਚੈਕਿੰਗ ਵਧਾਉਣ ਅਤੇ ਫੂਡ ਸੈਂਪਲਿੰਗ ਵਧਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ । ਉਨ੍ਹਾਂ ਸਾਰੇ ਫੂਡ ਵਿਕਰੇਤਾ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫੂਡ ਤਿਆਰ ਕਰਨ ਵਾਲੇ ਮਾਲਿਕ ਜਾਂ ਮੁਲਾਜ਼ਮਾਂ ਨੂੰ ਇਹ ਟ੍ਰੇਨਿੰਗ ਜ਼ਰੂਰ ਕਰਵਾਉਣ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਖਰੀਦਦਾਰੀ ਦੌਰਾਨ ਕੋਈ ਵੀ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਇਸ ਦੀ ਸੂਚਨਾ ਦਫ਼ਤਰ ਸਿਵਲ ਸਰਜਨ ਮਾਲੇਰਕੋਟਲਾ ਵਿਖੇ ਸਹਾਇਕ ਕਮਿਸ਼ਨਰ ਫੂਡ ਸੇਫਟੀ ਨੂੰ ਦਫ਼ਤਰੀ ਸਮੇਂ ਦੌਰਾਨ ਦੇਣ ।ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਫੂਡ ਸ੍ਰੀਮਤੀ ਰਾਖੀ ਵਿਨਾੲਕ ਨੇ ਦੱਸਿਆ ਕਿ ਫੂਡ ਸੇਫ਼ਟੀ ਵਿਭਾਗ ਵੱਲੋਂ ਪਿਛਲੇ ਦੋ ਮਹੀਨਿਆਂ ‘ਚ ਕਰੀਬ 305 ਫੂਡ ਸੇਫ਼ਟੀ ਲਾਇਸੈਂਸ ਜਾਰੀ ਕੀਤੇ ਜਾ ਚੁੱਕੇ ਹਨ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਭਰ ਵਿੱਚ ਵੱਡੇ ਪੱਧਰ ’ਤੇ ਸੈਂਪਲਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਤੱਕ ਮਿਆਰੀ ਮਿਠਾਈਆਂ ਅਤੇ ਹੋਰ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਹੋ ਸਕਣ।ਮੀਟਿੰਗ ਵਿੱਚ ਡੀ.ਐਸ.ਪੀ ਰਣਜੀਤ ਸਿੰਘ , ਡਾ ਰਾਜੀਵ, ਫੂਡ ਸੇਫਟੀ ਅਫਸਰ ਸੰਦੀਪ, ਜੈਨ ਸਵੀਟਸ ਪ੍ਰੇਮ ਚੰਦ ਜੈਨ , ਪ੍ਰਧਾਨ ਕਰਿਆਣਾ ਐਸੋਸੀਏਸ਼ਨ ਦੇ ਪ੍ਰਧਾਨ ਅਹਿਮਦਗੜ੍ਹ ਪ੍ਰਮੋਦ ਗੁਪਤਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।