ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਆਪਣੀ ਗਾਇਕੀ ਨਾਲ ਕਰਨਗੇ ਦਰਸ਼ਕਾਂ ਦਾ ਮਨੋਰੰਜਨ
ਗੁਰਦਾਸਪੁਰ, 9 ਫਰਵਰੀ ( ਬੋਬੀ ਸਹਿਜਲ – ਧਰਮਿੰਦਰ): ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ 11 ਫਰਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ‘ਵਿਰਸਾ ਉਤਸਵ ਗੁਰਦਾਸਪੁਰ’ ਕਰਵਾਇਆ ਜਾ ਰਿਹਾ ਹੈ। ਵਿਰਸਾ ਉਤਸਵ ਦੀਆਂ ਤਿਆਰੀਆਂ ਸਬੰਧੀ ਅੱਜ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਅਤੇ ਸ. ਤਜਿੰਦਰਪਾਲ ਸਿੰਘ ਸੰਧੂ (ਸਾਬਕਾ ਏ.ਡੀ.ਸੀ.) ਅਤੇ ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਅਤੇ ਸ. ਤਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ 11 ਫਰਵਰੀ ਨੂੰ ਗੁਰਦਾਸਪੁਰ ਸ਼ਹਿਰ ਵਿਖੇ ਹੋ ਰਿਹਾ ‘ਵਿਰਸਾ ਉਤਸਵ-2023’ ਜ਼ਿਲ੍ਹਾ ਗੁਰਦਾਸਪੁਰ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਦੀ ਝਲਕ ਪੇਸ਼ ਕਰੇਗਾ। ਉਨ੍ਹਾਂ ਦੱਸਿਆ ਕਿ ਵਿਰਸਾ ਉਤਸਵ ਦੌਰਾਨ ਪ੍ਰਸਿੱਧ ਸੂਫੀ ਗਾਇਕ ਕੰਵਰ ਗਰੇਵਾਲ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ।ਤਜਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਵਿਰਸਾ ਉਤਸਵ ਦੀ ਸ਼ੁਰੂਆਤ 11 ਫਰਵਰੀ ਦੁਪਹਿਰ 12:00 ਵਜੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਹੋਵੇਗੀ। ਸਭ ਤੋਂ ਪਹਿਲਾਂ ਪਤੰਗਬਾਜ਼ੀ ਦਾ ਖੂਬਸੂਰਤ ਸ਼ੋਅ ਹੋਵੇਗਾ ਜਿਸ ਵਿੱਚ ਪਤੰਗਬਾਜ਼ਾਂ ਵੱਲੋਂ ਰੰਗ-ਬਰੰਗੀਆਂ ਅਤੇ ਵੱਖ-ਵੱਖ ਤਰਾਂ ਦੀ ਪਤੰਗਾਂ ਉਡਾਈਆਂ ਜਾਣਗੀਆਂ। ਇਸ ਤੋਂ ਉਪਰੰਤ ਬਾਅਦ ਦੁਪਹਿਰ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਗੀਤ-ਸੰਗੀਤ ਤੇ ਲੋਕ ਨਾਚਾਂ ਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਬਾਅਦ ਸ਼ਾਮ 5:00 ਤੋਂ 7:30 ਵਜੇ ਤੱਕ ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਕੰਵਰ ਗਰੇਵਾਲ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ।ਤਜਿੰਦਰਪਾਲ ਸਿੰਘ ਸੰਧੂ ਨੇ ਅੱਗੇ ਦੱਸਿਆ ਕਿ ਵਿਰਸਾ ਉਤਸਵ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਦਸਤਕਾਰੀ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਟਾਲ ਲਗਾਏ ਜਾਣਗੇ। ਇਸ ਦੇ ਨਾਲ ਹੀ ਸੈਲਫ ਹੈਲਪ ਗਰੁੱਪਾਂ ਦੇ ਉਤਪਾਦਾਂ ਨੂੰ ਵੀ ਮੇਲੇ ਵਿਚ ਸਥਾਨ ਦਿੱਤਾ ਜਾਵੇਗਾ। ਵਿਰਸਾ ਉਤਸਵ ਦੌਰਾਨ ਫੂਡ ਸਟਾਲਾਂ ਦੀ ਵੀ ਵਿਸ਼ੇਸ਼ ਤੌਰ ’ਤੇ ਵਿਵਸਥਾ ਕੀਤੀ ਜਾ ਰਹੀ ਹੈ, ਜਿਸ ਵਿਚ ਗੁਰਦਾਸਪੁਰ ਦੇ ਮਸ਼ਹੂਰ ਸਵਾਦੀ ਪਕਵਾਨਾਂ ਤੋਂ ਇਲਾਵਾ ਹੋਰ ਫੂਡ ਸਟਾਲ ਵੀ ਲਗਾਏ ਜਾਣਗੇ।ਸੰਧੂ ਨੇ ਦੱਸਿਆ ਕਿ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵਿਰਸਾ ਉਤਸਵ ਦੌਰਾਨ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਨਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਵਿਰਸਾ ਉਤਸਵ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
