ਲੁਧਿਆਣਾ, 9 ਫਰਵਰੀ ( ਵਿਕਾਸ ਮਠਾੜੂ ) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਹਲਕਾ ਪੂਰਬੀ ਵਿੱਚ ਪੈਂਦੇਂ ਪੁੱਡਾ ਰੋਡ (ਚੰਡੀਗੜ੍ਹ ਰੋੜ ਤੋਂ ਤਾਜਪੁਰ ਰੋਡ ਤੱਕ) ਕਰੀਬ 2.24 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜ੍ਹਕ ਦੇ ਪੁਨਰ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ।ਵਿਧਾਇਕ ਗਰੇਵਾਲ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਲਕਾ ਪੂਰਬੀ ਵਿੱਚ ਇਸ ਵੇਲੇ ਵੱਖ-ਵੱਖ ਵਿਕਾਸ ਕਾਰਜ਼ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁੱਡਾ ਰੋਡ ਵਾਲੀ ਸੜ੍ਹਕ ਦੀ ਉਸਾਰੀ ਹਲਕੇ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ ਲਗਭਗ 2.24 ਕਰੋੜ ਰੁਪਏੇ ਦੀ ਲਾਗਤ ਆਵੇਗੀ ਅਤੇ ਇਸ ਦੇ ਮੁਕੰਮਲ ਹੋਣ ‘ਤੇ ਸ਼ਹਿਰ ਵਾਸੀਆਂ ਲਈ ਆਵਾਜਾਈ ਸੁਖਾਂਵੀ ਹੋ ਜਾਵੇਗੀ।ਵਿਧਾਇਕ ਭੋਲਾ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਹੋ ਜਾਵੇਗਾ ਅਤੇ ਉਹ ਰੋਜ਼ਾਨਾ ਨਿੱਜੀ ਤੌਰ ‘ਤੇ ਇਸ ਪ੍ਰੋਜੈਕਟ ਦੀ ਨਿਗਰਾਨੀ ਕਰਨਗੇ। ਉਨ੍ਹਾਂ ਵਸਨੀਕਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਇਸ ਪ੍ਰੋਜੈਕਟ ਲਈ ਉੱਤਮ ਕੁਆਲਟੀ ਦੀ ਸਮੱਗਰੀ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਤਕ ਫੰਡਾਂ ਦਾ ਨਿੱਕਾ ਪੈਸਾ ਵੀ ਵਿਅਰਥ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ ਕਿ ਬੁਨਿਆਦੀ ਢਾਂਚੇ ਦੀ ਅਪਗ੍ਰੇਡਿੰਗ, ਸਾਫ਼ ਅਤੇ ਸੁਰੱਖਿਅਤ ਵਾਤਾਵਰਣ ਅਤੇ ਲੋਕਾਂ ਲਈ ਮੁੱਢਲੀਆਂ ਸਹੂਲਤਾਂ ਦੀ ਵਿਵਸਥਾ ਦੁਆਰਾ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰੀਏ।